ਵਿੱਤ ਮੰਤਰੀ ਹਰਪਾਲ ਚੀਮਾ ਨੇ ਖ਼ੁਦ ਟਰੈਕਟਰ ਚਲਾ ਕੇ ਕੀਤੀ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ
Sunday, May 22, 2022 - 04:48 PM (IST)
ਦਿੜ੍ਹਬਾ/ ਸੰਗਰੂਰ(ਬੇਦੀ,ਅਜੈ): ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ ਵੱਡੇ ਪੱਧਰ ਉੱਤੇ ਸਾਰਥਕ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਦੇ ਅਗਾਂਹਵਧੂ ਕਿਸਾਨ ਹਰਜੀਤ ਸਿੰਘ ਦੇ ਖੇਤ ਵਿੱਚ ਜਾ ਕੇ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਨ ਮਗਰੋਂ ਕੀਤਾ। ਚੀਮਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦੀ ਪਹਿਲਕਦਮੀ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਲਈ ਅਤੇ ਕੀਮਤੀ ਸੋਮੇ ਪਾਣੀ ਨੂੰ ਬਚਾਉਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਬੋਰਵੈੱਲ ’ਚ ਡਿੱਗੇ ਬੱਚੇ ਦੀ ਮਾਂ ਦਾ ਛਲਕਿਆ ਦਰਦ, ਰੋਂਦਿਆਂ ਬੋਲੀ, ‘ਬੋਰਵੈੱਲ ’ਚੋਂ ਮੈਨੂੰ ਪੁਕਾਰ ਰਿਹੈ’
ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਨਾ ਸਿਰਫ਼ ਪਾਣੀ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਬਲਕਿ ਮਾਨਵੀ ਸ਼ਕਤੀ ਦੀ ਵੀ ਘੱਟ ਖਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ ਬਿਜਾਈ ਦੇ ਰਵਾਇਤੀ ਤਰੀਕਿਆਂ ਵਾਂਗ ਖੇਤਾਂ ਚ ਕੱਦੂ ਕਰਨ ਅਤੇ ਪਾਣੀ ਖੜ੍ਹਾਉਣ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਜਿਹੇ ਸਾਰਥਕ ਉਪਰਾਲੇ ਸਮੇਂ ਦੀ ਅਹਿਮ ਲੋੜ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਲਈ ਮੁੱਖ ਮੰਤਰੀ ਦੀ ਪ੍ਰੇਰਨਾ ਸਦਕਾ ਕਿਸਾਨਾਂ ਵੱਲੋਂ ਵਧ ਚੜ੍ਹ ਕੇ ਇਸ ਤਕਨੀਕ ਨੂੰ ਅਪਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ’ਚ ਵੱਡੀ ਵਾਰਦਾਤ, ਸਾਬਕਾ ਫੌਜੀ ਨੂੰ ਕਤਲ ਕਰਨ ਤੋਂ ਬਾਅਦ ਘਰ ਨੇੜੇ ਸੁੱਟੀ ਲਾਸ਼
ਇਸ ਮੌਕੇ ਸਿੱਧੀ ਬਿਜਾਈ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਦੱਸਿਆ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਇਸ ਨਾਲ ਜਿੱਥੇ ਪਾਣੀ ਦੀ ਵੱਡੀ ਬਚਤ ਹੁੰਦੀ ਹੈ ਉਥੇ ਹੀ ਖਰਚਾ ਘੱਟ ਆਉਂਦਾ ਹੈ ਅਤੇ ਝਾੜ ਵਧੀਆ ਨਿਕਲਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਬਾਕੀ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵਧ ਚੜ ਕੇ ਅਪਣਾਉਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ- ਜਥੇਦਾਰ ਤੋਤਾ ਸਿੰਘ ਨੇ 1960 ’ਚ ਰੱਖਿਆ ਸੀ ਸਿਆਸਤ ’ਚ ਕਦਮ, ਪ੍ਰਕਾਸ਼ ਸਿੰਘ ਬਾਦਲ ਵੀ ਨਹੀਂ ਮੋੜਦੇ ਸੀ ਉਨ੍ਹਾਂ ਦੀ ਗੱਲ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।