ਵਿੱਤ ਮੰਤਰੀ ਚੀਮਾਂ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

Saturday, Sep 27, 2025 - 07:12 PM (IST)

ਵਿੱਤ ਮੰਤਰੀ ਚੀਮਾਂ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਚੰਡੀਗੜ੍ਹ  : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਨੂੰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਕੋਲ ਰੋਜ਼ਗਾਰ ਦੇ ਹੋਰ ਬਦਲ ਵੀ ਬਹੁਤ ਘੱਟ ਹੁੰਦੇ ਹਨ।

ਇਨ੍ਹਾਂ ਉੱਚ ਪੱਧਰੀ ਮੀਟਿੰਗਾਂ, ਜਿਸ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ, ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਕੁਲਵੰਤ ਸਿੰਘ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਵਿੱਤ ਅਜੇ ਅਰੋੜਾ ਅਤੇ ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ ਮੌਜੂਦ ਸਨ, ਦੌਰਾਨ ਵਿੱਤ ਮੰਤਰੀ ਨੇ ਦੋਵਾਂ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।

ਮੁਲਾਜ਼ਮ ਜਥੇਬੰਦੀਆਂ ਨਾਲ ਚਰਚਾ ਦੇ ਆਧਾਰ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਇੰਨ੍ਹਾਂ ਮੁਲਾਜਮਾਂ ਦੀਆਂ ਮੰਗਾਂ ਅਤੇ ਪ੍ਰੇਸ਼ਾਨੀਆਂ ਨੂੰ ਹੱਲ ਕਰਨ ਲਈ ਰਿਪੋਰਟ ਬਣਾ ਕੇ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰੇ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਉਨ੍ਹਾਂ ਬਿਮਾਰੀਆਂ ਅਤੇ ਸਿਹਤ ਸਬੰਧੀ ਚੁਣੌਤੀਆਂ ਦਾ ਖਾਸਤੌਰ 'ਤੇ ਜਿਕਰ ਕੀਤਾ ਜਾਵੇ, ਜਿੰਨਾ ਦਾ ਸੀਵਰਮੈਨ ਨੂੰ ਸਾਹਮਣਾ ਕਰਨਾ ਪੈਂਦਾ ਹੈ।


author

DILSHER

Content Editor

Related News