ਕੌਮੀ ਪਾਰਟੀ ਬਣਨ ਪਿੱਛੋਂ ‘ਆਪ’ ’ਚ ਕਾਂਗਰਸ ਤੇ ਭਾਜਪਾ ’ਚੋਂ ਆਉਣ ਵਾਲੇ ਆਗੂਆਂ ਦੀ ਗਿਣਤੀ ਵਧੀ: ਹਰਪਾਲ ਚੀਮਾ

Sunday, Apr 30, 2023 - 12:47 PM (IST)

ਕੌਮੀ ਪਾਰਟੀ ਬਣਨ ਪਿੱਛੋਂ ‘ਆਪ’ ’ਚ ਕਾਂਗਰਸ ਤੇ ਭਾਜਪਾ ’ਚੋਂ ਆਉਣ ਵਾਲੇ ਆਗੂਆਂ ਦੀ ਗਿਣਤੀ ਵਧੀ: ਹਰਪਾਲ ਚੀਮਾ

ਜਲੰਧਰ (ਧਵਨ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਪਾਰਟੀਆਂ ’ਤੇ ਸਿਆਸੀ ਹਮਲੇ ਤੇਜ਼ ਕਰਦੇ ਹੋਏ ਕਿਹਾ ਹੈ ਕਿ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਹੋ ਰਹੀ ਹੈ ਅਤੇ ਕਾਂਗਰਸ ਹੁਣ ਦੂਜੇ ਸਥਾਨ ਲਈ ਚੋਣ ਲੜ ਰਹੀ ਹੈ ਜਦੋਂਕਿ ਭਾਜਪਾ ਅਤੇ ਅਕਾਲੀ ਦਲ ਕਾਫ਼ੀ ਪਿੱਛੇ ਰਹਿ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਮੇਤ ਵਿਰੋਧੀ ਨੇਤਾਵਾਂ ਵੱਲੋਂ ਆਮ ਆਦਮੀ ਪਾਰਟੀ ’ਤੇ ਝੂਠੇ ਦੋਸ਼ ਲਾਏ ਜਾ ਰਹੇ ਹਨ ਕਿ ਜਲੰਧਰ ਵਿਚ ਸੱਤਾ ਅਤੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਪਰ ਅਸਲੀਅਤ ਇਹ ਹੈ ਕਿ ਇਹ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਆਪਣੀ ਜੇਬਾਂ ’ਚੋਂ ਲੜ ਰਹੇ ਹਨ। ਅਸੀਂ ਕਿਸੇ ਵੀ ਤਰ੍ਹਾਂ ਸੱਤਾ ਦੀ ਦੁਰਵਰਤੋਂ ਨਹੀਂ ਕਰ ਰਹੇ। ਆਮ ਆਦਮੀ ਪਾਰਟੀ ਹਾਲਾਂਕਿ ਕੌਮੀ ਪਾਰਟੀ ਬਣ ਚੁੱਕੀ ਹੈ, ਇਸ ਲਈ ਹੋਰ ਪਾਰਟੀਆਂ ਜਿਵੇਂ ਕਾਂਗਰਸ ਤੇ ਭਾਜਪਾ ’ਚੋਂ ‘ਆਪ’ ਵਿਚ ਸ਼ਾਮਲ ਹੋਣ ਵਾਲੇ ਨੇਤਾਵਾਂ ਦੀ ਗਿਣਤੀ ਵਧ ਚੁੱਕੀ ਹੈ।

ਇਹ ਵੀ ਪੜ੍ਹੋ :ਜਲੰਧਰ: ਸ਼ਾਪਿੰਗ ਮਾਲ ’ਚ ਖੁੱਲ੍ਹੇ ਸਪਾ ਸੈਂਟਰ 'ਚ ਵਿਦੇਸ਼ੀ ਕੁੜੀਆਂ ਤੋਂ ਕਰਵਾਇਆ ਜਾ ਰਿਹਾ ਜਿਸਮਫਰੋਸ਼ੀ ਦਾ ਧੰਦਾ

ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿਚ ਪਰਿਵਾਰਵਾਦ ਹਾਵੀ ਹੈ ਅਤੇ ਇਨ੍ਹਾਂ ਪਾਰਟੀਆਂ ਵਿਚ ਆਮ ਵਰਕਰਾਂ ਨੂੰ ਅੱਗੇ ਆਉਣ ਦਾ ਮੌਕਾ ਨਹੀਂ ਮਿਲਦਾ ਜਦਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਮ ਘਰਾਂ ਦੇ ਲੋਕ ਵੀ ਵਿਧਾਇਕ ਬਣ ਸਕਦੇ ਹਨ ਅਤੇ ਉਨ੍ਹਾਂ ਨੂੰ ਆਪਣਾ ਭਵਿੱਖ ਆਮ ਆਦਮੀ ਪਾਰਟੀ ਵਿਚ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਵੇ ਕਰਵਾਉਣ ਤੋਂ ਬਾਅਦ ਟਿਕਟਾਂ ਦਿੰਦੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕਾਂ ’ਤੇ ਡੂੰਘਾ ਅਸਰ ਪੈ ਰਿਹਾ ਹੈ, ਜੋ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੋਜ਼ਾਨਾ 2-3 ਥਾਵਾਂ ਦਾ ਦੌਰਾ ਕਰਦੇ ਹਨ ਅਤੇ ਨਾਲ ਹੀ ਆਪਣੇ ਦਫ਼ਤਰ ਵੀ ਜਾਂਦੇ ਹਨ। ਜਲੰਧਰ ਜ਼ਿਮਨੀ ਚੋਣ ਵਿਚ ‘ਆਪ’ ਦਾ ਪ੍ਰਦਰਸ਼ਨ ਚੰਗਾ ਰਹੇਗਾ। ਹੁਣ ਤਕ ਹੋਏ ਚੋਣ ਪ੍ਰਚਾਰ ਵਿਚ ਉਸ ਨੇ ਹੋਰ ਪਾਰਟੀਆਂ ਨੂੰ ਕਾਫ਼ੀ ਪਿੱਛੇ ਛੱਡ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਅਕਾਲੀ-ਭਾਜਪਾ ਦੇ ਗਠਜੋੜ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਇਹ ਬਿਆਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News