ਹਰਸਿਮਰਤ ਤੇ ਸੁਖਬੀਰ ਮਗਰਮੱਛ ਦੇ ਹੰਝੂ ਵਹਾਉਣਾ ਛੱਡ ਕੇ ਕੇਂਦਰ ਤੋਂ ਮੰਗਣ ਵਿਸ਼ੇਸ਼ ਰਾਹਤ ਪੈਕੇਜ : ਧਰਮਸੌਤ

Sunday, Aug 25, 2019 - 09:39 AM (IST)

ਚੰਡੀਗੜ੍ਹ (ਕਮਲ)—ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਵੱਲੋਂ ਪੰਜਾਬ ਸਰਕਾਰ ਦੁਆਰਾ ਹੜ੍ਹ ਪੀੜਤਾਂ ਦੀ ਸਾਰ ਨਾ ਲਏ ਜਾਣ ਦੇ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੰਬਰ ਵਨ ਗੱਪੀ ਹੈ, ਜਦਕਿ ਹਰਸਿਮਰਤ ਕੌਰ ਬਾਦਲ ਨੰਬਰ ਦੋ ਦੀ ਗੱਪੀ ਹੈ। ਉਨ੍ਹਾਂ ਹਰਸਿਮਰਤ ਕੌਰ ਬਾਦਲ ਉੱਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਲਈ ਆਫ਼ਤਾਂ ਸਬੰਧੀ ਕੋਈ ਫੰਡ ਨਹੀਂ ਦਿੱਤਾ ਗਿਆ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰ ਸਰਕਾਰ ਦੁਆਰਾ ਪੰਜਾਬ ਸਰਕਾਰ ਨੂੰ ਆਫ਼ਤਾਂ ਲਈ 447 ਕਰੋੜ ਦਾ ਫੰਡ ਦਿੱਤੇ ਜਾਣ ਸੰਬੰਧੀ ਕੀਤੀ ਜਾ ਰਹੀ ਬਿਆਨਬਾਜ਼ੀ ਕੋਰਾ ਝੂਠ ਹੈ । ਧਰਮਸੌਤ ਨੇ ਕਿਹਾ ਕਿਹਾ ਕਿ ਇਕ ਦਿਨ ਦਿੱਲੀ ਤੋਂ ਪੰਜਾਬ ਆ ਕੇ ਹੜਾਂ ਦੀ ਮਾਰ ਹੇਠ ਆਏ ਕੁੱਝ ਕੁ ਇਲਾਕਿਆਂ ਵਿਚ ਜਾ ਕੇ ਡਰਾਮੇਬਾਜ਼ੀ ਕਰ ਕੇ ਬੀਬੀ ਬਾਦਲ ਵੱਲੋਂ ਕਿਹਾ ਜਾ ਰਿਹਾ ਕਿ ਮੁੱਖ ਮੰਤਰੀ ਕੇਵਲ ਇਕ ਵਾਰ ਹੈਲੀਕਾਪਟਰ 'ਤੇ ਦੌਰਾ ਕਰਕੇ ਹੀ ਸਾਰ ਦਿੱਤਾ ਗਿਆ, ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਸ ਦਿਨ ਤੋਂ ਪੰਜਾਬ ਵਿਚ ਹੜ ਆਏ ਉਸ ਦਿਨ ਤੋਂ ਹੀ ਲਗਾਤਾਰ ਹੜ ਪ੍ਰਭਾਵਿਤ ਇਲਾਕਿਆਂ ਵਿਚ ਦੌਰੇ ਕਰਕੇ ਹੜ ਪੀੜਤਾਂ ਨਾਲ ਮੁਲਾਕਾਤ ਕਰ ਰਹੇ ਹਨ।

ਧਰਮਸੌਤ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ 1000 ਕਰੋੜ ਹੜ੍ਹ ਪੀੜਤਾਂ ਦੀ ਰਾਹਤ ਲਈ ਮੰਗਿਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਕੈਪਟਨ ਸਰਕਾਰ ਦੇ ਸਾਰੇ ਵਜ਼ੀਰਾਂ ਅਤੇ ਵਿਧਾਇਕਾਂ ਵੱਲੋਂ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਕੇ ਹਰ ਪ੍ਰਕਾਰ ਦੇ ਰਾਹਤ ਕਾਰਜ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ । ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਮਗਰਮੱਛ ਦੇ ਹੰਝੂ ਵਹਾਉਣ ਦੀ ਬਜਾਏ ਮੋਦੀ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਣਾ ਚਾਹੀਦਾ ਹੈ।


Shyna

Content Editor

Related News