ਹਜ਼ੂਰ ਸਾਹਿਬ ਤੇ ਪਟਨਾ ਸਾਹਿਬ ''ਚ ਫਸੇ ਸ਼ਰਧਾਲੂਆਂ ਨੂੰ ਲੈ ਕੇ ਹਰਸਿਮਰਤ ਨੇ ਪੀ. ਐਮ. ਨੂੰ ਕੀਤੀ ਅਪੀਲ

04/13/2020 10:15:47 PM

ਚੰਡੀਗੜ੍ਹ, (ਅਸ਼ਵਨੀ)— ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਰੇਲਵੇ ਮੰਤਰਾਲਾ ਨੂੰ ਤਿੰਨ ਹਫ਼ਤਿਆਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ, ਪਟਨਾ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਵਿਸ਼ੇਸ਼ ਰੇਲਗੱਡੀਆਂ ਦਾ ਪ੍ਰਬੰਧ ਕਰਨ ਲਈ ਆਖਣ। ਪ੍ਰਧਾਨ ਮੰਤਰੀ ਨੂੰ ਲਿਖੀ ਇਕ ਚਿੱਠੀ 'ਚ ਕੇਂਦਰੀ ਮੰਤਰੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਕਰੀਬ ਤਿੰਨ ਹਜ਼ਾਰ ਸ਼ਰਧਾਲੂ ਅਤੇ ਸ੍ਰੀ ਪਟਨਾ ਸਾਹਿਬ ਵਿਖੇ ਕਰੀਬ ਦੋ ਹਜ਼ਾਰ ਸ਼ਰਧਾਲੂ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਤਾਲਾਬੰਦੀ 'ਚ ਵਾਧਾ ਹੋਣ ਕਰ ਕੇ ਇਨ੍ਹਾਂ ਸ਼ਰਧਾਲੂਆਂ, ਜਿਨ੍ਹਾਂ 'ਚ ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਹਨ, ਨੂੰ ਭਾਰੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੋਵੇਂ ਸਥਾਨਾਂ 'ਤੇ ਉਹ ਗੁਰਦੁਆਰਾ ਸਾਹਿਬ ਅੰਦਰ ਬੰਦ ਹੋ ਕੇ ਰਹਿ ਗਏ ਹਨ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਲਈ ਖਾਣੇ ਅਤੇ ਰਹਿਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਹਰਸਿਮਰਤ ਨੇ ਚਿੱਠੀ 'ਚ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਹੁਣ 15 ਅਪ੍ਰੈਲ ਤੋਂ ਵਾਢੀ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ, ਜਿਸ ਕਰ ਕੇ ਇਨ੍ਹਾਂ ਸ਼ਰਧਾਲੂਆਂ ਦੀ ਘਰਾਂ 'ਚ ਵਾਪਸੀ ਕਰਵਾਉਣਾ ਹੋਰ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਸਾਰੇ ਸਾਲ ਦੀ ਆਮਦਨ ਕਣਕ ਦੀ ਫਸਲ 'ਤੇ ਨਿਰਭਰ ਕਰਦੀ ਹੈ, ਜੋ ਕਿ ਉਨ੍ਹਾਂ ਦੇ ਰੋਜ਼ਗਾਰ ਦਾ ਇਕਲੌਤਾ ਵਸੀਲਾ ਹੈ। ਹੋਰ ਜਾਣਕਾਰੀ ਦਿੰਦਿਆਂ ਹਰਸਿਮਰਤ ਨੇ ਕਿਹਾ ਕਿ ਭਾਵੇਂ ਕਿ ਸਿੱਖ ਸ਼ਰਧਾਲੂਆਂ ਨੂੰ ਮਹਾਰਾਸ਼ਟਰ ਅਤੇ ਬਿਹਾਰ ਵਿਖੇ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ ਪਰ ਪੰਜਾਬ ਲਈ ਰੇਲਗੱਡੀਆਂ 'ਚ ਚੜ੍ਹਾਉਣ ਤੋਂ ਪਹਿਲਾਂ ਉਨ੍ਹਾਂ ਦੀ ਸਕ੍ਰੀਨਿੰਗ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਸ਼ਰਧਾਲੂ ਪੰਜਾਬ ਪਹੁੰਚ ਜਾਂਦੇ ਹਨ ਤਾਂ ਇਨ੍ਹਾਂ ਨੂੰ ਅੱਗੇ ਘਰਾਂ ਤੱਕ ਪਹੁੰਚਾਉਣ ਦਾ ਬੰਦੋਬਸਤ ਕਰਨ ਲਈ ਸੂਬਾ ਸਰਕਾਰ ਨੂੰ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਤੌਰ 'ਤੇ ਪਿੰਡਾਂ 'ਚ ਜਾਣ ਤੋਂ ਪਹਿਲਾਂ ਇਨ੍ਹਾਂ ਸ਼ਰਧਾਲੂਆਂ ਦੀ ਇਕ ਵਾਰ ਫਿਰ ਸਕ੍ਰੀਨਿੰਗ ਕੀਤੀ ਜਾ ਸਕਦੀ ਹੈ।


KamalJeet Singh

Content Editor

Related News