ਹਰਸਿਮਰਤ ਬਾਦਲ ਵੱਲੋਂ ਅਮਿਤਾਭ ਸਿਨਹਾ ਨੂੰ ਮੁਅੱਤਲ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

05/03/2018 2:03:05 AM

ਚੰਡੀਗੜ੍ਹ (ਬਿਊਰੋ) - ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਦਿਆਲ ਸਿੰਘ ਕਾਲਜ, ਦਿੱਲੀ ਦੀ ਨਾਂ-ਬਦਲੀ ਨਾ ਕੀਤੇ ਜਾਣ ਸਬੰਧੀ ਦਿੱਤੀ ਵਚਨਬੱਧਤਾ ਦੀ ਖਿਲ਼ਾਫਵਰਜੀ ਕਰਨ ਲਈ ਦਿਆਲ ਸਿੰਘ ਕਾਲਜ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਅਮਿਤਾਭ ਸਿਨਹਾ ਨੂੰ ਮੁਅੱਤਲ ਕਰ ਦੇਣ।
ਬੀਬੀ ਹਰਸਿਮਰਤ ਬਾਦਲ ਨੇ ਅੱਜ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ 16 ਜਨਵਰੀ ਨੂੰ ਮਨੁੱਖੀ ਸਰੋਤ ਵਿਕਾਸ ਮੰਤਰੀ ਸ਼੍ਰੀ ਪ੍ਰਕਾਸ਼ ਜਾਵਡੇਕਰ ਵੱਲੋਂ ਲਿਖ਼ਤੀ ਰੂਪ ਵਿਚ ਭਰੋਸਾ ਦਿੱਤਾ ਗਿਆ ਸੀ ਕਿ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ ਪਰ ਇਸ ਦੇ ਬਾਵਜੂਦ ਕਾਲਜ ਦੀ ਮੈਨੇਜਮੈਂਟ ਨੇ 25 ਅਪ੍ਰੈਲ ਨੂੰ ਆਪਣੇ ਇਨਾਮ ਵੰਡ ਸਮਾਰੋਹ ਮੌਕੇ ਕਾਲਜ ਦਾ ਨਾਂ ਬਦਲਦਿਆਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਦੇ ਬੈਨਰ ਲਾ ਕੇ ਜਾਣ-ਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਹੈ। ਉਨ੍ਹਾਂ ਕਿਹਾ ਕਿ ਅਮਿਤਾਭ ਸਿਨਹਾ ਜਾਣ-ਬੁੱਝ ਕੇ ਉਘੇ ਪਰਉਪਕਾਰੀ ਦਿਆਲ ਸਿੰਘ ਮਜੀਠੀਆ ਦੀ ਵਿਰਾਸਤ ਨੂੰ ਖਤਮ ਕਰਨ ਲਈ ਵੰਦੇ ਮਾਤਰਮ ਨਾਂ ਦਾ ਇਸਤੇਮਾਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਦਾਰ ਮਜੀਠੀਆ ਇਕ ਉੱਘੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਆਪਣੀ ਸਾਰੀ ਦੌਲਤ ਲੋਕਾਂ ਦੀ ਭਲਾਈ ਦੇ ਕੰਮਾਂ ਵਾਸਤੇ ਦਾਨ ਕਰ ਦਿੱਤੀ ਸੀ। ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਯੋਗੇਸ਼ ਕੁਮਾਰ ਤਿਆਗੀ ਖ਼ਿਲਾਫ ਵੀ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤਿਆਗੀ ਨੇ ਅਸਿੱਧੇ ਤੌਰ 'ਤੇ ਅਮਿਤਾਭ ਸਿਨਹਾ ਦੀ ਮਦਦ ਕੀਤੀ ਹੈ ਅਤੇ ਸਿਨਹਾ ਖਿਲਾਫ ਬਹੁਤ ਸਾਰੀਆਂ ਸ਼ਿਕਾਇਤਾਂ ਆਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਿਛਲੇ ਸਾਲ 17 ਨਵੰਬਰ ਨੂੰ ਕਾਲਜ ਦੀ ਗਵਰਨਿੰਗ ਕੌਂਸਲ ਵੱਲੋਂ ਇਸ ਦਾ ਨਾਂ ਵੰਦੇ ਮਾਤਰਮ ਕਾਲਜ ਰੱਖ ਕੇ ਕਾਲਜ ਤਬਾਦਲਾ ਸੰਧੀ ਦੀ ਵੀ ਉਲੰਘਣਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਤਬਾਦਲਾ ਸੰਧੀ ਵਿਚ ਸਪੱਸ਼ਟ ਲਿਖਿਆ ਸੀ ਕਿ ਇਹ ਸੰਸਥਾ 1978 ਵਿਚ ਦਿੱਲੀ ਯੂਨੀਵਰਸਿਟੀ ਦੇ ਪ੍ਰਬੰਧਾਂ ਹੇਠ ਚਲੇ ਜਾਣ ਮਗਰੋਂ ਵੀ ਇਸੇ ਨਾਂ ਨਾਲ ਜਾਣੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜਿਸ ਜ਼ਮੀਨ 'ਤੇ ਇਹ ਕਾਲਜ ਬਣਿਆ ਹੋਇਆ ਹੈ, ਉਹ ਅਜੇ ਵੀ ਦਿਆਲ ਸਿੰਘ ਕਾਲਜ ਟਰੱਸਟ ਸੁਸਾਇਟੀ ਦੇ ਨਾਂ ਉਪਰ ਹੈ।
ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਕਾਲਜ ਦੀਆਂ ਗਵਰਨਿੰਗ ਕੌਂਸਲ ਦੀਆਂ ਕਾਰਵਾਈਆਂ ਨੂੰ ਇਕ ਘੱਟ ਗਿਣਤੀ ਖਿਲ਼ਾਫ ਧੱਕੇਸ਼ਾਹੀ ਵਜੋਂ ਵੇਖਿਆ ਜਾ ਰਿਹਾ ਹੈ। ਇਸ ਪ੍ਰਭਾਵ ਨੂੰ ਤੁਰੰਤ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਇਹ ਮੁੱਦਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਣ ਤੋਂ ਇਲਾਵਾ ਸਰਦਾਰ ਦਿਆਲ ਸਿੰਘ ਦੀ ਯਾਦ ਲਈ ਬਣਦੇ ਸਨਮਾਨ ਨਾਲ ਵੀ ਜੁੜਿਆ ਹੈ। ਬੀਬੀ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਤੌਖਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਇਸ ਮਾਮਲੇ ਦੀ ਪੜਤਾਲ ਕਰਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।


Related News