ਹਰਸਿਮਰਤ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ, MSP ਦੀ ਗਾਰੰਟੀ ਸਣੇ ਚੁੱਕੇ ਕਈ ਮੁੱਦੇ

Sunday, Jun 18, 2023 - 06:46 PM (IST)

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਖੇਤੀਬਾੜੀ ਜਿਣਸਾਂ ’ਤੇ ਲਾਗਤ ’ਤੇ 50 ਫ਼ੀਸਦੀ ਮੁਨਾਫੇ ਅਨੁਸਾਰ ਐੱਮ. ਐੱਸ. ਪੀ. ਦੀ ਗਾਰੰਟੀ ਦੇਣ ਅਤੇ ਆਖਿਆ ਕਿ ਨਵੰਬਰ 2021 ਵਿਚ ਜਦੋਂ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਨੇ ਆਪਣਾ ਅੰਦੋਲਨ ਖ਼ਤਮ ਕੀਤਾ ਸੀ, ਉਸ ਵੇਲੇ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ। ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖੇ ਪੱਤਰ ਵਿਚ ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਸ ਵੇਲੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਖਾਰਿਜ ਕਰਨ ਦਾ ਐਲਾਨ ਕੀਤਾ ਗਿਆ ਤੇ ਉਸ ਮਗਰੋਂ ਕਿਸਾਨਾਂ ਨੇ ਦਿੱਲੀ ਦਾ ਰਸਤਾ ਖੋਲ੍ਹਦਿਆਂ ਅੰਦੋਲਨ ਖ਼ਤਮ ਕੀਤਾ ਤਾਂ ਉਸ ਵੇਲੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪਿਛਲੇ 18 ਮਹੀਨਿਆਂ ਤੋਂ ਹੁਣ ਤੱਕ ਪੂਰੇ ਨਹੀਂ ਕੀਤੇ ਗਏ।

ਇਹ ਖ਼ਬਰ ਵੀ ਪੜ੍ਹੋ : 500 ਰੁਪਏ ਦੇ ਨੋਟ ਗ਼ਾਇਬ ਹੋਣ ਦੀਆਂ ਰਿਪੋਰਟਾਂ ਦਰਮਿਆਨ RBI ਦਾ ਵੱਡਾ ਬਿਆਨ, ਕਹੀ ਇਹ ਗੱਲ

ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀ ਕਿ  ਉਹ ‘ਅੰਨਦਾਤਾ’ ਨਾਲ ਕੀਤੇ ਵਾਅਦੇ ਪੂਰੇ ਕਰਨ। ਉਨ੍ਹਾਂ ਕਿਹਾ ਕਿ ਐੱਮ. ਐੱਸ. ਪੀ. ਦੀ ਗਾਰੰਟੀ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ ਅਤੇ ਇਸ ਵਾਸਤੇ ਸਰਕਾਰ ਐੱਮ. ਐੱਸ. ਪੀ. ਬਾਰੇ ਬਣਾਈ ਕਮੇਟੀ ਦੇ ਨਿਯਮਾਂ ਤੇ ਉਦੇਸ਼ਾਂ ਵਿਚ ਸੋਧ ਕਰਦਿਆਂ ਇਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਸ਼ਾਮਲ ਕਰੇ। ਉਨ੍ਹਾਂ ਕਿਹਾ ਕਿ ਕਮੇਟੀ ਦੇ ਨਿਯਮ ਤੇ ਮੰਤਵ ਸਰਕਾਰ ਦੇ ਕੀਤੇ ਵਾਅਦੇ ਅਨੁਸਾਰ ਐੱਮ. ਐੱਸ. ਪੀ. ਦੀ ਗਾਰੰਟੀ ਲਾਗੂ ਕਰਨਾ ਹੋਣਾ ਚਾਹੀਦਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਬਠਿੰਡਾ ਦੇ ਐੱਮ. ਪੀ. ਨੂੰ ਸੌਂਪੇ ਮੰਗ ਪੱਤਰ ਵਿਚਲੇ ਹੋਰ ਮੁੱਦੇ ਚੁੱਕਦਿਆਂ ਬਾਦਲ ਨੇ ਮੰਗ ਪੱਤਰ ਖੇਤੀਬਾੜੀ ਮੰਤਰੀ ਨੂੰ ਭੇਜਿਆ ਅਤੇ ਕਿਹਾ ਕਿ ਇਹ ਅਸਲੀਅਤ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਿਣਸਾਂ ਦੇ ਉਤਪਾਦਨ ’ਤੇ ਆਉਂਦੀ ਲਾਗਤ ਵਿਚ ਵਾਧਾ ਹੋਣ ਮਗਰੋਂ ਢੁੱਕਵਾਂ ਭਾਅ ਨਹੀਂ ਮਿਲ ਰਿਹਾ।

ਇਹ ਖ਼ਬਰ ਵੀ ਪੜ੍ਹੋ : ਕਰੋੜਾਂ ਦੀ ਲੁੱਟ ਮਗਰੋਂ ‘ਡਾਕੂ ਹਸੀਨਾ’ ਤੇ ਪਤੀ ਕਿਉਂ ਗਏ ਸ੍ਰੀ ਹੇਮਕੁੰਟ ਸਾਹਿਬ, ਪੁਲਸ ਕਮਿਸ਼ਨਰ ਨੇ ਕੀਤਾ ਖ਼ੁਲਾਸਾ

ਇਸ ਕਾਰਨ ਕਰਜ਼ੇ ਦੇ ਜਾਲ ਵਿਚ ਹੋਰ ਉਲਝਦੇ ਜਾ ਰਹੇ ਹਨ ਤੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤ ਨੂੰ ਦਰੁੱਸਤ ਕਰਨ ਵਾਸਤੇ ਇਕ ਵਿਆਪਕ ਕਿਸਾਨ ਕਰਜ਼ਾ ਮੁਆਫੀ ਸਕੀਮ ਦੀ ਲੋੜ ਹੈ। ਕਿਸਾਨਾਂ ਦੀਆਂ ਹੋਰ ਮੰਗਾਂ ਚੁੱਕਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਕਿਸਾਨ ਇਹ ਮਹਿਸੂਸ ਕਰ ਰਹੇ ਹਨ ਕਿ ਲਖੀਮਪੁਰ ਖੀਰੀ ਮਾਮਲੇ ਵਿਚ ਉਨ੍ਹਾਂ ਨੂੰ ਨਿਆਂ ਨਹੀਂ ਮਿਲਿਆ। ਇਸ ਘਟਨਾ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ 4 ਕਿਸਾਨਾਂ ਤੇ ਇਕ ਪੱਤਰਕਾਰ ਨੂੰ ਗੱਡੀ ਹੇਠ ਕੁਚਲ ਦਿੱਤਾ ਸੀ। ਉਨ੍ਹਾਂ ਕਿਹਾ ਕਿ ਨਾ ਤਾਂ ਮੰਤਰੀ ਨੂੰ ਵਜ਼ਾਰਤ ’ਚੋਂ ਹਟਾਇਆ ਗਿਆ ਤੇ ਨਾ ਹੀ ਮਾਸੂਮ ਕਿਸਾਨਾਂ ਖਿਲਾਫ਼ ਦਰਜ ਕੇਸ ਵਾਪਸ ਲਏ ਗਏ ਹਨ।

ਇਹ ਖ਼ਬਰ ਵੀ ਪੜ੍ਹੋ : 500 ਰੁਪਏ ਦੇ 88 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨੋਟ ਹੋਏ ਗ਼ਾਇਬ, ਨਹੀਂ ਮਿਲ ਰਿਹਾ ਕੋਈ ਹਿਸਾਬ, RTI ’ਚ ਖ਼ੁਲਾਸਾ

ਉਨ੍ਹਾਂ ਕਿਹਾ ਕਿ ਮਾਸੂਮ ਕਿਸਾਨਾਂ ਨਾਲ ਹੋਈ ਵਧੀਕੀ ਨੂੰ ਮੰਨਦਿਆਂ ਢੁੱਕਵੀਂ ਕਾਰਵਾਈ ਹੋਣੀ ਚਾਹੀਦੀ ਹੈ ਤੇ ਕਿਸਾਨਾਂ ਦੀਆਂ ਭਾਵਨਾਵਾਂ ਅਨੁਸਾਰ ਕੇਂਦਰੀ ਮੰਤਰੀ ਨੂੰ ਵਜ਼ਾਰਤ ’ਚੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ। ਬਠਿੰਡਾ ਦੇ ਐੱਮ. ਪੀ. ਨੇ ਕਿਹਾ ਕਿ ਕਿਸਾਨ ਇਹ ਵੀ ਚਾਹੁੰਦੇ ਹਨ ਕਿ ਬਿਜਲੀ ਸੁਧਾਰ ਬਿੱਲ 2022 ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ 9 ਦਸੰਬਰ 2021 ਨੂੰ ਸੰਯੁਕਤ ਕਿਸਾਨ ਮੋਰਚੇ ਨੂੰ ਲਿਖਤੀ ਭਰੋਸਾ ਵੀ ਦੁਆਇਆ ਗਿਆ ਸੀ ਤੇ ਕਿਹਾ ਗਿਆ ਸੀ ਕਿ ਇਹ ਬਿੱਲ ਕਿਸਾਨਾਂ ਨਾਲ ਵਿਆਪਕ ਵਿਚਾਰ ਵਟਾਂਦਰਾ ਕਰਨ ਉਪਰੰਤ ਹੀ ਸੰਸਦ ਵਿਚ ਪੇਸ਼ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਕੀਤਾ ਗਿਆ। ਬਾਦਲ ਨੇ ਵਿਆਪਕ ਤੇ ਚੰਗੀ ਫਸਲ ਬੀਮਾ ਯੋਜਨਾ ਲਿਆਉਣ ਦੀ ਵੀ ਮੰਗ ਕੀਤੀ ਤਾਂ ਜੋ ਸੋਕੇ, ਹੜ੍ਹਾਂ, ਝੱਖੜ ਚੱਲਣ ਜਾਂ ਹੋਰ ਕੁਦਰਤੀ ਆਫਤਾਂ ਦੇ ਹਾਲਾਤ ਵਿਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਮਿਲ ਸਕੇ। ਉਨ੍ਹਾਂ ਨੇ ਖੇਤੀਬਾੜੀ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਅੰਸ਼ਿਕ ਤੇ ਛੋਟੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਉਨ੍ਹਾਂ ਨੇ ਭਾਜਪਾ ਦੇ ਰਾਜ ਵਾਲੇ ਸਾਰੇ ਸੂਬਿਆਂ ’ਚੋਂ ਕਿਸਾਨਾਂ ਖਿਲਾਫ਼ ਦਰਜ ਸਾਰੇ ਕੇਸ ਵਾਪਸ ਲੈਣ ਦੀ ਵੀ ਮੰਗ ਕੀਤੀ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 800 ਕਿਸਾਨਾਂ ਦੇ ਪਰਿਵਾਰਾਂ ਲਈ ਢੁੱਕਵਾਂ ਮੁਆਵਜ਼ਾ ਦੇਣ ਤੇ ਉਨ੍ਹਾਂ ਦੀ ਯਾਦਗਾਰ ਉਸਾਰਨ ਦੀ ਵੀ ਮੰਗ ਕੀਤੀ।


Manoj

Content Editor

Related News