ਹਰਸਿਮਰਤ ਬਾਦਲ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ, ਬਠਿੰਡਾ-ਦਿੱਲੀ ਸ਼ਤਾਬਦੀ ਮੁੜ ਸ਼ੁਰੂ ਕਰਨ ਦੀ ਵੀ ਕੀਤੀ ਅਪੀਲ
Sunday, Dec 17, 2023 - 08:44 AM (IST)
ਜਲੰਧਰ ( ਲਾਭ ਸਿੰਘ ਸਿੱਧੂ)- ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐੱਮ.ਪੀ. ਹਰਸਿਮਰਤ ਕੌਰ ਬਾਦਲ ਨੇ ਸ਼ਨੀਵਾਰ ਨੂੰ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਨੂੰ ਅਪੀਲ ਕੀਤੀ ਕਿ ਵਾਰਾਨਸੀ ਜਾ ਕੇ ਗੁਰੂ ਰਵਿਦਾਸ ਜੀ ਦੇ ਅਸਥਾਨ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਵਾਸਤੇ ਬਠਿੰਡਾ-ਵਾਰਾਨਸੀ ਰੇਲ ਗੱਡੀ ਸ਼ੁਰੂ ਕੀਤੀ ਜਾਵੇ ਅਤੇ ਅਗਲੇ ਸਾਲ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਮੌਕੇ ਦਰਸ਼ਨ ਵਾਸਤੇ ਜਾਣ ਵਾਲੇ ਸ਼ਰਧਾਲੂਆਂ ਲਈ ਕਿਰਾਏ ਵਿਚ 75 ਫੀਸਦੀ ਛੋਟ ਦਿੱਤੀ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰਨੀ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਬੇਨਤੀ ਪੱਤਰ ਪ੍ਰਾਪਤ ਹੋਏ ਹਨ ਕਿ ਵਾਇਆ ਦਿੱਲੀ ਬਠਿੰਡਾ-ਵਾਰਾਨਸੀ ਰੇਲ ਗੱਡੀ ਸ਼ੁਰੂ ਹੋਣੀ ਚਾਹੀਦੀ ਹੈ ਤਾਂ ਜੋ ਗੁਰੂ ਰਵਿਦਾਸ ਜੀ ਦੇ ਅਸਥਾਨ ਦੇ ਦਰਸ਼ਨਾਂ ਵਾਸਤੇ ਸ਼ਰਧਾਲੂ ਸਾਰਾ ਸਾਲ ਜਾ ਸਕਣ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਨੂੰ ਗੁਰੂ ਰਵਿਦਾਸ ਸੇਵਾ ਸਭਾ ਬਠਿੰਡਾ ਨੇ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਅਗਲੇ ਸਾਲ ਦੇ ਸ਼ੁਰੂ ਵਿਚ 24 ਫਰਵਰੀ ਨੂੰ ਗੁਰੂ ਰਵਿਦਾਸ ਜੀ ਦਾ 647ਵਾਂ ਪ੍ਰਕਾਸ਼ ਪੁਰਬ ਹੈ ਜੋ 25 ਜਨਵਰੀ ਤੋਂ 28 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ ਜਿਸ ਲਈ ਸ਼ਰਧਾਲੂ ਰੇਲ ਗੱਡੀ ਵਿਚ ਸੈਕਿੰਡ ਕਲਾਸ ਸਲੀਪਰ ਵਿਚ ਸਫ਼ਰ ਕਰਨਗੇ ਜਿਸ ਵਾਸਤੇ ਕਿਰਾਏ ਵਿਚ 75 ਫੀਸਦੀ ਛੋਟ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਰੇਲ ਮੰਤਰੀ ਨੂੰ ਬੇਨਤੀ ਕੀਤੀ ਕਿ ਕਿਉਂਕਿ ਅਜਿਹੀਆਂ ਛੋਟਾਂ ਸ਼ਰਧਾਲੂਆਂ ਨੂੰ ਪਹਿਲਾਂ ਵੀ ਦਿੱਤੀਆਂ ਜਾਂਦੀਆਂ ਰਹੀਆਂ ਹਨ ਤਾਂ ਇਹ ਛੋਟ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਸ੍ਰੀ ਅਸ਼ਵਨੀ ਵੈਸ਼ਨਵ ਨੂੰ ਅਪੀਲ ਕੀਤੀ ਕਿ ਉਹ ਇਸ ਵਾਸਤੇ ਅਧਿਕਾਰੀਆਂ ਨੂੰ ਲੋੜੀਂਦੇ ਹੁਕਮ ਜਾਰੀ ਕਰਨ ਤਾਂ ਜੋ ਸ਼ਰਧਾਲੂਆਂ ਨੂੰ ਆਪਣੀਆਂ ਸੀਟਾਂ ਰਾਖਵੀਂਆਂ ਕਰਨ ਵਿਚ ਕੋਈ ਮੁਸ਼ਕਿਲ ਨਾ ਆਵੇ। ਸਰਦਾਰਨੀ ਬਾਦਲ ਨੇ ਇਹ ਵੀ ਅਪੀਲ ਕੀਤੀ ਕਿ ਬਠਿੰਡਾ-ਦਿੱਲੀ ਬਠਿੰਡਾ ਹਫਤੇ ਵਿਚ ਦੋ ਵਾਰ ਚੱਲਦੀ ਸ਼ਤਾਬਦੀ ਜੋ 2014 ਵਿਚ ਸ਼ੁਰੂ ਕੀਤੀ ਗਈ ਸੀ ਤੇ 2016 ਵਿਚ ਫਿਰੋਜ਼ਪੁਰ ਛਾਉਣੀ ਤੱਕ ਵਧਾਈ ਗਈ ਸੀ, ਨੂੰ ਕੋਰੋਨਾ ਕਾਲ ਵਿਚ ਬੰਦ ਕਰ ਦਿੱਤਾ ਗਿਆ ਸੀ। ਇਸ ਰੇਲ ਗੱਡੀ ਨੂੰ ਮੁੜ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਏਮਜ਼ ਬਠਿੰਡਾ ਦੇ ਡਾਕਟਰਾਂ ਨੇ ਵੀ ਇਸ ਸਬੰਧ ਵਿਚ ਮੰਗ ਪੱਤਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8