PU ਦੇ ਮੁੱਦੇ 'ਤੇ ਹਰਸਿਮਰਤ ਬਾਦਲ ਦੀ ਕੇਂਦਰ ਨੂੰ ਖ਼ਾਸ ਅਪੀਲ, ਜਾਣੋ ਕੀ ਕਿਹਾ
Tuesday, Dec 17, 2024 - 05:07 PM (IST)
ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ ਵਧਾਈ ਜਾਵੇ ਅਤੇ ਸੈਨੇਟ ਚੋਣਾਂ ਲਈ ਸਮਾਂ ਸਾਰਣੀ ਘੋਸ਼ਿਤ ਕੀਤੀ ਜਾਵੇ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਪੱਤਰ 'ਚ ਹਰਸਿਮਰਤ ਬਾਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ ਅਤੇ ਇਹ ਚੋਣਾਂ ਪਿਛਲੇ 31 ਅਕਤੂਬਰ ਨੂੰ ਸੈਨੇਟ ਦੀ ਮਿਆਦ ਪੂਰੀ ਹੋਣ ਦੇ ਬਾਵਜੂਦ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਯੂਨੀਵਰਸਿਟੀ ਦੇ ਪ੍ਰਸ਼ਾਸਨ 'ਚ ਪੰਜਾਬ ਦੀ ਹਿੱਸੇਦਾਰੀ ਘਟਾਉਣ ਵਾਸਤੇ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬੰਦ ਹੋਣਗੇ ਰਾਸ਼ਨ ਕਾਰਡ! ਵੱਡਾ ਫ਼ੈਸਲਾ ਲੈਣ ਜਾ ਰਹੀ ਸਰਕਾਰ
ਉਨ੍ਹਾਂ ਕਿਹਾ ਕਿ ਸੈਨੇਟ 1904 ਤੋਂ ਪੰਜਾਬ ਯੂਨੀਵਰਸਿਟੀ ਦਾ ਪ੍ਰਸ਼ਾਸਨ ਚਲਾਉਣ ਵਾਲੀ ਗਵਰਨਿੰਗ ਬਾਡੀ ਹੈ ਅਤੇ ਇਸੇ ਤਰੀਕੇ ਰਹਿਣੀ ਚਾਹੀਦੀ ਹੈ। ਹਰਸਿਮਰਤ ਬਾਦਲ ਨੇ ਪੰਜਾਬ ਯੂਨੀਵਰਸਿਟੀ 'ਚ ਪੰਜਾਬ ਦੀ ਭੂਮਿਕਾ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ 201 ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਸ ਸਦਕਾ ਪ੍ਰੀਖਿਆ ਫ਼ੀਸ ਅਤੇ ਪੰਜਾਬ ਸਰਕਾਰ ਦੀ 40 ਫ਼ੀਸਦੀ ਫੰਡਿੰਗ ਸਮੇਤ 200 ਕਰੋੜ ਰੁਪਏ ਪੰਜਾਬ ਯੂਨੀਵਰਸਿਟੀ ਨੂੰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਾਕੀ ਦੀ 60 ਫ਼ੀਸਦੀ ਫੰਡਿੰਗ ਕੇਂਦਰ ਸਰਕਾਰ ਕਰਦੀ ਹੈ, ਜੋ ਕਿ ਜ਼ਿਆਦਾਤਰ ਪੰਜਾਬ ਦੇ ਟੈਕਸਾਂ ਤੋਂ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਆਰਥਿਕ ਯੋਗਦਾਨਾਂ ਦੇ ਬਾਵਜੂਦ ਸੈਨੇਟ ਚੋਣਾਂ 'ਚ ਦੇਰੀ ਕੀਤੀ ਜਾ ਰਹੀ ਹੈ ਅਤੇ ਨਵੀਂ ਸਿੱਖਿਆ ਨੀਤੀ 2020 ਤਹਿਤ ਇਸ ਦਾ ਕੇਂਦਰੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ, ਇਸ ਸਮੇਂ ਨਾ ਨਿਕਲੋ ਘਰੋਂ ਬਾਹਰ! ਜਾਰੀ ਹੋ ਗਈ Advisory
ਇਸ ਨਾਲ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ ਅਤੇ ਵਿਰਾਸਤ ਨੂੰ ਖ਼ਤਰਾ ਹੈ। ਹਰਸਿਮਰਤ ਬਾਦਲ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਕਦਮ ਦਾ ਵਿਰੋਧ ਕੀਤਾ ਹੈ ਕਿਉਂਕਿ ਯੂਨੀਵਰਸਿਟੀ ਦੇ ਪ੍ਰਸ਼ਾਸਨ 'ਚ ਇਹ ਪੰਜਾਬ ਦੀ ਲੋਕਤੰਤਰੀ ਪ੍ਰਤੀਨਿਧਤਾ ਅਤੇ ਆਵਾਜ਼ ਨੂੰ ਘਟਾਏਗਾ। ਉਨ੍ਹਾਂ ਕਿਹਾ ਕਿ ਇਹ ਵੀ ਧਿਆਨ 'ਚ ਰੱਖਣਾ ਚਾਹੀਦਾ ਹੈ ਕਿ ਪੰਜਾਬ ਯੂਨੀਵਰਸਿਟੀ ਇਕ ਇੰਟਰ ਸਟੇਟ ਬਾਡੀ ਕਾਰਪੋਰੇਟ ਹੈ ਅਤੇ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਇਸ ਦੇ ਹਿੱਸੇਦਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਤੇ ਆਰਥਿਕ ਹਿੱਸੇਦਾਰੀ ਦੇ ਸਦਕਾ ਉਹ ਅਪੀਲ ਕਰਦੇ ਹਨ ਕਿ ਇਨ੍ਹਾਂ ਮੰਗਾਂ ਦੀ ਹਮਾਇਤ ਕੀਤੀ ਜਾਵੇ ਅਤੇ ਮੌਜੂਦਾ ਢਾਂਚੇ ਨਾਲ ਛੇੜਛਾੜ ਕੀਤੇ ਬਗੈਰ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਣ। ਹਰਸਿਮਰਤ ਬਾਦਲ ਨੇ ਪੰਜਾਬ ਯੂਨੀਵਰਸਿਟੀ ਵਿਚ ਸਾਰੀਆਂ ਫ਼ੀਸਾਂ ਵਿਚ ਕੀਤਾ ਵਾਧਾ ਵਾਪਸ ਲੈਣ ਦੀ ਵੀ ਮੰਗ ਕੀਤੀ ਤਾਂ ਜੋ ਸਾਰੇ ਵਿਦਿਆਰਥੀਆਂ ਲਈ ਕਿਫਾਇਤੀ ਸਿੱਖਿਆ ਯਕੀਨੀ ਬਣਾਈ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8