ਦੁਬਈ ''ਚ ਫਸੇ ਪੰਜਾਬੀਆਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ

Sunday, Mar 01, 2026 - 11:43 PM (IST)

ਦੁਬਈ ''ਚ ਫਸੇ ਪੰਜਾਬੀਆਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ

ਚੰਡੀਗੜ੍ਹ : ਮੱਧ-ਪੂਰਬ ਵਿੱਚ ਚੱਲ ਰਹੀ ਜੰਗ ਕਾਰਨ ਦੁਬਈ ਅਤੇ ਹੋਰ ਖੇਤਰਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਨਾ ਕਰਨ 'ਤੇ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ।

ਹਰਸਿਮਰਤ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਦੁਬਈ ਹਵਾਈ ਅੱਡੇ 'ਤੇ ਫਸੇ ਪੰਜਾਬੀ ਮੁਸਾਫਿਰਾਂ ਦੀ ਤਰਸਯੋਗ ਹਾਲਤ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਸੰਕਟ ਵਾਂਗ ਇਸ ਵਾਰ ਵੀ ਜਦੋਂ ਪੰਜਾਬੀ ਵਿਦੇਸ਼ਾਂ ਵਿੱਚ ਮੁਸੀਬਤ ਵਿੱਚ ਹਨ, ਤਾਂ 'ਆਪ' ਸਰਕਾਰ ਗੂੜ੍ਹੀ ਨੀਂਦ ਸੁੱਤੀ ਹੋਈ ਹੈ।

ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿੱਧਾ ਹਮਲਾ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਪ੍ਰਸ਼ਾਸਨ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਬੈਂਗਲੁਰੂ ਵਿੱਚ ਆਪਣਾ 'ਡੀਟੌਕਸੀਫਿਕੇਸ਼ਨ' (detoxification) ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਲਾਪਰਵਾਹੀ ਕਾਰਨ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਕੋਈ ਸਹਾਇਤਾ ਨਹੀਂ ਮਿਲ ਰਹੀ।

ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਤੁਰੰਤ ਇੱਕ ਹੈਲਪ ਡੈਸਕ ਸਥਾਪਿਤ ਕਰੇ ਤਾਂ ਜੋ ਫਸੇ ਹੋਏ ਲੋਕਾਂ ਨਾਲ ਸੰਪਰਕ ਸਾਧਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੁਬਈ ਹਵਾਈ ਅੱਡੇ ਅਤੇ ਮੱਧ-ਪੂਰਬ ਦੇ ਹੋਰ ਹਿੱਸਿਆਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵੀ ਮੰਗ ਕੀਤੀ ਹੈ।
 


author

Inder Prajapati

Content Editor

Related News