ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਨੂੰ ਲੈ ਕੇ ਹਰਸਿਮਰਤ ਬਾਦਲ ਦਾ ਕੇਂਦਰ ਤੇ ਪੰਜਾਬ ਸਰਕਾਰ 'ਤੇ ਵੱਡਾ ਹਮਲਾ

Tuesday, Dec 13, 2022 - 09:29 PM (IST)

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਨੂੰ ਲੈ ਕੇ ਹਰਸਿਮਰਤ ਬਾਦਲ ਦਾ ਕੇਂਦਰ ਤੇ ਪੰਜਾਬ ਸਰਕਾਰ 'ਤੇ ਵੱਡਾ ਹਮਲਾ

ਚੰਡੀਗੜ੍ਹ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਹਮਲਾ ਕੀਤਾ ਹੈ। ਬੀਬਾ ਬਾਦਲ ਨੇ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਅਨਾਜ ’ਤੇ ਐੱਮ.ਐੱਸ.ਪੀ ਵਿਚ ਪਿਛਲੇ 8 ਸਾਲਾਂ 'ਚ ਦੋ ਤੋਂ ਪੰਜ ਫੀਸਦੀ ਹੀ ਵਾਧਾ ਹੋਇਆ ਹੈ। ਸੰਸਦ ਵਿਚ ਆਵਾਜ਼ ਬੁਲੰਦ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਇਹ ਬਹੁਤ ਹੀ ਤਰਸ ਵਾਲੀ ਗੱਲ ਹੈ ਕਿ ਸਰਕਾਰ ਵੱਲੋਂ 4 ਲੱਖ ਕਰੋੜ ਰੁਪਏ ਦੀ ਵਾਧੂ ਖਰਚ ਕੀਤੀ ਰਾਸ਼ੀ ਵਿਚੋਂ ਕਿਸਾਨਾਂ ਕੋਲ ਕਿੰਨੀ ਪਹੁੰਚੇਗੀ।

ਉਹਨਾਂ ਕਿਹਾ ਕਿ ਕਿਸਾਨ 'ਆਤਮ ਨਿਰਭਰ’ ਹੋਣਾ ਚਾਹੁੰਦੇ ਹਨ ਤੇ ਉਹ ਸਰਕਾਰ ਦੀਆਂ ਸਕੀਮਾਂ ’ਤੇ ਨਿਰਭਰ ਨਹੀਂ ਰਹਿਣਾ ਚਾਹੁੰਦੇ ਪਰ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਐੱਮ.ਐੱਸ.ਪੀ ਦੀ ਲੋੜ ਹੈ ਜਿਸ ਮੁਤਾਬਕ ਉਹਨਾਂ ਦੀ ਫਸਲ ’ਤੇ ਆਉਂਦੀ ਲਾਗਤ ’ਤੇ 50 ਫੀਸਦੀ ਮੁਨਾਫਾ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਦਿਸ਼ਾ ਵਿਚ ਪਹਿਲਾ ਕਦਮ ਕੇਂਦਰ ਸਰਕਾਰ ਵੱਲੋਂ ਇਕ ਸਾਲ ਪਹਿਲਾਂ ਕਿਸਾਨਾਂ ਵੱਲੋਂ ਅੰਦੋਲਨ ਖ਼ਤਮ ਕਰਨ ਮੌਕੇ ਕੀਤਾ ਗਿਆ ਲਿਖਤੀ ਵਾਅਦਾ ਪੂਰਾ ਕਰਨਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਐੱਮ.ਐੱਸ.ਪੀ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਲਿਖਤੀ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾ ਸਕੀ।

ਤੱਥ ਸਾਂਝੇ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਡੀਜ਼ਲ ਦੀ ਕੀਮਤ ਪਿਛਲੇ 8 ਸਾਲਾਂ ਵਿਚ ਦੁੱਗਣੀ ਹੋ ਗਈ ਹੈ ਤੇ ਯੂਰੀਆ ਵਰਗੀ ਖਾਦ ਦੀ ਕੀਮਤ 175 ਰੁਪਏ ਪ੍ਰਤੀ 50 ਕਿਲੋਗ੍ਰਾਮ ਤੋਂ ਵੱਧ ਕੇ 45 ਕਿਲੋਗ੍ਰਾਮ ਪ੍ਰਤੀ ਥੈਲਾ 270 ਰੁਪਏ ਹੋ ਗਈ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਡੀ.ਏ.ਪੀ ਦੀ ਕੀਮਤ 1125 ਰੁਪਏ ਪ੍ਰਤੀ ਥੈਲਾ ਤੋਂ ਵੱਧ ਕੇ 1350 ਰੁਪਏ ਪ੍ਰਤੀ ਥੈਲਾ ਹੋਗਈ  ਹੈ। ਉਹਨਾਂ ਦੱਸਿਆ ਕਿ ਕਿਵੇਂ ਨਦੀਨਾਸ਼ਕਾਂ ਤੇ ਕੀਟਨਾਸ਼ਕਾਂ ’ਤੇ 18 ਅਤੇ 12 ਫੀਸਦੀ ਜੀ.ਐੱਸ.ਟੀ ਲੱਗ ਰਿਹਾ ਹੈ ਤੇ ਟਰੈਕਟਰਾਂ ’ਤੇ 28 ਫੀਸਦੀ ਜੀ.ਐੱਸ.ਟੀ ਲੱਗ ਰਿਹਾ ਹੈ।

ਇਹ ਵੀ ਪੜ੍ਹੋ : ਲੱਖਾਂ ਦੀ ਠੱਗੀ ਮਾਰਨ ਵਾਲੇ ਅਫਰੀਕੀ ਠੱਗਾਂ ਦੇ ਗਿਰੋਹ ਦਾ ਪਰਦਾਫਾਸ਼, ਮਾਸਟਰ ਮਾਈਂਡ ਸਮੇਤ 4 ਗ੍ਰਿਫ਼ਤਾਰ

ਬੀਬੀ ਬਾਦਲ ਨੇ ਦੱਸਿਆ ਕਿਵੇਂ ਪੰਜਾਬ ਨਾਲ ਵਿਤਕਰਾ ਹੋ ਰਿਹਾ ਹੈ।  ਉਹਨਾਂ ਕਿਹਾ ਕਿ ਸੂਬੇ ਤੋਂ ਰਾਈਪੇਰੀਅਨ ਸਿਧਾਂਤ ਦਰਕਿਨਾਰ ਕਰ ਕੇ ਇਸਦੇ ਦਰਿਆਈ ਪਾਣੀ ਖੋਹਣ ਦਾ ਯਤਨ ਹੋ ਰਿਹਾ ਹੈ ਜਦੋਂ ਕਿ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ਼ ਇਸਦਾ ਹੱਕ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਇਸਦੀ ਸੂਬਾਈ ਰਾਜਧਾਨੀ ਚੰਡੀਗੜ੍ਹ ਨੂੰ ਇਸ ਤੋਂ ਖੋਹਣ ਲਈ ਅਤੇ ਇਸ ’ਤੇ ਇਸਦੇ ਹੱਕ ਨੂੰ ਕਮਜ਼ੋਰ ਕਰਨ ਵਾਸਤੇ ਲਗਾਤਾਰ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਕਿ ਜਦੋਂ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ 1970 ਮੁਤਾਬਕ ਮੁੜ ਦੁਹਰਾਇਆ ਹੈ ਅਤੇ ਰਾਜੀਵ-ਲੌਂਗੋਵਾਲ ਸਮਝੌਤੇ ਨੂੰ ਸੰਸਦ ਨੇ ਮਨਜ਼ੂਰੀ ਦਿੱਤੀ ਹੈ।

ਬੀਬਾ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਵੇਲੇ ਪੰਜਾਬ ਨਾਲ ਵਿਤਕਰਾ ਹੋਇਆ ਤੇ ਹੁਣ ਮੌਜੂਦਾ ਸਰਕਾਰ ਵੇਲੇ ਵੀ ਪੰਜਾਬ ਨਾਲ ਵਿਤਕਰਾ ਹੋ ਰਿਹਾ ਹੈ। ਉਹਨਾਂ ਨੇ ਆਪਣੀਆਂ ਉਮਰ ਕੈਦਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਵਾਸਤੇ ਵੀ ਪੁਰਜ਼ੋਰ ਅਪੀਲ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤਹੀ ਮੰਦਭਾਗੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਸਜ਼ਾ ਮੁਆਫੀ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਲਈ ਲਿਖਤੀ ਹੁਕਮ ਜਾਰੀ ਕੀਤੇ ਗਏ ਪਰ ਉਹ ਅੱਜ ਵੀ ਲਾਗੂ ਨਹੀਂ ਹੋਏ। ਉਹਨਾਂ ਕਿਹਾ ਕਿ ਦੂਜੇ ਪਾਸੇ ਬਿਲਕਿਸ ਬਾਨੋ ਦੇ ਜਬਰ ਜਨਾਹ ਦੇ ਦੋਸ਼ੀ ਰਿਹਾਅ ਕਰ ਦਿੱਤੇ ਗਏ ਜਿਸ ਨਾਲ ਸਿੱਖ ਕੌਮ ਵਿੱਚ ਗਲਤ ਸੰਦੇਸ਼ ਗਿਆ ਹੈ।

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਅਪੀਲ ਕੀਤੀ ਕਿ ਸਰਕਾਰੀ ਇਸ਼ਤਿਹਾਰਾਂ ’ਤੇ ਜੀ.ਐੱਸ.ਟੀ ਵਿਚ ਵਾਧਾ ਕੀਤਾ ਜਾਵੇ ਅਤੇ ਦੱਸਿਆ ਕਿ ਕਿਵੇਂ ਪੰਜਾਬ ਵਿਚ ਆਪ ਸਰਕਾਰ ਨੇ ਇਸ਼ਤਿਹਾਰਬਾਜ਼ੀ ’ਤੇ ਖਰਚ 20 ਕਰੋੜ ਰੁਪਏ ਪ੍ਰਤੀ ਸਾਲ ਤੋਂ ਵਧਾ ਕੇ 750 ਕਰੋੜ ਰੁਪਏ ਸਾਲਾਨਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਵਿਚੋਂ ਬਹੁਤਾ ਹਿੱਸਾ ਹਿਮਾਚਲ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਲੜਨ ’ਤੇ ਖਰਚ ਕੀਤਾ ਗਿਆ ਹੈਤੇ  ਉਹਨਾਂ ਮੰਗ ਕੀਤੀ ਕਿ ਜਨਤਕ ਪੈਸੇ ਦੀ ਅਜਿਹੀ ਦੁਰਵਰਤੋਂ ਬੰਦ ਹੋਵੇ।


author

Mandeep Singh

Content Editor

Related News