ਖੁਸ਼ੀ ਵਾਲੀ ਗੱਲ ਹੈ ਕਿ ਲੁਧਿਆਣਾ ਦੇ ਆਧੁਨਿਕ ਬੁੱਚੜਖਾਨੇ ਦਾ ਉਦਘਾਟਨ ਹੋ ਰਿਹੈ : ਹਰਸਿਮਰਤ
Saturday, Jan 25, 2020 - 01:24 AM (IST)

ਚੰਡੀਗੜ੍ਹ,(ਅਸ਼ਵਨੀ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਕੱਲ ਨੂੰ ਲੁਧਿਆਣਾ ਦੇ ਆਧੁਨਿਕ ਬੁੱਚੜਖਾਨੇ ਦਾ ਉਦਘਾਟਨ ਕਰ ਰਹੀ ਹੈ, ਜਿਸ ਵਾਸਤੇ ਉਨ੍ਹਾਂ ਦੇ ਮੰਤਰਾਲੇ ਵਲੋਂ 7.93 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਹੈ ਪਰ ਸਰਕਾਰ ਅਜੇ ਵੀ ਫੂਡ ਪ੍ਰੋਸੈਸਿੰਗ ਮੰਤਰਾਲੇ ਸਦਕਾ ਹੋਂਦ 'ਚ ਆਏ ਲਾਡੋਵਾਲ ਮੈਗਾ ਫੂਡ ਪਾਰਕ ਦਾ ਉਦਘਾਟਨ ਕਰਨ ਤੋਂ ਪੈਰ ਖਿੱਚ ਰਹੀ ਹੈ, ਜੋ ਕਿ ਸਹੀ ਨਹੀਂ ਹੈ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਲੁਧਿਆਣਾ ਦੇ ਆਧੁਨਿਕ ਬੁੱਚੜਖਾਨੇ ਨੂੰ ਬਣਾਉਣ 'ਤੇ 19.50 ਕਰੋੜ ਰੁਪਏ ਦਾ ਖਰਚਾ ਆਇਆ ਹੈ, ਜਿਸ 'ਚੋਂ 7.93 ਕਰੋੜ ਰੁਪਏ ਦੀ ਗਰਾਂਟ ਫੂਡ ਪ੍ਰੋਸੈਸਿੰਗ ਮੰਤਰਾਲੇ ਵਲੋਂ ਦਿੱਤੀ ਗਈ ਹੈ। ਇਸ ਪ੍ਰਾਜੈਕਟ ਦਾ ਉਦਘਾਟਨ ਪ੍ਰੋਸੈਸਿੰਗ ਇੰਡਸਟਰੀ ਅਤੇ ਖਪਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰੇਗਾ। ਇਸ ਦੇ ਨਾਲ ਹੀ ਲਾਡੋਵਾਲ ਮੈਗਾ ਫੂਡ ਪਾਰਕ ਦੇ ਉਦਘਾਟਨ 'ਚ ਹੋ ਰਹੀ ਬੇਲੋੜੀ ਦੇਰੀ ਪੰਜਾਬ ਅੰਦਰ ਫੂਡ ਪ੍ਰੋਸੈਸਿੰਗ ਇੰਡਸਟਰੀ, ਅਗਾਂਹਵਧੂ ਕਿਸਾਨਾਂ ਅਤੇ ਉਨ੍ਹਾਂ ਨੌਜਵਾਨਾਂ ਦਾ ਨੁਕਸਾਨ ਕਰ ਰਹੀ ਹੈ, ਜਿਨ੍ਹਾਂ ਨੂੰ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਨੌਕਰੀਆਂ ਮਿਲਣੀਆਂ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ 'ਚ ਦਖ਼ਲ ਦੇਣ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ. ਏ. ਆਈ. ਸੀ.) ਨੂੰ ਤੁਰੰਤ ਇਸ ਫੂਡ ਪਾਰਕ ਨੂੰ ਚਾਲੂ ਕਰਨ ਦਾ ਨਿਰਦੇਸ਼ ਦੇਣ ਲਈ ਆਖਦਿਆਂ ਹਰਸਿਮਰਤ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦਘਾਟਨ ਇੰਨਾ ਕਿਉਂ ਲਟਕਾਇਆ ਗਿਆ ਹੈ, ਇਸ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀ. ਏ. ਆਈ. ਸੀ. ਵਲੋਂ ਨਿਰਧਾਰਿਤ ਸਮਾਂ ਸੀਮਾ ਦੀ ਪਾਲਣਾ ਨਾ ਕਰਨ ਕਰ ਕੇ ਇਹ ਦੇਰੀ ਹੋਈ ਹੈ। ਇਥੇ ਬਹੁਤ ਸਾਰੀਆਂ ਸਹੂਲਤਾਂ ਮੁਕੰਮਲ ਹੋ ਚੁੱਕੀਆਂ ਹਨ ਪਰ ਇਸ ਦੇ ਉਦਘਾਟਨ 'ਚ ਦੇਰੀ ਹੋਣ ਕਰ ਕੇ ਇੰਡਸਟਰੀ ਇਨ੍ਹਾਂ ਸਹੂਲਤਾਂ ਦਾ ਇਸਤੇਮਾਲ ਨਹੀਂ ਕਰ ਪਾ ਰਹੀ।