ਰਾਸ਼ਟਰਪਤੀ ਨੇ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ
Friday, Sep 18, 2020 - 09:40 AM (IST)
ਨਵੀਂ ਦਿੱਲੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਫੂਡ ਪ੍ਰੋਸੈਸਿੰਗ ਅਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ। ਹਰਸਿਮਰਤ ਨੇ ਖੇਤੀਬਾੜੀ ਖੇਤਰ ਨਾਲ ਜੁੜੇ ਤਿੰਨ ਬਿੱਲਾਂ ਦੇ ਵਿਰੋਧ 'ਚ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਸ਼ਟਰਪਤੀ ਭਵਨ ਨੇ ਇਕ ਬਿਆਨ 'ਚ ਕਿਹਾ,''ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਕੇਂਦਰੀ ਮੰਤਰੀ ਮੰਡਲ ਤੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਤੁਰੰਤ ਸਵੀਕਾਰ ਕਰ ਲਿਆ ਹੈ।'' ਉਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ 'ਤੇ ਰਾਸ਼ਟਰਪਤੀ ਨੇ ਕੈਬਨਿਟ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੇ ਐਡੀਸ਼ਨਲ ਚਾਰਜ ਸੌਂਪਿਆ ਹੈ। ਤੋਮਰ ਕੋਲ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰਾਲੇ, ਗ੍ਰਾਮੀਣ ਵਿਕਾਸ ਮੰਤਰਾਲੇ ਅਤੇ ਪੰਚਾਇਤੀ ਰਾਜ ਮੰਤਰਾਲੇ ਸਮੇਤ ਕਈ ਵਿਭਾਗ ਹਨ।
ਹਰਸਿਮਰਤ ਨੇ ਲੋਕ ਸਭਾ 'ਚ ਇਨ੍ਹਾਂ ਬਿੱਲਾਂ ਨੂੰ ਪਾਸ ਹੋਣ ਤੋਂ ਸਿਰਫ਼ ਕੁਝ ਹੀ ਘੰਟਿਆਂ ਪਹਿਲਾਂ ਟਵੀਟ ਕੀਤਾ ਸੀ,''ਮੈਂ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿੱਲਾਂ ਦੇ ਵਿਰੋਧ 'ਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਿਸਾਨਾਂ ਦੀ ਧੀ ਅਤੇ ਭੈਣ ਅਤੇ ਤੌਰ 'ਤੇ ਉਨ੍ਹਾਂ ਨਾਲ ਖੜ੍ਹੇ ਹੋਣ 'ਤੇ ਮਾਣ ਹੈ।'' ਲੋਕ ਸਭਾ ਨੇ ਵੀਰਵਾਰ ਨੂੰ ਖੇਤੀਬਾੜੀ ਪੈਦਾਵਾਰ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, ਕਿਸਾਨੀ (ਮਜ਼ਬੂਤੀਕਰਨ ਅਤੇ ਸੁਰੱਖਿਆ) ਕੀਮਤ ਭਰੋਸਾ ਸਮਝੌਤਾ ਅਤੇ ਖੇਤੀਬਾੜੀ ਸੇਵਾ 'ਤੇ ਕਰਾਰ ਬਿੱਲ ਪਾਸ ਕਰ ਦਿੱਤਾ ਸੀ। ਜ਼ਰੂਰੀ ਵਸਤੂ (ਸੋਧ) ਬਿੱਲ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ।