ਮੋਦੀ ਨੇ ਸਿੱਖਾਂ ਦੀ ਹਰ ਮੰਗ ਨੂੰ ਕੀਤਾ ਪੂਰਾ: ਹਰਸਿਮਰਤ ਕੌਰ ਬਾਦਲ
Sunday, Jan 13, 2019 - 06:27 PM (IST)

ਬਠਿੰਡਾ (ਮੁਨੀਸ਼) — ਸਰਬੰਸਦਾਨੀ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਕ ਪਾਸੇ ਜਿੱਥੇ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕ ਕੇ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਕਾਂਗਰਸ ਨੂੰ ਵੀ ਨਿਸ਼ਾਨੇ 'ਤੇ ਰੱਖਣਾ ਨਹੀਂ ਭੁੱਲੇ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਨੂੰ ਲੈ ਸਿੱਕਾ ਜਾਰੀ ਕਰਨ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਦੀ ਹਰ ਮੰਗ ਵੱਲ ਪੂਰਾ ਧਿਆਨ ਦੇ ਕੇ ਉਸ ਨੂੰ ਪੂਰਾ ਕੀਤਾ ਹੈ।
ਸੁਖਪਾਲ ਖਹਿਰਾ ਵੱਲੋਂ ਬਠਿੰਡਾ ਸੀਟ ਤੋਂ ਲੋਕ ਸਭਾ ਚੋਣ ਲੜਨ ਦੇ ਸੰਕੇਤ ਦੇਣ 'ਤੇ ਟਿੱਪਣੀ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੋ ਆਦਮੀ ਆਪਣਾ ਹਲਕਾ ਛੱਡ ਕੇ ਦੂਜਾ ਹਲਕੇ 'ਚ ਚੋਣ ਲੜਦਾ ਹੈ, ਉਸ ਦੀ ਕੀ ਮਜਬੂਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਖਹਿਰਾ ਕਾਂਗਰਸ ਦਾ ਬੰਦਾ ਹੈ। ਪਹਿਲਾ ਕਾਂਗਰਸ ਨੇ 'ਆਪ' ਪੈਦਾ ਕੀਤੀ ਅਤੇ ਫਿਰ ਸੁਖਪਾਲ ਖਹਿਰਾ ਦੀ ਵੱਖਰੀ ਪਾਰਟੀ ਬਣਵਾ ਦਿੱਤੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਰਲ ਕੇ ਅਕਾਲੀ ਦਲ ਨੂੰ ਬਦਨਾਮ ਕਰ ਰਹੀਆਂ ਹਨ।