ਕਿਸਾਨਾਂ ਦੇ ਮੁੱਦੇ ''ਤੇ ਹਰਸਿਮਰਤ ਬਾਦਲ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਕੀਤੀ ਇਹ ਅਪੀਲ

07/31/2021 5:25:39 PM

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਸਦ ਮੈਂਬਰਾਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ  ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਐਨ. ਡੀ. ਏ. ਸਰਕਾਰ ਨੂੰ ਚੱਲ ਰਹੇ ਸੰਸਦੀ ਸੈਸ਼ਨ ਦੌਰਾਨ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਮੇਤ ਪ੍ਰਮੁੱਖ ਮਸਲਿਆਂ ਦੇ ਨਿਪਟਾਰੇ ਦੀ ਸਲਾਹ ਦੇਣ। ਕੋਰੋਨਾ ਨਿਯਮਾਂ ਕਾਰਨ ਅੱਜ ਸੀਮਤ ਗਿਣਤੀ ਵਿਚ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਬਲਵਿੰਦਰ ਸਿੰਘ ਭੂੰਦੜ, ਬਸਪਾ ਦੇ ਰਿਤੇਸ਼ ਪਾਂਡੇ, ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਤੋਂ ਹਸਨੈਨ ਮਸੂਦੀ ਅਤੇ ਐਨ. ਸੀ. ਪੀ. ਤੋਂ ਫੈਜ਼ਲ ਮੁਹੰਮਦ ਵਫ਼ਦ ਵਿਚ ਸ਼ਾਮਲ ਸਨ, ਜਿਨ੍ਹਾਂ ਨੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ।

ਇਹ ਵੀ ਪੜ੍ਹੋ : ਸਿੱਧੂ ਦੇ ਹੋਰਡਿੰਗਸ ਤੋਂ ਗਾਇਬ ਹੋਣ ਲੱਗੀ ਫੋਟੋ, ਹੁਣ ਕੈਪਟਨ ਨੇ ਵਰਤਿਆ ਨਵਾਂ ਫਾਰਮੂਲਾ

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਿਹੜੇ ਕਿਸਾਨ ਸ਼ਹੀਦ ਹੋ ਗਏ ਹਨ, ਉਨ੍ਹਾਂ ਦੇ ਪਰਿਵਾਰਕ ਮੈਂਬਰ ਨਾਲ ਉਹ ਮੁਲਾਕਾਤ ਕਰਨੀ ਚਾਹੁੰਦੇ ਹਨ। ਬੀਬਾ ਬਾਦਲ ਨੇ ਰਾਸ਼ਟਰਪਤੀ ਨੂੰ ਇਹ ਵੀ ਦੱਸਿਆ ਕਿ ਹਾਲ ਹੀ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਿੱਤੇ ਬਿਆਨ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਵੇਰਵਾ ਨਹੀਂ ਹੈ, ਨਾਲ ਇਨ੍ਹਾਂ ਕਿਸਾਨ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਨੂੰ ਕਿਸਾਨ ਅੰਦੋਲਨ ਅਤੇ ਇਸ ਦੇ ਸ਼ਹੀਦਾਂ ਨੂੰ ਛੋਟਾ ਕਰ ਕੇ ਵਿਖਾਉਣ ਦੇ ਯਤਨ ਵਜੋਂ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : 2 ਬੱਚਿਆਂ ਸਮੇਤ ਲਗਜ਼ਰੀ ਗੱਡੀ ਲੈ ਕੇ ਫ਼ਰਾਰ ਹੋਏ ਅਗਵਾਕਾਰ, ਲੋਕਾਂ ਨੇ ਪਿੱਛਾ ਕਰਕੇ ਕੀਤਾ ਕਾਬੂ (ਤਸਵੀਰਾਂ)

ਬੀਬਾ ਬਾਦਲ ਨੇ ਕਿਹ ਕਿ ਇਹ ਇਕ ਚੁਣੀ ਹੋਈ ਸਰਕਾਰ ਨੂੰ ਸ਼ੋਭਦਾ ਨਹੀਂ ਹੈ ਕਿ ਉਹ ਕਿਸਾਨਾਂ ਪ੍ਰਤੀ ਨਿਰਦਈ ਰਵੱਈਆ ਅਪਣਾਏ। ਉਨ੍ਹਾਂ ਦੱਸਿਆ ਕਿ ਵਫ਼ਦ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਮਾਮਲੇ ’ਤੇ ਕੰਮ ਰੋਕੂ ਮਤੇ ਦੇ ਨੋਟਿਸ ਦਿੱਤੇ ਸਨ ਪਰ ਇਨ੍ਹਾਂ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਸਲਾਹ ਦੇਣ ਕਿ ਉਹ ਵਿਰੋਧੀ ਧਿਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਵਾਸਤੇ ਸੋਮਵਾਰ ਨੂੰ ਹੀ ਸਮਾਂ ਦੇਵੇ। ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਮਤਭੇਦ ਭੁਲਾ ਕੇ ਇਕਜੁੱਟ ਹੋ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨ। ਬੀਬਾ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਜਨਤਕ ਅਹਿਮੀਅਤ ਦੇ ਸੰਵੇਦਨਸ਼ੀਲ ਮਾਮਲੇ ’ਤੇ ਚਰਚਾ ਤੋਂ ਭੱਜਣਾ ਨਹੀਂ ਚਾਹੀਦਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News