ਚੰਡੀਗੜ੍ਹ ''ਚ 60:40 ਫਾਰਮੂਲੇ ਦੀ ਬਹਾਲੀ ਲਈ ਪ੍ਰਧਾਨ ਮੰਤਰੀ ਦਖਲ ਦੇਣ : ਹਰਸਿਮਰਤ

10/04/2018 4:51:38 PM

ਚੰਡੀਗੜ੍ਹ (ਬਿਊਰੋ) : ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਦਾ ਤਬਾਦਲਾ ਪੰਜਾਬ ਨੂੰ ਕੀਤੇ ਜਾਣ ਤਕ ਚੰਡੀਗੜ੍ਹ ਦਾ ਪ੍ਰਸ਼ਾਸਕੀ ਸਟਾਫ ਕ੍ਰਮਵਾਰ ਪੰਜਾਬ ਅਤੇ ਹਰਿਆਣਾ 'ਚੋਂ 60:40 ਦੀ ਦਰ ਨਾਲ ਲਾਏ ਜਾਣ ਸਬੰਧੀ ਉਹ ਨਿੱਜੀ ਤੌਰ 'ਤੇ ਦਖ਼ਲ ਦੇਣ। ਇਸ ਸਬੰਧੀ ਬੀਬੀ ਬਾਦਲ ਨੇ ਪਾਰਟੀ ਵਲੋਂ ਪ੍ਰਧਾਨ ਮੰਤਰੀ ਨੂੰ ਇਕ ਚਿੱਠੀ ਸੌਂਪੀ। ਇਸ ਚਿੱਠੀ 'ਚ ਡੀ. ਐੱਸ. ਪੀ. ਦੇ ਅਹੁਦੇ ਨੂੰ ਯੂ. ਟੀ. ਕੇਡਰ 'ਚ ਸ਼ਾਮਲ ਕੀਤੇ ਜਾਣ ਦੇ ਮੁੱਦੇ ਨੂੰ ਵਿਸ਼ੇਸ਼ ਤੌਰ 'ਤੇ ਉੁਠਾਇਆ ਗਿਆ ਅਤੇ ਪ੍ਰਧਾਨ ਮੰਤਰੀ ਨੂੰ ਇਹ ਫੈਸਲਾ ਰੁਕਵਾਉਣ ਲਈ ਬੇਨਤੀ ਕੀਤੀ ਗਈ। ਪ੍ਰਧਾਨ ਮੰਤਰੀ ਨੇ ਪੰਜਾਬ ਦੇ ਅਹੁਦੇ ਨੂੰ ਯੂ. ਟੀ. ਕੇਡਰ 'ਚ ਸ਼ਾਮਲ ਕੀਤੇ ਜਾਣ ਸਬੰਧੀ ਹੈਰਾਨੀ ਪ੍ਰਗਟ ਕੀਤੀ ਅਤੇ ਬੀਬੀ ਬਾਦਲ ਨੂੰ ਭਰੋਸਾ ਦਿਵਾਇਆ ਕਿ ਇਸ ਸਬੰਧ 'ਚ ਜਲਦੀ ਹੀ ਲੋੜੀਂਦੇ ਕਦਮ ਚੁੱਕੇ ਜਾਣਗੇ। ਬੀਬੀ ਬਾਦਲ ਨੇ ਪ੍ਰਧਾਨ ਮੰਤਰੀ ਵੱਲੋਂ ਇਸ ਮੁੱਦੇ 'ਤੇ ਦਿੱਤੇ ਹਾਂ-ਪੱਖੀ ਅਤੇ ਮਦਦਪੂਰਨ ਹੁੰਗਾਰੇ 'ਤੇ ਤਸੱਲੀ ਜ਼ਾਹਰ ਕੀਤੀ। 

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਚੰਡੀਗੜ੍ਹ 'ਚ ਯੂ. ਟੀ. ਕੇਡਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਇਹ ਅਫਸਰਸ਼ਾਹੀ ਵੱਲੋਂ ਰਚੀ ਇਕ ਮਨਘੜਤ ਅਤੇ ਝੂਠੀ ਗੱਲ ਹੈ। ਚੰਡੀਗੜ੍ਹ ਪੰਜਾਬ ਦਾ ਹੈ, ਜਿਸ ਦਾ ਤਬਾਦਲਾ ਪੰਜਾਬ ਨੂੰ ਕੀਤੇ ਜਾਣ ਤਕ ਇਸ ਦਾ ਪ੍ਰਸ਼ਾਸਨ ਪੰਜਾਬ ਅਤੇ ਹਰਿਆਣਾ ਵੱਲੋਂ 60:40 ਦੇ ਫਾਰਮੂਲੇ ਨਾਲ ਚਲਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ 'ਚ ਪਾਰਟੀ ਦੇ ਵਿਚਾਰਾਂ ਦੀ ਤਰਜਮਾਨੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਮੌਜੂਦਾ ਸਮੇਂ ਇਹ ਧਾਰਨਾ ਪ੍ਰਬਲ ਹੈ ਕਿ ਯੂ. ਟੀ. 'ਚ ਕੋਈ ਪੰਜਾਬੀਆਂ, ਖਾਸ ਕਰਕੇ ਸਿੱਖਾਂ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਲਈ ਬੈਠਾ ਹੈ। ਇਸ ਤੋਂ ਇਲਾਵਾ ਬੀਬੀ ਬਾਦਲ ਨੇ ਚੰਡੀਗੜ੍ਹ ਅਤੇ ਇਸ ਨਾਲ ਜੁੜੇ ਮੁੱਦਿਆਂ ਸਬੰਧੀ ਪੰਜਾਬੀਆਂ ਦੇ ਸ਼ੰਕੇ ਦੂਰ ਕਰਨ ਲਈ ਖਾਸ ਕਦਮ ਚੁੱਕਣ ਲਈ ਕਿਹਾ ਹੈ।  
ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਦੇ ਰੁਤਬੇ ਵਰਗੇ ਸੰਵੇਦਨਸ਼ੀਲ ਮੁੱਦਿਆਂ 'ਤੇ ਚਾਨਣਾ ਪਾਉਂਦਿਆਂ ਬੀਬੀ ਬਾਦਲ ਨੇ ਕਿਹਾ ਕਿ ਪੰਜਾਬੀ ਨੂੰ ਯੂ. ਟੀ., ਚੰਡੀਗੜ੍ਹ 'ਚ ਸਰਕਾਰੀ ਭਾਸ਼ਾ ਦਾ ਰੁਤਬਾ ਮਿਲਣਾ ਚਾਹੀਦਾ ਹੈ। ਇਸ ਸਬੰਧੀ ਮੁੱਢਲੇ ਕਦਮ ਵਜੋਂ ਚੰਡੀਗੜ੍ਹ ਯੂ. ਟੀ. ਅੰਦਰ ਸਾਰੇ ਸਾਈਨ ਬੋਰਡ ਪੰਜਾਬੀ (ਹਿੰਦੀ ਅਤੇ ਅੰਗਰੇਜ਼ੀ ਉਲਥਿਆਂ ਸਮੇਤ) 'ਚ ਲਿਖੇ ਜਾਣ।

ਬੀਬੀ ਬਾਦਲ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖ ਔਰਤਾਂ ਨੂੰ ਹੈਲਮੇਟ ਤੋਂ ਛੋਟ ਦੇਣ ਸਬੰਧੀ ਜਾਰੀ ਕੀਤੇ ਅਪਮਾਨਜਨਕ ਹੁਕਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਹੁਕਮ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿੱਖ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਦੇਣੀ ਚਾਹੀਦੀ ਹੈ, ਕਿਉਂਕਿ ਇਹ ਗੱਲ ਉਨ੍ਹਾਂ ਦੇ ਧਾਰਮਿਕ ਜਜ਼ਬਾਤ ਨਾਲ ਜੁੜੀ ਹੋਈ ਹੈ। 
 


Related News