ਨਸ਼ਿਆਂ ਦੇ ਕਾਰੋਬਾਰ ''ਚ ਸ਼ਾਮਲ ਹਨ ''ਆਪ'' ਦੇ ਲੀਡਰ, ਸਰਪੰਚ ਦੀ ਗ੍ਰਿਫ਼ਤਾਰੀ ਨੇ ਲਾਈ ਮੋਹਰ: ਹਰਸਿਮਰਤ ਬਾਦਲ

Thursday, Mar 12, 2026 - 06:19 PM (IST)

ਨਸ਼ਿਆਂ ਦੇ ਕਾਰੋਬਾਰ ''ਚ ਸ਼ਾਮਲ ਹਨ ''ਆਪ'' ਦੇ ਲੀਡਰ, ਸਰਪੰਚ ਦੀ ਗ੍ਰਿਫ਼ਤਾਰੀ ਨੇ ਲਾਈ ਮੋਹਰ: ਹਰਸਿਮਰਤ ਬਾਦਲ

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ‘ਆਪ’ ਦੇ ਆਪਣੇ ਆਗੂ ਹੀ ਨਸ਼ਾ ਵੇਚਣ ਦੇ ਕਾਰੋਬਾਰ ਵਿਚ ਸ਼ਾਮਲ ਹਨ। ਉਨ੍ਹਾਂ ਨੇ ਇਹ ਬਿਆਨ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੱਲੋਂ 18 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਸਬੰਧ ਵਿਚ ਇਕ ‘ਆਪ’ ਦੇ ਸਰਪੰਚ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਤਾ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅਕਾਲੀ ਦਲ ਦੇ ਉਸ ਦਾਅਵੇ ਦੀ 'ਤੇ ਮੋਹਰ ਲਾਉਂਦੀ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹਨ। ਉਨ੍ਹਾਂ ਮੁਤਾਬਕ, ਇਹ ਬੇਹੱਦ ਹੈਰਾਨੀਜਨਕ ਹੈ ਕਿ ਜਿਸ ਵਿਅਕਤੀ ਦੀ ਜ਼ਿੰਮੇਵਾਰੀ ਨਸ਼ਿਆਂ ਵਿਰੁੱਧ ਲੜਨਾ ਸੀ, ਉਹ ਖ਼ੁਦ ਇਸ ਵੱਡੇ ਨਸ਼ਾ ਤਸਕਰੀ ਮਾਮਲੇ ਵਿਚ ਫੜਿਆ ਗਿਆ ਹੈ। ਉਨ੍ਹਾਂ ਨੇ ਇਸ ਨੂੰ ਇਕ ਖ਼ਤਰਨਾਕ ਸਾਜ਼ਿਸ਼ ਕਰਾਰ ਦਿੱਤਾ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਇਕ ਪਾਸੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਣ ਦਾ ਦਾਅਵਾ ਕਰ ਰਹੀ ਹੈ, ਪਰ ਦੂਜੇ ਪਾਸੇ ਉਨ੍ਹਾਂ ਦੇ ਆਪਣੇ ਲੋਕ ਪੈਸੇ ਕਮਾਉਣ ਲਈ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਹੇ ਹਨ। ਬਾਦਲ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਇਸ ਰੈਕੇਟ ਵਿਚ ‘ਆਪ’ ਦੀ ਡੂੰਘੀ ਸ਼ਮੂਲੀਅਤ ਦਾ ਪਰਦਾਫਾਸ਼ ਕੀਤਾ ਜਾ ਸਕੇ।


author

Anmol Tagra

Content Editor

Related News