ਹਰਸਿਮਰਤ ਵੱਲੋਂ ਗਿਆਨ ਸਾਗਰ ਮੈਡੀਕਲ ਕਾਲਜ ਦੇ ਮੈਡੀਕਲ ਇੰਟਰਨਾਂ ਲਈ ਢੁਕਵੇਂ ਵਜ਼ੀਫੇ ਦੀ ਮੰਗ

Sunday, May 03, 2020 - 02:07 AM (IST)

ਚੰਡੀਗੜ੍ਹ,(ਅਸ਼ਵਨੀ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਗਿਆਨ ਸਾਗਰ ਮੈਡੀਕਲ ਕਾਲਜ, ਬਨੂੜ ਦੇ ਮੈਡੀਕਲ ਇੰਟਰਨਾਂ ਨੂੰ ਢੁੱਕਵਾਂ ਵਜ਼ੀਫਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਮਾਮਲੇ ’ਚ ਸੂਬਾ ਅਤੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਅਤੇ ਮੈਡੀਕਲ ਪੇਸ਼ੇਵਰਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ ਸਬੰਧੀ ਕੇਂਦਰੀ ਸਿਹਤ ਮੰਤਰੀ ਅਤੇ ਜਨਤਕ ਸ਼ਿਕਾਇਤਾਂ ਅਤੇ ਸੁਝਾਵਾਂ ਦੀ ਉੱਚ ਪੱਧਰੀ ਕਮੇਟੀ ਦੇ ਸਕੱਤਰ ਨੂੰ ਲਿਖੀ ਇਕ ਚਿੱਠੀ ’ਚ ਹਰਸਿਮਰਤ ਨੇ ਉਨ੍ਹਾਂ ਨੂੰ ਗਿਆਨ ਸਾਗਰ ਮੈਡੀਕਲ ਕਾਲਜ, ਬਨੂੜ ਦੇ ਮੈਡੀਕਲ ਇੰਟਰਨਾਂ ਨੂੰ ਦਰਪੇਸ਼ ਵਿੱਤੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇੰਟਰਨਾਂ ਨੇ ਕੇਂਦਰੀ ਮੰਤਰੀ ਤਕ ਪਹੁੰਚ ਕਰਕੇ ਦੱਸਿਆ ਹੈ ਕਿ ਉਨ੍ਹਾਂ ਨੂੰ ਮੈਡੀਕਲ ਕਾਲਜ ’ਚ ਬਤੌਰ ਮੈਡੀਕਲ ਇੰਟਰਨ ਕੰਮ ਕਰਨ ਲਈ ਕੋਈ ਵਜ਼ੀਫਾ ਨਹੀਂ ਦਿੱਤਾ ਜਾ ਰਿਹਾ ਹੈ, ਜੋ ਕਿ ਭਾਰਤੀ ਮੈਡੀਕਲ ਕੌਂਸਲ ਵਲੋਂ ਇਸ ਸਬੰਧੀ ਜਾਰੀ ਕੀਤੇ ਮੁੱਢਲੇ ਦਿਸ਼ਾ ਨਿਰਦੇਸ਼ਾਂ ਦੀ ਸ਼ਰੇਆਮ ਉਲੰਘਣਾ ਹੈ। ਹਰਸਿਮਰਤ ਨੇ ਕਿਹਾ ਕਿ ਇਹ ਸਮੱਸਿਆ ਤੁਰੰਤ ਹੱਲ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਇਹ ਇੰਟਰਨ ਕੋਵਿਡ-19 ਖ਼ਿਲਾਫ ਲੜਾਈ ’ਚ ਸਰਕਾਰ ਦੀ ਮਦਦ ਕਰ ਰਹੇ ਹਨ।

ਆਪਣੀ ਇਸ ਚਿੱਠੀ, ਜਿਸ ਦੀ ਇਕ ਕਾਪੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਨੂੰ ਵੀ ਭੇਜੀ ਗਈ ਹੈ, ’ਚ ਹਰਸਿਮਰਤ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਇਸ ਸੰਕਟ ਦੀ ਘੜੀ ’ਚ ਸਾਡੇ ਮੈਡੀਕਲ ਸਟਾਫ਼ ਦਾ ਮਨੋਬਲ ਡੇਗਣਾ ਸੂਬੇ ਲਈ ਘਾਤਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਇੰਟਰਨਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨੀਆਂ ਚਾਹੀਦੀਆਂ ਹਨ, ਕਿਉਂਕਿ ਇਹ ਸਾਨੂੰ ਕੋਵਿਡ-19 ਤੋਂ ਬਚਾਉਣ ਲਈ ਆਪਣੀਆਂ ਜ਼ਿੰਦਗੀਆਂ ਖਤਰੇ ’ਚ ਪਾ ਰਹੇ ਹਨ। ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਦੇ ਮੈਡੀਕਲ ਇੰਟਰਨਾਂ ਲਈ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫੇ ਦੀ ਮੰਗ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਅਤੇ ਮੈਡੀਕਲ ਕਾਲਜ ਗੁਆਂਢੀ ਰਾਜਾਂ ਅਤੇ ਕੇਂਦਰੀ ਸੰਸਥਾਨਾਂ ਨਾਲੋਂ ਕਿਤੇ ਵੱਧ ਫ਼ੀਸਾਂ ਲੈ ਰਹੇ ਹਨ ਪਰ ਆਪਣੇ ਇੰਟਰਨਾਂ ਨੁੰ ਬਹੁਤ ਘੱਟ ਵਜ਼ੀਫਾ ਜਾਂ ਬਿਲਕੁਲ ਵੀ ਵਜ਼ੀਫਾ ਨਹੀਂ ਦੇ ਰਹੇ ਹਨ। ਇਸ ਤਰ੍ਹਾਂ ਦੀ ਹੇਰਾਫੇਰੀ ਕਰਨ ਵਾਲੇ ਨਿੱਜੀ ਮੈਡੀਕਲ ਕਾਲਜਾਂ ਖ਼ਿਲਾਫ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।


Bharat Thapa

Content Editor

Related News