ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਜਥੇਦਾਰ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ : ਸਰਨਾ

Saturday, Feb 23, 2019 - 11:38 AM (IST)

ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਜਥੇਦਾਰ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ : ਸਰਨਾ

ਜਲੰਧਰ (ਚਾਵਲਾ)— ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ, ਹਰਵਿੰਦਰ ਸਿੰਘ ਸਰਨਾ ਨੇ ਇਥੋਂ ਜਾਰੀ ਆਪਣੇ ਬਿਆਨ 'ਚ ਕਿਹਾ ਕਿ ਗਿਆਨੀ ਇਕਬਾਲ ਸਿੰਘ ਦੇ ਪੁੱਤਰ ਦੀ ਤਖਤ ਸ੍ਰੀ ਪਟਨਾ ਸਾਹਿਬ ਦੇ ਪਵਿੱਤਰ ਅਸਥਾਨ ਦੀ ਹਦੂਦ ਅੰਦਰ ਨਸ਼ਾ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਨਸ਼ਰ ਹੋਣ ਤੋਂ ਬਾਅਦ ਇਸ ਨੂੰ ਤੁਰੰਤ ਤਖਤ ਸ੍ਰੀ ਪਟਨਾ ਸਾਹਿਬ ਦੀ ਜਥੇਦਾਰੀ ਤੋਂ ਬਰਖਾਸਤ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ, ਜਿਸ ਦੇ ਆਪਣੇ ਕਿਰਦਾਰ ਬਾਰੇ ਅਨੇਕਾਂ ਮੌਕਿਆਂ 'ਤੇ ਸਵਾਲ ਚੁੱਕੇ ਜਾਂਦੇ ਹਨ, ਵੱਲੋਂ ਆਪਣੇ ਪੁੱਤਰ ਦੇ ਬਾਰੇ ਬੇਬੁਨਿਆਦ ਦਲੀਲਾਂ ਦੇ ਕੇ ਬਚਾਅ ਲਈ ਕੀਤੀ ਕੋਝੀ ਹਰਕਤ ਤੋਂ ਬਾਅਦ ਇਕਬਾਲ ਸਿੰਘ ਨੂੰ ਇਕ ਪਲ ਵੀ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ 'ਤੇ ਰਹਿਣ ਦਾ ਹੱਕ ਨਹੀਂ ਹੈ ਅਤੇ ਇਸ ਨੂੰ ਬਰਖਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਕਬਾਲ ਸਿੰਘ ਦੀ ਇਹ ਦਲੀਲ ਕਿੰਨੀ ਹਾਸੋਹੀਣੀ ਹੈ ਕਿ ਉਸ ਦੇ ਪੁੱਤਰ ਨੇ ਬੇਹੋਸ਼ੀ ਦੀ ਹਾਲਤ 'ਚ ਸ਼ਰਾਬ ਅਤੇ ਤੰਬਾਕੂਨੋਸ਼ੀ ਕੀਤੀ ਹੈ।

ਉਨ੍ਹਾਂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਤਖਤਾਂ ਦੀ ਪਵਿੱਤਰਤਾ ਦੀ ਬਹਾਲੀ ਲਈ ਕੌਮ ਵੱਲੋਂ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਜਲਦ ਗਿਆਨੀ ਇਕਬਾਲ ਸਿੰਘ ਵਿਰੁੱਧ ਲੋੜੀਂਦੇ ਫੈਸਲੇ ਕਰਨ ਅਤੇ ਤਖਤ ਸਾਹਿਬ ਦੀ ਮਰਿਆਦਾ ਅਤੇ ਮਾਣ-ਮੱਤੇ ਇਤਿਹਾਸ ਨੂੰ ਕਾਇਮ ਰੱਖਣ। ਸਰਨਾ ਨੇ ਕਿਹਾ ਕਿ ਹੁਣ ਸਾਰੇ ਸਿੱਖ ਜਗਤ ਦੀਆਂ ਨਜ਼ਰਾਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਏ ਜਾਣ ਵਾਲੇ ਫੈਸਲੇ 'ਤੇ ਟਿਕੀਆਂ ਹਨ।


author

shivani attri

Content Editor

Related News