ਹਰਿਆਣਾ ਦੇ ਮੁੱਖ ਮੰਤਰੀ ਨਾਲ ਐੱਸ.ਵਾਈ.ਐੱਲ. ''ਤੇ ਛੇਤੀ ਹੋਵੇਗੀ ਮੁਲਾਕਾਤ : ਕੈਪਟਨ

08/22/2020 12:44:12 AM

ਚੰਡੀਗੜ੍ਹ,(ਅਸ਼ਵਨੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਉਮੀਦ ਪ੍ਰਗਟਾਈ ਕਿ ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਸਤਲੁਜ ਯਮਨਾ ਲਿੰਕ (ਐੱਸ.ਵਾਈ.ਐੱਲ.) ਉਪਰ ਪੰਜਾਬ ਦਾ ਦ੍ਰਿਸ਼ਟੀਕੋਣ ਜ਼ਰੂਰ ਵੇਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਪਹਿਲਾਂ ਹੀ ਸ਼ਾਰਦਾ-ਯਮਨਾ ਲਿੰਕ ਨਹਿਰ ਪ੍ਰਾਜੈਕਟ ਰਾਹੀਂ ਪੰਜਾਬ ਨਾਲੋਂ 1 ਐੱਮ.ਏ.ਐੱਫ. ਵੱਧ ਪਾਣੀ ਲੈ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਇਸ ਮੁੱਦੇ ਨੂੰ ਯਥਾਰਥਿਕ ਨਜ਼ਰੀਏ ਤੋਂ ਦੇਖਣਗੇ ਜਦੋਂ ਉਹ ਇਸ 'ਤੇ ਵਿਚਾਰ ਚਰਚਾ ਕਰਨ ਲਈ ਜਲਦ ਹੀ ਮਿਲਣਗੇ। ਫੇਸਬੁੱਕ ਲਾਈਵ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੌਰਾਨ ਪੁੱਛੇ ਸਵਾਲ 'ਤੇ ਪੰਜਾਬ ਵਿਚ ਪਾਣੀ ਦੀ ਉਪਲੱਬਧਤਾ ਬਾਰੇ ਹੁਣ ਨਵੇਂ ਸਿਰਿਓ ਮੁਲਾਂਕਣ ਦੀ ਲੋੜ ਹੈ ਕਿਉਂ ਜੋ ਆਲਮੀ ਤਪਸ਼ ਦੇ ਦਰਿਆਵਾਂ 'ਤੇ ਪਏ ਭਾਰੀ ਮਾਰੂ ਪ੍ਰਭਾਵਾਂ ਕਰਕੇ ਪੰਜਾਬ ਦੇ 109 ਬਲਾਕ ਡਾਰਕ ਜ਼ੋਨ ਵਿਚ ਚਲੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਢਿੱਡ ਭਰਦਾ ਹੈ ਅਤੇ ਹਰਿਆਣੇ ਨਾਲੋਂ ਵੱਧ ਵਾਹੀਯੋਗ ਜ਼ਮੀਨ ਪੰਜਾਬ ਕੋਲ ਹੈ, ਫੇਰ ਵੀ ਹਰਿਆਣਾ ਕੋਲ ਮੌਜ਼ੂਦ 12.48 ਐੱਮ.ਏ.ਐੱਫ. ਦਰਿਆਈ ਪਾਣੀ ਦੇ ਮੁਕਾਬਲੇ ਪੰਜਾਬ ਕੋਲ ਉਸ ਤੋਂ ਘੱਟ 12.42 ਐੱਮ.ਏ.ਐੱਫ. ਦਰਿਆਈ ਪਾਣੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗਠਨ ਸਮੇਂ ਦੋਵੇਂ ਸੂਬਿਆਂ ਵਿਚ ਹੋਰ ਸੰਪਤੀਆਂ ਦੀ ਵੰਡ 60:40 ਅਨੁਪਾਤ ਵਿਚ ਹੋਈ ਸੀ ਪਰ ਯਮਨਾ ਦਰਿਆ ਦੇ ਪਾਣੀ ਦੀ ਵੰਡ ਹੋਰਨਾਂ ਸੰਪਤੀਆਂ ਵਾਂਗ ਨਹੀਂ ਹੋਈ ਸੀ।

ਟਾਂਡਾ ਦੇ ਵਸਨੀਕ ਵਲੋਂ ਪੁੱਛੇ ਇਹ ਸਵਾਲ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਕੀ ਕਦਮ ਚੁੱਕ ਰਹੀ ਹੈ, ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਦਾ ਜਬਰਦਸਤ ਵਿਰੋਧ ਕੀਤਾ ਹੈ ਅਤੇ ਉਹ ਇਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਮਨਜ਼ੂਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ 'ਤੇ ਆਧਾਰਿਤ ਇਨ੍ਹਾਂ ਆਰਡੀਨੈਂਸਾਂ ਦਾ ਉਦੇਸ਼ ਐੱਫ.ਸੀ.ਆਈ. ਨੂੰ ਖਤਮ ਕਰਨਾ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਬੰਦ ਕਰਨਾ ਹੈ ਜਿਸ ਨਾਲ ਕਿਸਾਨੀ ਬਿਲਕੁਲ ਹੀ ਮਰ ਜਾਵੇਗੀ। ਇਨ੍ਹਾਂ ਸਿਫਾਰਸ਼ਾਂ ਨਾਲ ਸਰਕਾਰੀ ਖਰੀਦ ਸਿਸਟਮ ਦਾ ਖਾਤਮਾ ਹੋ ਜਾਵੇਗਾ।

ਭਾਰਤ ਸਰਕਾਰ ਨੇ ਕਣਕ ਤੇ ਝੋਨੇ ਤੋਂ ਬਿਨਾਂ ਹੋਰ ਫਸਲਾਂ ਦੇ ਸਮਰਥਨ ਮੁੱਲ ਦਾ ਐਲਾਨ ਕੀਤਾ ਹੋਇਆ ਪਰ ਉਨ੍ਹਾਂ ਦੀ ਖਰੀਦ ਦੀ ਕੋਈ ਗਾਰੰਟੀ ਨਹੀਂ। ਉਨ੍ਹਾਂ ਕਿਹਾ ਕਿ ਜੇ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋ ਗਿਆ ਤਾਂ ਕਿਸਾਨੀ ਭਾਈਚਾਰੇ ਦੀ ਹਿੱਤਾਂ ਦੀ ਰੱਖਿਆ ਨਹੀਂ ਹੋ ਸਕੇਗੀ। ਇਸੇ ਦੌਰਾਨ ਮੁੱਖ ਮੰਤਰੀ ਨੇ ਸਵੱਛਤਾ ਸਰਵੇਖਣ ਵਿਚ ਪੰਜਾਬ ਦੀ ਰੈਂਕਿੰਗ 'ਤੇ ਖੁਸ਼ੀ ਜ਼ਾਹਰ ਕੀਤੀ ਜਿੱਥੇ ਸਫਾਈ ਦੇ ਮਾਮਲੇ ਵਿਚ ਪੰਜਾਬ ਵੱਡੇ ਸੂਬਿਆਂ 'ਚੋਂ ਪੰਜਵੇਂ ਨੰਬਰ 'ਤੇ ਆਇਆ ਹੈ। ਉਨ੍ਹਾਂ ਨਵਾਂਸ਼ਹਿਰ ਟੀਮ ਨੂੰ ਪਿਛਲੇ ਤਿੰਨ ਸਾਲਾਂ ਤੋਂ ਸਿਖਰਲੇ ਸ਼ਹਿਰਾਂ ਵਿਚ ਆਪਣਾ ਸਥਾਨ ਬਰਕਰਾਰ ਰੱਖਣ ਲਈ ਵਧਾਈ ਦਿੱਤੀ। ਉਨ੍ਹਾਂ ਸਫਾਈ ਦੇ ਮਾਮਲੇ ਵਿਚ ਵੱਖ-ਵੱਖ ਜ਼ਿਲਿਆਂ ਵਿਚਾਲੇ ਮੁਕਾਬਲਾ ਕਰਵਾਉਣ ਦਾ ਸੁਝਾਅ ਦਿੱਤਾ ਜਿਸ ਨਾਲ ਸੂਬੇ ਨੂੰ ਕੌਮੀ ਦਰਜਾਬੰਦੀ ਵਿਚ ਹੋਰ ਵੀ ਸੁਧਾਰ ਲਿਆਉਣ ਵਿਚ ਮੱਦਦ ਮਿਲੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਜ਼ਿਲੇ ਨੂੰ ਪੇਂਡੂ ਪਰਿਵਾਰਾਂ ਲਈ 100 ਫੀਸਦੀ ਪੀਣ ਵਾਲਾ ਪਾਣੀ ਮੁਹੱਈਆ ਕਰਨ ਦਾ ਟੀਚਾ ਪੂਰਾ ਕਰਨ 'ਤੇ ਭਾਰਤ ਦੇ ਪਹਿਲੇ 9 ਜ਼ਿਲਿਆਂ ਵਿਚ ਸ਼ੁਮਾਰ ਹੋਣ 'ਤੇ ਵੀ ਮੁਬਾਰਕਾਬਾਦ ਦਿੱਤੀ। ਉਨ੍ਹਾਂ ਜ਼ਿਲੇ ਦੇ ਸਾਰੇ ਅਧਿਕਾਰੀਆਂ ਖਾਸ ਕਰਕੇ ਪੇਂਡੂ ਜਲ ਸਪਲਾਈ ਤੇ ਬੀ.ਡੀ.ਓਜ਼. ਨੂੰ ਵੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਬੁਢਲਾਡਾ ਦੇ ਐੱਸ.ਡੀ.ਐੱਮ. ਸਾਗਰ ਸੇਤੀਆ ਨੂੰ ਵੀ ਮੁਬਾਰਕਬਾਦ ਵਧਾਈ ਦਿੱਤੀ ਜਿਨ੍ਹਾਂ ਨੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਬਾਕੀ ਵੀ ਉਨ੍ਹਾਂ ਦੀ ਇਸ ਪਹਿਲ ਨੂੰ ਅਪਣਾਉਣਗੇ।


Deepak Kumar

Content Editor

Related News