''ਗੁਰੂ ਘਰਾਂ ''ਚੋਂ ਸਰਕਾਰੀ ਦਖ਼ਲ ਹੋਵੇ ਖ਼ਤਮ'', ਜਥੇਦਾਰ ਨੇ ਹਰਿਆਣਾ CM ਕੋਲ ਚੁੱਕੇ ਸਿੱਖਾਂ ਦੇ ਮਸਲੇ
Monday, Apr 14, 2025 - 12:03 PM (IST)

ਅੰਮ੍ਰਿਤਸਰ (ਸਰਬਜੀਤ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਨਾਇਬ ਸਿੰਘ ਸੈਣੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਉਨ੍ਹਾਂ ਦੀ ਰਿਹਾਇਸ਼ ਦਫ਼ਤਰ ਪੁੱਜ ਕੇ ਮੁਲਾਕਾਤ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਸੂਬੇ ਵਿਚ ਵੱਸਦੇ ਸਿੱਖਾਂ ਦੇ ਮਸਲੇ ਹੱਲ ਕਰਨ ਸਬੰਧੀ ਚੰਗੇ ਮਾਹੌਲ ਵਿਚ ਵਿਚਾਰ ਚਰਚਾ ਕੀਤੀ। ਜਥੇਦਾਰ ਗੜ੍ਹਗੱਜ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਲੋਈ, ਸਿੱਖ ਸਾਹਿਤ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਨੇ ਸਿੱਖਾਂ ਲਈ ਕੀਤਾ ਵੱਡਾ ਐਲਾਨ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮਾਮਲੇ ਵਿਚ ਜਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਨੇ ਨਾਇਬ ਸਿੰਘ ਸੈਣੀ ਨੂੰ ਕਿਹਾ ਕਿ ਸੂਬਾ ਸਰਕਾਰ ਨੂੰ ਜਲਦ ਹੀ ਚੁਣੇ ਹੋਏ ਮੈਂਬਰਾਂ ਸਬੰਧੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰ ਕੇ ਉਨ੍ਹਾਂ ਨੂੰ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰੂ ਘਰਾਂ ਦਾ ਪ੍ਰਬੰਧ ਸੌਂਪਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਸਿੱਖ ਕੌਮ ਸਮੁੱਚੇ ਰੂਪ ’ਚ ਸ਼੍ਰੋਮਣੀ ਕਮੇਟੀ ਤੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਨਾਲ ਸਹਿਮਤ ਨਹੀਂ ਪਰ ਜਦੋਂ ਹੁਣ ਗੁਰਦੁਆਰਾ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ ਤਾਂ ਪ੍ਰਬੰਧ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸੌਂਪਣਾ ਚਾਹੀਦਾ ਹੈ ਅਤੇ ਗੁਰੂ ਘਰਾਂ ਵਿੱਚੋਂ ਸਰਕਾਰੀ ਦਖ਼ਲ ਖ਼ਤਮ ਕਰਨਾ ਚਾਹੀਦਾ ਹੈ। ਜਥੇਦਾਰ ਗੜ੍ਹਗੱਜ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਅੱਜ ਵੀ ਕਾਇਮ ਹੈ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਹਰਿਆਣਾ ਦੇ ਸਮੁੱਚੇ ਹਲਕੇ ਕਾਇਮ ਰਹਿਣੇ ਚਾਹੀਦੇ ਹਨ ਕਿਉਂਕਿ ਇਹ ਸਿੱਖ ਵਿਰਾਸਤ ਨਾਲ ਸਬੰਧਤ ਮਾਮਲਾ ਹੈ।
ਇਸੇ ਤਰ੍ਹਾਂ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਹਰਿਆਣਾ ਨੂੰ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਦੀ ਤਰਫ਼ੋਂ ਵਿਸ਼ੇਸ਼ ਉਪਰਾਲੇ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਪੜ੍ਹਣ ਤੇ ਲਿਖਣ ਵਾਲੇ ਮੁਲਾਜ਼ਮ ਲੋੜ ਅਨੁਸਾਰ ਭਰਤੀ ਕਰਕੇ ਤਾਇਨਾਤ ਕਰਨੇ ਚਾਹੀਦੇ ਹਨ। ਜੇਕਰ ਕੋਈ ਹਰਿਆਣਾ ਨਿਵਾਸੀ ਪੰਜਾਬੀ ਵਿੱਚ ਕੋਈ ਪੱਤਰ ਸ਼ਿਕਾਇਤ ਆਦਿ ਸੌਂਪਦਾ ਹੈ ਤਾਂ ਉਸ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਹਰਿਆਣਾ ਦੇ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਪੰਜਾਬੀ ਮੁੱਢ ਤੋਂ ਹੀ ਪੜ੍ਹਾਉਣ ਲਈ ਆਖਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਜਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਨੇ ਨਾਇਬ ਸਿੰਘ ਸੈਣੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਅੰਦਰ ਕਿਸੇ ਵੀ ਮੁਕਾਬਲਾ ਜਾਂ ਹੋਰ ਪ੍ਰੀਖਿਆਵਾਂ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਨਾ ਲੁਹਾਏ ਜਾਣ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਹਬਾਦ ਮਾਰਕੰਡਾ ਵਿਖੇ ਮੀਰੀ-ਪੀਰੀ ਮੈਡੀਕਲ ਕਾਲਜ ਤੇ ਹਸਪਤਾਲ ਰਾਹੀਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਵੱਲੋਂ ਸਥਾਨਕ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਸਹੂਲਤ ਦੇਣ ਲਈ ਇਹ ਹਸਪਤਾਲ ਅਤੇ ਕਾਲਜ ਸ਼ੁਰੂ ਕੀਤਾ ਹੋਇਆ ਹੈ, ਜਿਸ ਵਿਚ ਹਰਿਆਣਾ ਦੀ ਸੂਬਾ ਸਰਕਾਰ ਨੂੰ ਹਰ ਪੱਧਰ ’ਤੇ ਸ਼੍ਰੋਮਣੀ ਕਮੇਟੀ ਅਤੇ ਪ੍ਰਬੰਧਕਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਵੱਲੋਂ ਉਠਾਏ ਗਏ ਮਾਮਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪੂਰਨ ਸਹਿਯੋਗ ਤੇ ਲੋੜ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8