CM ਨਾਇਬ ਸੈਣੀ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ, ਨਸ਼ਿਆਂ ਤੇ ਗੈਂਗਸਟਰ ਕਲਚਰ 'ਤੇ ਪ੍ਰਗਟਾਈ ਚਿੰਤਾ (ਵੀਡੀਓ)
Saturday, Feb 21, 2026 - 12:57 PM (IST)
ਚੰਡੀਗੜ੍ਹ/ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਇੱਥੇ ਸੈਕਟਰ-37 ਵਿਖੇ ਭਾਜਪਾ ਪੰਜਾਬ ਦਫ਼ਤਰ 'ਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹਿੰਦੋਸਤਾਨ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਚੌਧਰੀ ਵੀ ਪਾਰਟੀ 'ਚ ਸ਼ਾਮਲ ਹੋਏ। ਸੈਣੀ ਨੇ ਪਾਰਟੀ 'ਚ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦਾ ਨੌਜਵਾਨ ਆਪਣੀ ਸੋਚ ਅਤੇ ਵਿਚਾਰਾਂ ਨਾਲ ਦੇਸ਼ ਦੇ ਵਿਕਾਸ ਲਈ ਫ਼ੈਸਲੇ ਲੈ ਰਿਹਾ ਹੈ। ਨਾਇਬ ਸਿੰਘ ਸੈਣੀ ਨੇ ਪੰਜਾਬ 'ਚ ਵੱਧ ਰਹੇ ਨਸ਼ਿਆਂ ਅਤੇ ਗੈਂਗਸਟਰ ਕਲਚਰ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਾਲ 2027 'ਚ ਪੰਜਾਬ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਬਣਨ 'ਤੇ ਸੂਬੇ ਵਿੱਚੋਂ ਗੈਂਗਸਟਰ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ।
ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ
ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ 'ਚ ਨਸ਼ਾ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਸਰਕਾਰ ਸਿਰਫ ਇਸ਼ਤਿਹਾਰਾਂ 'ਤੇ ਪੈਸਾ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ 'ਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਘਰਾਂ ਨੂੰ ਢਾਹੁਣ ਅਤੇ ਜ਼ਮੀਨਾਂ ਕੁਰਕ ਕਰਨ ਵਰਗੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਬੜਾਵਾ ਦਿੱਤਾ ਹੈ, ਜਦੋਂ ਕਿ ਨੌਜਵਾਨਾਂ ਦੇ ਭਵਿੱਖ ਬਾਰੇ ਕੋਈ ਚਿੰਤਾ ਨਹੀਂ ਕੀਤੀ।
ਇਹ ਵੀ ਪੜ੍ਹੋ : CBSE ਨੇ ਬੋਰਡ ਪ੍ਰੀਖਿਆਵਾਂ ਵਿਚਾਲੇ ਜਾਰੀ ਕੀਤਾ ALERT, 10ਵੀਂ ਤੇ 12ਵੀਂ ਦੇ ਵਿਦਿਆਰਥੀ ਰਹਿਣ ਸਾਵਧਾਨ
ਡੰਕੀ ਰੂਟ ਖ਼ਿਲਾਫ਼ ਕਾਰਵਾਈ ਅਤੇ ਵਿਦੇਸ਼ੀ ਰੁਜ਼ਗਾਰ
ਸੈਣੀ ਨੇ ਕਿਹਾ ਕਿ ਨੌਜਵਾਨਾਂ ਨੂੰ ਖ਼ਤਰਨਾਕ 'ਡੰਕੀ ਰੂਟ' ਰਾਹੀਂ ਬਾਹਰ ਜਾਣ ਤੋਂ ਰੋਕਣ ਲਈ ਹਰਿਆਣਾ 'ਚ ਵਿਦੇਸ਼ ਸਹਿਯੋਗ ਵਿਭਾਗ ਬਣਾਇਆ ਗਿਆ ਹੈ। ਇਹ ਵਿਭਾਗ ਨੌਜਵਾਨਾਂ ਦਾ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਨੂੰ ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ 'ਚ ਰੁਜ਼ਗਾਰ ਦਿਵਾਉਣ 'ਚ ਮਦਦ ਕਰਦਾ ਹੈ। ਹੁਣ ਤੱਕ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਪੱਧਰ 'ਤੇ ਬਾਹਰ ਭੇਜਣ ਦਾ ਕੰਮ ਕੀਤਾ ਗਿਆ ਹੈ। ਪ੍ਰੋਗਰਾਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ, ਕੇਵਲ ਸਿੰਘ ਢਿੱਲੋਂ, ਅਤੇ ਪਰਮਿੰਦਰ ਸਿੰਘ ਬਰਾੜ ਸਮੇਤ ਹੋਰ ਕਈ ਆਗੂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਪਾਵਰਕਾਮ ਨੇ ਲਿਆ ਸਖ਼ਤ ਐਕਸ਼ਨ, ਹੁਣ ਬਿਜਲੀ ਬਿੱਲ...
ਹਰਿਆਣਾ ਦੇ ਵਿਕਾਸ ਮਾਡਲ ਦੀ ਦਿੱਤੀ ਮਿਸਾਲ
ਆਪਣੇ ਸੰਬੋਧਨ ਦੌਰਾਨ ਸੈਣੀ ਨੇ ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਛਲੇ 10 ਸਾਲਾਂ 'ਚ ਹਰਿਆਣਾ 'ਚ ਬਿਨਾਂ ਪਰਚੀ ਅਤੇ ਬਿਨਾਂ ਖ਼ਰਚੇ ਦੇ 2 ਲੱਖ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਤੀਜੇ ਕਾਰਜਕਾਲ ਦੇ ਪਹਿਲੇ ਸਾਲ 'ਚ ਹੀ 37,000 ਨੌਜਵਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਖੇਡਾਂ ਦੇ ਖੇਤਰ 'ਚ ਹਰਿਆਣਾ ਦੀਆਂ ਮੱਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਓਲੰਪਿਕ 'ਚ ਮੈਡਲ ਜੇਤੂਆਂ ਨੂੰ 6 ਕਰੋੜ ਰੁਪਏ ਤੱਕ ਦੇ ਨਗਦ ਇਨਾਮ ਦਿੱਤੇ ਜਾਂਦੇ ਹਨ। ਸੈਣੀ ਨੇ ਅਖ਼ੀਰ 'ਚ ਕਿਹਾ ਕਿ ਸਿਰਫ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਮਜਬੂਤੀ ਨਾਲ ਅੱਗੇ ਵਧਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
