ਅਕਾਲੀ ਦਲ ਦਾ ਹਰਿਆਣਾ ਸਰਕਾਰ ’ਤੇ ਹਮਲਾ, ਕਿਹਾ- ਗੁਰਦੁਆਰਾ ਕਮੇਟੀ ’ਤੇ ਅਸਿੱਧੇ ਢੰਗ ਨਾਲ ਕੀਤਾ ਕਬਜ਼ਾ
Friday, Oct 28, 2022 - 10:04 PM (IST)
ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਮੈਂਬਰ ਤੇ ਸਰਪ੍ਰਸਤ ਨਾਮਜ਼ਦ ਕਰਨ ਵਾਸਤੇ ਜਾਰੀ ਨੋਟੀਫਿਕੇਸ਼ਨ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਅਸਿੱਧੇ ਤੌਰ ’ਤੇ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ।
ਇਹ ਵੀ ਪੜ੍ਹੋ : ਪੁਲਸ ਦੀਆਂ ਮਿੰਨਤਾਂ ਕਰਦੀ ਰਹੀ ਕੁੜੀ ਪਰ ਇਕ ਨਾ ਮੰਨੀ, ਪਿਓ ਨੂੰ ਹਿਰਾਸਤ 'ਚ ਲੈ ਦੁਕਾਨ ਦਾ ਸਾਮਾਨ ਕੱਢਿਆ ਬਾਹਰ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਘਟਨਾਕ੍ਰਮ ਅਕਾਲੀ ਦਲ ਲਈ ਹੈਰਾਨੀਜਨਕ ਨਹੀਂ ਹਨ ਕਿਉਂਕਿ ਇਨ੍ਹਾਂ ਨਾਲ ਪਾਰਟੀ ਦਾ ਸਟੈਂਡ ਸਹੀ ਸਾਬਤ ਹੋ ਗਿਆ ਹੈ ਕਿ ਰਾਜ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਤਾਕਤਾਂ ਹੜੱਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜਾਰੀ ਨਵੇਂ ਗਜ਼ਟ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਸਮੇਤ 41 ਮੈਂਬਰਾਂ ਦੀ ਨਿਯੁਕਤੀ ਹਰਿਆਣਾ ਸਰਕਾਰ ਵੱਲੋਂ ਕੀਤੀ ਜਾਵੇਗੀ ਤੇ ਆਪਣੇ ਪ੍ਰਤੀਨਿਧਾਂ ਦੀ ਚੋਣ ਵਿਚ ਹਰਿਆਣਾ ਦੀ ਸੰਗਤ ਦਾ ਕੋਈ ਯੋਗਦਾਨ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਨਵ-ਵਿਆਹੇ ਮੁੰਡੇ ਦੀ ਹਸਪਤਾਲ 'ਚ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਾਏ ਗੰਭੀਰ ਦੋਸ਼
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਤਾਂ ਪਹਿਲੇ ਦਿਨ ਤੋਂ ਇਹ ਆਖਿਆ ਹੈ ਕਿ ਭਾਜਪਾ ਗੁਰਦੁਆਰਾ ਕਮੇਟੀਆਂ ’ਤੇ ਆਪਣੀ ਤਾਕਤ ਵਰਤਣਾ ਚਾਹੁੰਦੀ ਹੈ ਅਤੇ ਦਿੱਲੀ ਗੁਰਦੁਆਰਾ ਕਮੇਟੀ ਤੋਂ ਬਾਅਦ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਇਸ ਦੀ ਨੀਤੀ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿੱਖਾਂ ਦੇ ਹੱਕਾਂ ’ਤੇ ਇਹ ਡਾਕਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਤੇ ਇਸ ਸਬੰਧ ਵਿਚ ਭਾਜਪਾ ਸਰਕਾਰ ਦੀਆਂ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰੇਗਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।