ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ
Sunday, Dec 08, 2019 - 12:37 AM (IST)
ਮੋਹਾਲੀ, (ਰਾਣਾ)— ਪੰਜਾਬ ਵਿਜੀਲੈਂਸ ਬਿਊਰੋ ਨੇ ਡੀ.ਐਸ.ਪੀ. ਖਰੜ-1 ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਅਮਰਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਆਕਲੀਆ ਜਲਾਲ ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਸ ਵਲੋਂ ਉਸ ਦੇ ਮਾਮੇ ਖਿਲਾਫ਼ ਦਿੱਤੀ ਦਰਖਾਸ਼ਤ 'ਚ ਮਦਦ ਕਰਨ ਤੇ ਇਸ ਸਬੰਧੀ ਸਮਝੋਤਾ ਕਰਾਉਣ ਬਦਲੇ ਉਕਤ ਰੀਡਰ ਵਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐੱਸ.ਏ.ਐੱਸ. ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।