ਹਜ਼ੂਰ ਸਾਹਿਬ ''ਚ ਫਸੀ ਸੰਗਤ ਦੀ ਘਰ ਵਾਪਸੀ ''ਤੇ ਕੈਪਟਨ ਤੇ ਹਰਸਿਮਰਤ ''ਚ ਛਿੱੜੀ ਕਰੈਡਿਟ ਵਾਰ
Wednesday, Apr 22, 2020 - 03:38 PM (IST)
ਪਟਿਆਲਾ (ਪਰਮੀਤ) : ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਪੰਜਾਬ ਤੋਂ ਗਏ ਸ਼ਰਧਾਲੂਆਂ ਦੇ ਲਾਕ ਡਾਊਨ ਕਾਰਨ ਉਥੇ ਫਸ ਜਾਣ 'ਤੇ ਹੁਣ ਕੇਂਦਰ ਸਰਕਾਰ ਤੇ ਮਹਾਰਾਸ਼ਟਰ ਸਰਕਾਰ ਵੱਲੋਂ ਇਨਵਾਂ ਨੂੰ ਵਾਪਸ ਭੇਜਣ ਲਈ ਸਹਿਮਤੀ ਦੇਣ ਦੇ ਮਾਮਲੇ 'ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵਿਚਾਲੇ ਟਵੀਟਰ 'ਤੇ ਕਰੈਡਿਟ ਵਾਰ ਛਿੜ ਗਈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਪਹਿਰ 13.52 ਵਜੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਹੁਣੇ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਦਾ ਫੋਨ ਆਇਆ ਹੈ ਜਿਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਜ਼ੂਰ ਸਾਹਿਬ ਵਿਖ ਫਸੇ ਸਾਡੇ ਯਾਤਰੀਆਂ ਨੂੰ ਪੰਜਾਬ ਵਾਪਸ ਭੇਜਣ ਲਈ ਸਾਡੀ ਬੇਨਤੀ ਪ੍ਰਵਾਨ ਕਰ ਲਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੈਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ਰਧਾਲੂਆਂ ਨੂੰ ਲਿਆਉਣ ਲਈ ਗੱਡੀਆਂ ਆਦਿ ਦਾ ਪ੍ਰਬੰਧ ਕਰਨ ਅਤੇ ਟਰਾਂਸਪੋਰਟੇਸ਼ਨ ਦਾ ਖਰਚਾ ਪੰਜਾਬ ਸਰਕਾਰ ਕਰੇਗੀ।
ਇਸ ਟਵੀਟ ਦੇ 24 ਮਿੰਟ ਬਾਅਦ ਦੁਪਹਿਰ 14.16 ਵਜੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਟਵੀਟ ਆ ਗਿਆ ਜਿਸ ਵਿਚ ਉਨ੍ਹਾਂ ਲਿਖਿਆ ਕਿ ਮੈਂ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ 'ਤੇ ਉਨ੍ਹਾਂ ਦਾ ਧੰਨਵਾਦ ਕਰਨ ਆਈ ਹਾਂ ਜਿਨ੍ਹਾਂ ਨੇ ਹਜ਼ੂਰ ਸਾਹਿਬ ਵਿਚ ਫਸੇ ਸ਼ਰਧਾਲੂਆਂ ਨੂੰ ਛੇਤੀ ਪੰਜਾਬ ਭੇਜਣ ਲਈ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੈਂ ਹੁਣ ਪੰਜਾਬ ਸਰਕਾਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਤਿੰਨ ਦਿਨ ਤੋਂ ਪ੍ਰਬੰਧ ਕੀਤੀਆਂ ਬੱਸਾਂ ਨੂੰ ਇਜਾਜ਼ਤ ਦੇਣ ਤਾਂ ਜੋ ਸ਼ਰਧਾਲੂਆਂ ਨੂੰ ਛੇਤੀ ਤੋਂ ਛੇਤੀ ਵਾਪਸ ਘਰ ਲਿਆਂਦਾ ਜਾ ਸਕੇ।
ਇਸ ਤਰ੍ਹਾਂ ਇਹ ਮਸਲਾ ਹੱਲ ਹੋਣ ਤੋਂ ਬਾਅਦ ਹੁਣ ਇਸਨੂੰ ਹੱਲ ਕਰਵਾਉਣ ਲਈ ਕਰੈਡਿਟ ਵਾਰ ਛਿੜ ਗਈ ਹੈ, ਕਿਉਂਕਿ ਸੰਕਟ ਦੇ ਸਮੇਂ ਵੀ ਕੋਈ ਵੀ ਸਿਆਸੀ ਧਿਰ ਲਾਭ ਲੈਣ ਤੋਂ ਪਿੱਛੇ ਨਹੀਂ ਹਟਣਾ ਚਾਹੁੰਦੀ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ 19 ਅਪ੍ਰੈਲ ਨੂੰ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਵੀਡੀਓ ਪਾਈ ਸੀ ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਨੇ ਸ਼ਰਧਾਲੂਆਂ ਨੂੰ ਵਾਪਸ ਘਰ ਭੇਜਣ ਲਈ ਵਿਸ਼ੇਸ਼ ਪ੍ਰਵਾਨਗੀ ਦੇ ਦਿੱਤੀ ਹੈ ਤੇ ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਨਾਲ ਵੀ ਗੱਲਬਾਤ ਕੀਤੀ ਹੈ ਤੇ ਉਨ੍ਹਾਂ ਨੂੰ ਹੁਣ ਛੇਤੀ ਵਿਸ਼ੇਸ਼ ਪਾਸ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਇਥੇ ਦੱਸਣਯੋਗ ਹੈ ਕਿ ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੰਤਰੀ ਤੇ ਹਰਸਿਮਰਤ ਕੌਰ ਬਾਦਲ ਦੇ ਭਰਾ ਬਿਕਰਮ ਸਿੰਘ ਮਜੀਠੀਆ ਨੇ ਚੁੱਕਿਆ ਸੀ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਸੀ ਕਿ ਮਾਝੇ ਦੇ ਕੁਝ ਸ਼ਰਧਾਲੂ ਹਜ਼ੂਰ ਸਾਹਿਬ ਵਿਚ ਫਸ ਗਏ ਹਨ ਜਿਨ੍ਹਾਂ ਨੂੰ ਛੇਤੀ ਵਾਪਸ ਲਿਆਂਦਾ ਜਾਵੇ।