ਹਜ਼ੂਰ ਸਾਹਿਬ ''ਚ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਚੰਦੂਮਾਜਰਾ ਨੇ ਲਿਖਿਆ ਰੇਲ ਮੰਤਰੀ ਨੂੰ ਪੱਤਰ
Tuesday, Mar 24, 2020 - 06:24 PM (IST)
ਪਟਿਆਲਾ (ਬਲਜਿੰਦਰ) : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜਾਬ ਦੇ 4 ਹਜ਼ਾਰ ਸ਼ਰਧਾਲੂ ਫਸੇ ਹੋਏ ਹਨ। ਉਨ੍ਹਾਂ ਨੂੰ ਸੁਰੱਖਿਅਤ ਆਪਣੇ ਘਰਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ-ਪ੍ਰਧਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਰੇਲ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 3 ਸਪੈਸ਼ਲ ਨਾਨ-ਸਟਾਪ ਟਰੇਨਾਂ ਸ੍ਰੀ ਹਜ਼ੂਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਚਲਾਈਆਂ ਜਾਣ ਤਾਂ ਕਿ ਸ਼ਰਧਾਲੂ ਆਪਣੇ ਘਰ ਪਹੁੰਚ ਸਕਣ। ਚੰਦੂਮਾਜਰਾ ਨੇ ਦੱਸਿਆ ਕਿ 'ਕੋਰੋਨਾ ਵਾਇਰਸ' ਦੀ ਮਹਾਮਾਰੀ ਕਾਰਣ ਰੇਲ ਵਿਭਾਗ ਵੱਲੋਂ 31 ਮਾਰਚ ਤੱਕ ਸਮੁੱਚੀਆਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼ਰਧਾਲੂ ਉਥੇ ਫਸੇ ਹੋਏ ਹਨ। ਗੁਰਦੁਆਰਾ ਬੋਰਡ ਵੱਲੋਂ ਸ਼ਰਧਾਲੂਆਂ ਨੂੰ ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲਈ ਉਚਿਤ ਮਾਤਰਾ ਵਿਚ ਸੈਨੀਟਾਈਜ਼ਰ, ਮਾਸਕ ਅਤੇ ਹੋਰ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਚੰਦੂਮਾਜਰਾ ਨੇ ਇਸ ਮਾਮਲੇ ਵਿਚ ਗੁਰਦੁਆਰਾ ਬੋਰਡ ਨੰਦੇੜ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨਾਲ ਵੀ ਗੱਲਬਾਤ ਕੀਤੀ ਹੈ।
ਇਹ ਵੀ ਪੜ੍ਹੋ : ਕਰਫਿਊ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲੋਕਾਂ ਦੇ ਨਾਂ ਸੁਨੇਹਾ
ਦੱਸਣਯੋਗ ਹੈ ਕਿ ਪੂਰੇ ਪੰਜਾਬ ਦੇ 4 ਹਜ਼ਾਰ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਹੋਏ ਹਨ। ਇਨ੍ਹਾਂ ਵਿਚੋਂ ਕਈ ਹਲਕਾ ਸਨੌਰ 'ਚੋਂ ਹਨ। ਸ਼ਰਧਾਲੂਆਂ ਦੇ ਪਰਿਵਾਰਾਂ ਵੱਲੋਂ ਇਸ ਮਾਮਲੇ ਵਿਚ ਵਿਧਾÎਇਕ ਹਰਿੰਦਰਪਾਲ ਸਿੰੰਘ ਚੰਦੂਮਾਜਰਾ ਨਾਲ ਸੰਪਰਕ ਸਾਧਿਆ ਗਿਆ। ਵਿਧਾਇਕ ਚੰਦੂਮਾਜਰਾ ਨੂੰ ਜਦੋਂ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਾਰੀ ਗੱਲ ਦੱਸੀ। ਪ੍ਰੋ. ਚੰਦੂਮਾਜਰਾ ਨੇ ਐਕਸ਼ਨ ਵਿਚ ਆਉਂਦਿਆਂ ਹੀ ਰੇਲ ਮੰਤਰੀ ਨੂੰ ਪੱਤਰ ਲਿਖ ਦਿੱਤਾ। ਫੋਨ ਰਾਹੀਂ ਉਨ੍ਹਾਂ ਨਾਲ ਸਿੱਧਾ ਸੰਪਰਕ ਵੀ ਕੀਤਾ। ਮੰਗ ਕੀਤੀ ਕਿ ਸ਼ਰਧਾਲੂਆਂ ਦੇ ਪੰਜਾਬ ਆਉਣ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਪਰਿਵਾਰਾਂ ਦੀ ਚਿੰਤਾ ਖਤਮ ਹੋ ਸਕੇ।
ਇਹ ਵੀ ਪੜ੍ਹੋ : ਬਰਨਾਲਾ ''ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਮਰੀਜ਼ ਆਏ ਸਾਹਮਣੇ, ਦੋ ਪੁਲਸ ਮੁਲਾਜ਼ਮ ਵੀ ਸ਼ਾਮਲ