ਹਾਈਕੋਰਟ ਵਲੋਂ ਕੈਪਟਨ ਨੂੰ ਵੱਡੀ ਰਾਹਤ, ਸੁਰੇਸ਼ ਕੁਮਾਰ ਮਾਮਲੇ ਸਬੰਧੀ ਲਗਾਈ ਸਟੇਅ

02/15/2018 10:01:43 AM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ/ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਮਾਮਲੇ ਸਬੰਧੀ ਰੋਕ ਲਾ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਕੈਪਟਨ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਸੁਰੇਸ਼ ਕੁਮਾਰ ਕੈਪਟਨ ਦੇ ਬਹੁਤ ਕਰੀਬੀ ਦੱਸੇ ਜਾਂਦੇ ਹਨ। ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦਾ ਫੈਸਲਾ ਆਉਣ ਤੋਂ ਬਾਅਦ ਤਾਂ ਕੈਪਟਨ ਨੇ ਇੱਥੋਂ ਤੱਕ ਵੀ ਐਲਾਨ ਕਰ ਦਿੱਤਾ ਸੀ ਕਿ ਜਦੋਂ ਤੱਕ ਉਹ ਮੁੱਖ ਮੰਤਰੀ ਰਹਿਣਗੇ, ਉਨ੍ਹਾਂ ਦੇ ਨਾਲ ਸੁਰੇਸ਼ ਕੁਮਾਰ ਹੀ ਕੰਮ ਕਰਨਗੇ, ਹਾਲਾਂਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਸੁਰੇਸ਼ ਕੁਮਾਰ ਮੁੜ ਆਪਣੇ ਅਹੁਦੇ ਤੇ ਆਉਣ ਲਈ ਰਾਜ਼ੀ ਹੀ ਨਹੀਂ ਹੋਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਲਈ ਖੁਦ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਕੋਲ ਗਏ ਸਨ। 
ਦੱਸਣਯੋਗ ਹੈ ਕਿ ਅਦਾਲਤ ਦੀ ਸਿੰਗਲ ਬੈਂਚ ਵਲੋਂ ਕੈਪਟਨ ਦੇ ਮੁੱਖ/ਪ੍ਰਮੁੱਖ ਸਕੱਤਰ ਵਜੋਂ ਸੁਰੇਸ਼ ਕੁਮਾਰ ਦੀ ਨਿਯੁਕਤੀ ਬੀਤੀ 17 ਜਨਵਰੀ ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ ਗਿਆ ਸੀ, ਜਿਸ ਤੋਂ ਬਾਅਦ ਇਸ ਫੈਸਲੇ ਨੂੰ ਡਬਲ ਬੈਂਚ 'ਚ ਚੁਣੌਤੀ ਦਿੱਤੀ ਗਈ ਸੀ। ਅੱਜ ਅਦਾਲਤ ਨੇ ਸਿੰਗਲ ਬੈਂਚ ਦੇ ਫੈਸਲੇ 'ਤੇ ਰੋਕ ਲਾਉਂਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 17 ਅਪ੍ਰੈਲ ਨੂੰ ਤੈਅ ਕੀਤੀ ਹੈ ਅਤੇ ਇਸ ਮਾਮਲੇ ਨਾਲ ਸਬੰਧਿਤ ਸਾਰੇ ਪੱਖਾਂ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।


Related News