ਹਰ ਪੰਜਾਬੀ ਦਾ ਮੁਫ਼ਤ ''ਚ ਹੋਵੇਗਾ ਇਲਾਜ! ਹੈਲਥ ਕਾਰਡ ਲਈ ਸ਼ੁਰੂ ਹੋਈ ਰਜਿਸਟ੍ਰੇਸ਼ਨ
Tuesday, Sep 23, 2025 - 01:32 PM (IST)

ਸੰਗਰੂਰ (ਵੈੱਬ ਡੈਸਕ): ਅੱਜ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ, ਜਿਸ ਤਹਿਤ ਨਾਗਰਿਕ 10 ਲੱਖ ਰੁਪਏ ਤਕ ਦਾ ਇਲਾਜ ਮੁਫ਼ਤ 'ਚ ਕਰਵਾ ਸਕਣਗੇ। ਇਸ ਦੀ ਸ਼ੁਰੂਆਤ ਬਰਨਾਲਾ ਤੇ ਤਰਨਤਾਰਨ ਜ਼ਿਲ੍ਹਿਆਂ ਤੋਂ ਹੋਈ ਹੈ, ਜਿੱਥੇ 128-128 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ 10-12 ਦਿਨਾਂ ’ਚ ਰਜਿਸਟ੍ਰੇਸ਼ਨ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਮਹਿਜ਼ 10-15 ਮਿੰਟ ਦਾ ਹੀ ਸਮਾਂ ਲੱਗ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਬੀਤੇ ਦਿਨੀਂ ਪ੍ਰੈੱਸ ਕਾਨਫਰੰਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਸਾਰੇ ਨਾਗਰਿਕ ਮੁੱਖ ਮੰਤਰੀ ਸਿਹਤ ਕਾਰਡ ਲਈ ਅਪਲਾਈ ਕਰ ਸਕਦੇ ਹਨ ਤੇ ਇਨ੍ਹਾਂ ਕੈਂਪਾਂ ਦੌਰਾਨ ਰਜਿਸਟ੍ਰੇਸ਼ਨ ਲਈ ਕਿਸੇ ਨੂੰ ਬਹੁਤਾ ਦੂਰ ਨਹੀਂ ਜਾਣਾ ਪਵੇਗਾ। ਸਿਹਤ ਕਾਰਡ ਲਈ ਅਪਲਾਈ ਕਰਨ ਵਾਲੇ ਵਿਅਕਤੀ ਨੂੰ ਆਪਣਾ ਆਧਾਰ ਕਾਰਡ, ਵੋਟਰ ਕਾਰਡ ਤੇ ਪਾਸਪੋਰਟ ਸਾਈਜ਼ ਦੀ ਫੋਟੋ ਕੈਂਪ ’ਚ ਲਿਆਉਣੀ ਹੋਵੇਗੀ ਤੇ ਹੋਰ ਕਿਸੇ ਵੀ ਦਸਤਾਵੇਜ਼ ਦੀ ਜ਼ਰੂਰਤ ਨਹੀਂ ਹੈ। ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੇ ਸੂਬੇ ’ਚ ਪੂਰੀ ਹੋ ਜਾਣ ’ਤੇ ਇਸ ਨੂੰ ਅਧਿਕਾਰਤ ਤੌਰ ’ਤੇ ਸ਼ੁਰੂ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ ਇਸ ਯੋਜਨਾ ’ਚ ਸ਼ਾਮਲ ਕੀਤਾ ਜਾਵੇਗਾ। ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਮਿਲੇਗਾ। ਪਰਿਵਾਰ ਦੇ ਮੈਂਬਰਾਂ ਦੀ ਗਿਣਤੀ 'ਤੇ ਕੋਈ ਸੀਮਾ ਨਹੀਂ ਹੋਵੇਗੀ। ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ ਤੇ ਨਗਦੀ ਰਹਿਤ ਇਲਾਜ ਨੂੰ ਯਕੀਨੀ ਬਣਾਉਣ ਲਈ ਇਲਾਜ ਸਾਰੇ ਸਰਕਾਰੀ ਤੇ ਸੂਚੀਬੱਧ ਨਿੱਜੀ ਹਸਪਤਾਲਾਂ ’ਚ ਉਪਲਬਧ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੱਟੇ ਜਾਣਗੇ ਰਾਸ਼ਨ ਕਾਰਡ? CM ਮਾਨ ਨੇ ਦਿੱਤੀ ਵੱਡੀ ਅਪਡੇਟ
ਇਸ ਯੋਜਨਾ ਹੇਠ 2,000 ਤੋਂ ਵੱਧ ਸਿਹਤ ਪ੍ਰਕਿਰਿਆਵਾਂ ਤੇ ਸਰਜਰੀਆਂ ਸ਼ਾਮਲ ਕੀਤੀਆਂ ਜਾਣਗੀਆਂ ਤੇ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜੋ 10 ਲੱਖ ਰੁਪਏ ਤੱਕ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਦੀ ਇਹ ਇਤਿਹਾਸਕ ਪਹਿਲਕਦਮੀ ਸੂਬੇ ਦੇ ਸਾਰੇ ਵਸਨੀਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਦੇਸ਼ ਲਈ ਮਿਸਾਲ ਕਾਇਮ ਕਰੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8