ਸਿਹਤ ਵਿਭਾਗ ਨੇ ਘਰਾਂ ’ਚ ਪਾਣੀ ਦੇ ਖੜ੍ਹੇ ਸਰੋਤਾਂ ਦੀ ਕੀਤੀ ਚੈਕਿੰਗ

Friday, May 21, 2021 - 05:19 PM (IST)

ਪਟਿਆਲਾ (ਜੋਸਨ) : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ. ਸਤਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਬੀਮਾਰੀ ਦੀ ਰੋਕਥਾਮ ਲਈ ਮਨਾਏ ਜਾ ਰਹੇ ਹਰੇਕ ਸ਼ੁੱਕਰਵਾਰ ਡਰਾਈ ਡੇਅ ਤਹਿਤ ਗਲੀ ਮੁਹੱਲਿਆਂ ’ਚ ਘਰ-ਘਰ ਜਾ ਕੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਬੇਸ਼ੱਕ ਜ਼ਿਲ੍ਹੇ ’ਚ ਹੁਣ ਤੱਕ ਇਸ ਸੀਜ਼ਨ ਦੌਰਾਨ ਡੇਂਗੂ ਦਾ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ ਪਰ ਫਿਰ ਵੀ ਇਸ ਪ੍ਰਤੀ ਸੁਚੇਤ ਰਹਿਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਬੀਤੀ ਦਿਨੀਂ ਪਈ ਬਾਰਸ਼ ਨੂੰ ਮੁੱਖ ਰੱਖਦੇ ਹੋਏ ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕਰ ਕੇ ਉਨ੍ਹਾਂ ’ਚ ਖੜ੍ਹੇ ਪਾਣੀ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ। ਇਸ ਮੌਕੇ ਨੋਡਲ ਅਫ਼ਸਰ ਡਾ. ਸੁਮਿਤ ਸਿੰਘ ਨੇ ਕਿਹਾ ਕਿ ਅੱਜ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ’ਚ 9852 ਘਰਾਂ ’ਚ ਖੜ੍ਹੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ। ਇਸ ਦੌਰਾਨ 25 ਥਾਵਾਂ ’ਤੇ ਮੱਛਰਾਂ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਸਿਹਤ ਟੀਮਾਂ ਵੱਲੋਂ ਮੌਕੇ ’ਤੇ ਨਸ਼ਟ ਕਰਵਾ ਦਿੱਤਾ ਗਿਆ। ਲੋਕਾਂ ਨੂੰ ਡੇਂਗੂ ਦੇ ਨਾਲ-ਨਾਲ ਕੋਰੋਨਾ ਤੋਂ ਵੀ ਬਚਾਅ ਸਬੰਧੀ ਯੋਗ ਸਾਵਧਾਨੀਆਂ ਅਪਣਾਉਣ ਬਾਰੇ ਜਾਗਰੂਕ ਕੀਤਾ ਗਿਆ।
 


Babita

Content Editor

Related News