ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

Tuesday, Jan 18, 2022 - 02:56 PM (IST)

ਕੁਰਾਲੀ (ਬਠਲਾ) : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਹਿਰ ਦੀ ਠੰਡ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਬੰਧ ’ਚ ਡਾਕਟਰ ਰਜਨੀ ਜਲੋਟਾ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਤਾਪਮਾਨ ’ਚ ਗਿਰਾਵਟ ਆਉਣ ਨਾਲ ਕੜਾਕੇ ਦੀ ਠੰਡ ਜਾਰੀ ਹੈ ਤੇ ਠੰਡ ’ਚ ਸਾਡੇ ਬਜ਼ੁਰਗ ਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਤੇ ਦਿਲ ਦੇ ਰੋਗੀਆਂ ਨੂੰ ਸਵੇਰ ਤੇ ਦੇਰ ਸ਼ਾਮ ਜ਼ਿਆਦਾ ਠੰਡ ਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਨੂੰ ਇਸ ਮੌਸਮ ’ਚ ਨਿਮੋਨੀਆਂ ਹੋਣ ਦਾ ਖ਼ਤਰਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ’ਚ ਜ਼ੁਰਾਬਾਂ ਜ਼ਰੂਰ ਪਾਈਆਂ ਜਾਣ।

ਉਨ੍ਹਾਂ ਘਰਾਂ ਵਿਚ ਅੰਗੀਠੀ ਬਾਲ ਕੇ ਅੱਗ ਸੇਕਣ ਵਾਲਿਆਂ ਨੂੰ ਖ਼ਾਸ ਅਪੀਲ ਕਰਦੇ ਹੋਏ ਕਿਹਾ ਕਿ ਬੰਦ ਕਮਰੇ ਵਿਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਬੰਦ ਕਮਰੇ ਵਿਚ ਅੰਗੀਠੀ ਬਾਲ ਕੇ ਅੱਗ ਸੇਕਣ ਨਾਲ ਬੰਦ ਕਮਰੇ ਵਿਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸਥਮਾ ਤੇ ਸਾਹ ਦੇ ਮਰੀਜ਼ ਖ਼ੁਰਾਕ ’ਚ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖ਼ੁਰਾਕ ਦਾ ਸੇਵਨ ਕਰਨ।


Babita

Content Editor

Related News