ਕੜਾਕੇਦਾਰ ਠੰਡ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਮੁੜ ਜਾਰੀ ਕੀਤੀ ਐਡਵਾਇਜ਼ਰੀ

01/07/2024 11:15:11 AM

ਗੁਰਦਾਸਪੁਰ (ਹਰਮਨ) : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਡ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨੇ ਮੁੜ ਅਹਿਮ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਸਬੰਧ ਵਿਚ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਸਰਦੀ ਵਿਚ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਪ੍ਰਭਾਵਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਡਾ. ਹਰਭਜਨ ਨੇ ਕਿਹਾ ਕਿ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿਚ ਨਿਮੋਨੀਆਂ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ’ਤੇ ਟੋਪੀ ਅਤੇ ਪੈਰਾਂ ਵਿਚ ਜੁਰਾਬਾਂ ਜ਼ਰੂਰ ਪਾਈਆਂ ਜਾਣ। 

ਇਹ ਵੀ ਪੜ੍ਹੋ : ਪਾਵਰਕਾਮ ਦੀ ਵੱਡੀ ਕਾਰਵਾਈ, ਸੇਵਾ-ਮੁਕਤੀ ਤੋਂ 2 ਦਿਨ ਪਹਿਲਾਂ ਜੇ. ਈ. ਡਿਸਮਿਸ, ਹੈਰਾਨ ਕਰਨ ਵਾਲਾ ਹੈ ਮਾਮਲਾ

ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਘਰਾਂ ਵਿਚ ਬੰਦ ਕਮਰੇ ਵਿਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰ੍ਹਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਠੰਡ ਹੋਣ ’ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖੁਰਾਕ ਵਿਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਮੌਸਮ ਵਿਚ ਗਰਮ ਕਪੜੇ ਦੋ ਜਾਂ ਤਿੰਨ ਪਰਤਾਂ ਵਿਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਆਮ ਬਣਿਆ ਰਹੇ। ਸਰੀਰ ਵਿਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ ’ਤੇ ਫਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸਰੀਰ ਗਰਮੀ ਗਵਾ ਰਿਹਾ ਹੈ। 

ਇਹ ਵੀ ਪੜ੍ਹੋ : ਵਿਆਹ ਵਾਲੇ ਦਿਨ ਮੁੰਡੇ ਨਾਲ ਹੋਈ ਜੱਗੋਂ ਤੇਰ੍ਹਵੀਂ, ਘਰ ’ਚ ਮੇਲ ਬੈਠਾ, ਨਾ ਲਾੜੀ ਵੇਖੀ ਨਾ ਹੀ ਕੁੜੀ ਦੇ ਘਰ ਦਾ ਪਤਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News