ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
Tuesday, Apr 28, 2026 - 10:30 AM (IST)
ਫਾਜ਼ਿਲਕਾ (ਨਾਗਪਾਲ, ਲੀਲਾਧਰ) : ਸੂਬੇ ’ਚ ਵੱਧ ਰਹੀ ਗਰਮੀ ਕਾਰਨ ਜਿੱਥੇ ਮੌਸਮ ਵਿਭਾਗ ਵੱਲੋਂ 30 ਅਪ੍ਰੈਲ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਵੀ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਨੇ ਕਿਹਾ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ-ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ। ਜੇਕਰ ਹੋ ਸਕੇ ਤਾਂ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖਰਬੂਜ਼ਾ, ਸੰਤਰਾ, ਖੀਰੇ, ਟਮਾਟਰ ਆਦਿ ਵੱਧ ਪਾਣੀ ਵਾਲੇ ਪਦਾਰਥਾਂ ਦੀ ਵਰਤੋਂ ਵੀ ਕਰਨੀ ਚਾਹੀਦੀ ਹੈ। ਤਿੱਖੀ ਧੁੱਪ ਤੋਂ ਬੱਚਣ ਲਈ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ। ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰ ਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਕੁੱਝ ਸਮਾਂ ਠੰਡੀ ਥਾਂ ਜਾਂ ਛਾਂ ਹੇਠ ਬੈਠਿਆ ਜਾਵੇ।
ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਏ ਜਾਣ। ਉੁਨ੍ਹਾਂ ਦੱਸਿਆ ਕਿ ਨਵਜੰਮੇ ਬੱਚਿਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਰੂਪ ’ਚ ਬੀਮਾਰ ਲੋਕਾਂ, ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਜ਼ਿਆਦਾ ਖਤਰਾ ਹੁੰਦਾ ਹੈ, ਇਸ ਲਈ ਗਰਮੀ ਦੇ ਦਿਨਾਂ ’ਚ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਨੀਤਾ ਕੰਬੋਜ ਨੇ ਦੱਸਿਆ ਕਿ ਗਰਮੀ ਲੱਗਣ ਨਾਲ ਸਰੀਰ ’ਤੇ ਪਿੱਤ, ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ, ਬੇਚੈਨੀ, ਚਿੜਚਿੜਾਪਣ, ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਕਈ ਵਾਰੀ ਗਰਮੀ ਲੱਗਣ ਨਾਲ ਮਾਸ਼ਪੇਸ਼ੀਆਂ ’ਚ ਵੀ ਕਮਜ਼ੋਰੀ ਆ ਜਾਂਦੀ ਹੈ।
ਇਸ ਨਾਲ ਵਿਅਕਤੀ ਥੋੜ੍ਹਾ ਜਿਹਾ ਕੰਮ ਕਰਨ ’ਤੇ ਵੀ ਬਹੁਤ ਜ਼ਿਆਦਾ ਥਕਾਨ ਮਹਿਸੂਸ ਕਰਦਾ ਹੈ। ਗਰਮੀ ਦੇ ਮੌਸਮ ’ਚ ਕੜਕਦੀ ਧੁੱਪ ’ਚ ਲੇਬਰ ਦਾ ਕੰਮ ਕਰ ਰਹੇ ਵਿਅਕਤੀਆਂ ’ਚ ਕਈ ਵਾਰੀ ਹੀਟ ਸਟਰੋਕ ਦੀ ਪਰੇਸ਼ਾਨੀ ਆਉਂਦੀ ਹੈ, ਜੋ ਕਿ ਜਾਨਲੇਵਾ ਵੀ ਹੋ ਸਕਦੀ ਹੈ। ਇਸ ਲਈ ਕੜਕਦੀ ਧੁੱਪ ’ਚ ਲੰਬੇ ਸਮੇਂ ਕੰਮ ਤੋਂ ਗੁਰੇਜ਼ ਕੀਤਾ ਜਾਵੇ। ਲੋੜ ਪੈਣ ’ਤੇ ਐਂਬੂਲੈਂਸ ਸੇਵਾ ਲਈ ਟੋਲ ਫਰੀ ਨੰਬਰ 108 ਅਤੇ ਸਿਹਤ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 104 ’ਤੇ ਸਪੰਰਕ ਕੀਤਾ ਜਾ ਸਕਦਾ ਹੈ।
