ਮੈਡੀਕਲ ਅਫ਼ਸਰ ਭਰਤੀ ਘੁਟਾਲਾ ਮਾਮਲੇ ’ਚ ਸਿਹਤ ਵਿਭਾਗ ਨੇ ਪੁਲਸ ਦਿੱਤੇ ਇਹ ਆਦੇਸ਼

Monday, Feb 05, 2024 - 07:06 PM (IST)

ਮੈਡੀਕਲ ਅਫ਼ਸਰ ਭਰਤੀ ਘੁਟਾਲਾ ਮਾਮਲੇ ’ਚ ਸਿਹਤ ਵਿਭਾਗ ਨੇ ਪੁਲਸ ਦਿੱਤੇ ਇਹ ਆਦੇਸ਼

ਚੰਡੀਗੜ੍ਹ (ਬਿਊਰੋ) : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ. ਪੀ. ਐੱਸ. ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐੱਮ.ਓ.) ਦੀ ਭਰਤੀ ’ਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਕੀਤੀ ਸਿਫ਼ਾਰਿਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ, 19 ਦਸੰਬਰ, 2023 ਨੂੰ, ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਨੇ ਪੁਲਸ ਨੂੰ ਇਸ ਬਾਰੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ, ਵਿਜੀਲੈਂਸ ਨੇ ਆਪਣੇ ਪਟਿਆਲਾ ਰੇਂਜ ਥਾਣੇ ’ਚ ਦੋ ਕੇਸ ਪਹਿਲਾਂ ਹੀ ਦਰਜ ਕੀਤੇ ਹੋਏ ਹਨ ਜਿੰਨਾਂ ਦੀ ਅਗਲੇਰੀ ਜਾਂਚ ਸਰਗਰਮੀ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਮੈਡੀਕਲ ਖ਼ੇਤਰ ’ਚ ਬਤੌਰ ਸਮਾਜ ਸੇਵਕ ਕੰਮ ਕਰਨ ਦੇ ਫਰਜ਼ੀ ਸਰਟੀਫੀਕੇਟ ਪੇਸ਼ ਕਰਨ ਵਾਲੇ ਦੋਸ਼ੀ ਉਮੀਦਵਾਰਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 120-ਬੀ, 420, 468 ਅਤੇ 471 ਅਧੀਨ ਕੇਸ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਸੀ। ਵਿਜੀਲੈਂਸ ਨੇ 15 ਦਸੰਬਰ, 2023 ਨੂੰ ਰਾਜ ਸਰਕਾਰ ਨੂੰ ਅਜਿਹੇ ਮੈਡੀਕਲ ਅਫ਼ਸਰਾਂ ਖ਼ਿਲਾਫ਼ ਪੁਲਸ ਵਿਭਾਗ ਰਾਹੀਂ ਕੇਸ ਦਰਜ ਕਰਾਉਣ ਲਈ ਕਿਹਾ ਸੀ।

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ, ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ 14 ਦਸੰਬਰ, 2023 ਨੂੰ ਪ੍ਰਾਪਤ ਹੋਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਵਿਜੀਲੈਂਸ ਬਿਊਰੋ ਨੇ ਉਕਤ ਭਰਤੀ ਘੁਟਾਲੇ ਨਾਲ ਸਬੰਧਤ ਦੋ ਕੇਸ ਦਰਜ ਕੀਤੇ ਹਨ। ਇਸ ਸਬੰਧ ’ਚ ਐੱਮ. ਓਜ਼. ਦੀ ਚੋਣ ਪ੍ਰਕਿਰਿਆ ਦੌਰਾਨ ਸਾਜ਼ਿਸ਼ ਰਚਣ ਅਤੇ ਪੇਸ਼ਵਰਾਨਾ ਬੇਨਿਯਮੀਆਂ ਕਰਨ ਵਾਲੇ ਪੀ.ਪੀ.ਐੱਸ.ਸੀ. ਦੇ ਤੱਤਕਾਲੀ ਮੈਂਬਰਾਂ ਦੇ ਖ਼ਿਲਾਫ਼ ਐੱਫ.ਆਈ.ਆਰ. ਨੰਬਰ 45 ਮਿਤੀ 18 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ, ਪਟਿਆਲਾ ਰੇਂਜ ਵਿਖੇ, ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(2) ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 409 ਅਤੇ 120 ਬੀ ਦੇ ਅਧੀਨ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ, ਇੱਕ ਹੋਰ ਐੱਫ.ਆਈ.ਆਰ. ਨੰਬਰ 46 ਮਿਤੀ 18 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਪਟਿਆਲਾ ਰੇਂਜ ਵਿਖੇ ਪੀ.ਪੀ.ਐੱਸ.ਸੀ. ਦੇ ਤਤਕਾਲੀ ਮੈਂਬਰ ਡਾ. ਸਤਵੰਤ ਸਿੰਘ ਮੋਹੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਅਤੇ 13(2)  ਅਧੀਨ ਵੀ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

ਬੁਲਾਰੇ ਨੇ ਖੁਲਾਸਾ ਕੀਤਾ ਕਿ ਸੀਨੀਅਰ ਸੁਪਰਡੈਂਟ ਆਫ ਪੁਲਸ, ਵਿਜੀਲੈਂਸ ਬਿਊਰੋ, ਰੇਂਜ ਪਟਿਆਲਾ ਦੀ ਨਿਗਰਾਨੀ ਵਾਲੀ ਐੱਸ. ਆਈ. ਟੀ., ਦੋਵਾਂ ਮਾਮਲਿਆਂ ਦੀ ਸਰਗਰਮੀ ਨਾਲ ਅਗਲੇਰੀ ਜਾਂਚ ਕਰ ਰਹੀ ਹੈ। ਐੱਫ.ਆਈ.ਆਰ. ਨੰਬਰ 45/2023 ’ਚ ਡਾ: ਸਤਵੰਤ ਸਿੰਘ ਮੋਹੀ ਨੂੰ 19 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੁਆਰਾ ਗ੍ਰਿਫ਼ਤਾਰ ਕਰ ਲਿਆ  ਸੀ। ਇਸ ਕੇਸ ਦੇ ਤਿੰਨ ਹੋਰ ਦੋਸ਼ੀਆਂ ਡੀ.ਐੱਸ. ਮਾਹਲ, ਰਵਿੰਦਰ ਕੌਰ ਅਤੇ ਅਨਿਲ ਸਰੀਨ ਨੂੰ ਹਾਈਕੋਰਟ ਨੇ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦਿੰਦਿਆਂ ਵਿਜੀਲੈਂਸ ਜਾਂਚ ’ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਸਿੱਟੇ ਵਜੋਂ ਉਕਤ ਸਾਰੇ ਮੁਲਜ਼ਮ ਸ਼ਾਮਲ ਤਫ਼ਤੀਸ਼ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਚਮਰੋੜ ਪੱਤਣ ਵਿਖੇ ਅਹਿਮ ਐਲਾਨ, ਸੈਲਾਨੀਆਂ ਨੂੰ ਮਿਲੇਗਾ ਇਹ ਖ਼ਾਸ ਤੋਹਫ਼ਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Anuradha

Content Editor

Related News