ਸਿਹਤ ਵਿਭਾਗ ਦੀ ਟੀਮ ਨੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

02/17/2018 5:31:24 AM

ਤਰਨਤਾਰਨ, (ਰਮਨ)- ਸਿਹਤ ਵਿਭਾਗ ਦੀ ਟੀਮ ਵੱਲੋਂ ਅਚਾਨਕ ਸ਼ਹਿਰ ਦੀਆਂ ਖਾਣ-ਪੀਣ ਵਾਲੀਆਂ ਦੁਕਾਨਾਂ ਤੇ ਡੇਅਰੀਆਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ 'ਚ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਭਰ ਕੇ ਲੈਬਾਰਟਰੀ ਜਾਂਚ ਲਈ ਭੇਜੇ ਗਏ ਹਨ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਫੂਡ ਡਾ. ਗੁਰਪ੍ਰੀਤ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਹੁਕਮਾਂ 'ਤੇ ਚੇਅਰਮੈਨ ਵਰੁਣ ਰੂਜੁਮ ਅਤੇ ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਦੇ ਨਿਰਦੇਸ਼ਾਂ 'ਤੇ ਅੱਜ ਸਥਾਨਕ ਸ਼ਹਿਰ ਦੇ ਚਾਰ ਖੰਭਾ ਚੌਕ, ਗੋਇੰਦਵਾਲ ਬਾਈਪਾਸ, ਨੂਰਦੀ ਬਾਜ਼ਾਰ ਆਦਿ ਤੋਂ ਕੋਲਡ ਡਰਿੰਸਕ, ਬਿਸਕੁਟ, ਟਾਫੀਆਂ, ਤੇਲ, ਦਾਲਾਂ ਅਤੇ ਦੁੱਧ ਦੇ ਸੈਂਪਲ ਸੀਲ ਕੀਤੇ ਗਏ ਹਨ, ਜਿਨਾਂ ਨੂੰ ਅਗਲੇਰੀ ਕਾਰਵਾਈ ਲਈ ਲੈਬਾਰਟਰੀ ਵਿਚ ਭੇਜ ਦਿਤਾ ਗਿਆ ਹੈ ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਵੱਲੋਂ ਵਿਸ਼ੇਸ਼ ਹੁਕਮ ਮਿਲੇ ਹਨ ਕਿ ਲੋਕਾਂ ਦੀ
ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇ ਅਤੇ ਦੁਕਾਨਦਾਰਾਂ ਨੂੰ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਫੂਡ ਸੇਫਟੀ ਅਫਸਰ ਅਸ਼ਵਨੀ ਕੁਮਾਰ ਹਾਜ਼ਰ ਸਨ ।