ਪੰਜਾਬ ''ਚ ਰੋਜ਼ਾਨਾ 1000 ਤੋਂ ਵੱਧ ਲੋਕ ਉਠਾ ਰਹੇ ਹਨ ਸਿਹਤ ਬੀਮਾ ਯੋਜਨਾ ਦਾ ਲਾਭ : ਕੈਪਟਨ

11/20/2019 7:22:24 PM

ਜਲੰਧਰ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ 'ਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਸਰਕਾਰ ਨੇ ਹੁਣ ਤੱਕ 35.85 ਲੱਖ ਲਾਭਕਾਰੀਆਂ ਨੂੰ ਈ-ਕਾਰਡ ਮੁਹੱਈਆ ਕਰਵਾਏ ਹਨ। ਇਸ ਪਿੱਛੋਂ ਲਾਭਕਾਰੀਆਂ ਵਲੋਂ ਰੋਜ਼ਾਨਾ ਸਿਹਤ ਬੀਮਾ ਯੋਜਨਾ ਦਾ ਲਾਭ ਉਠਾਇਆ ਜਾ ਰਿਹਾ ਹੈ। ਪਿਛਲੇ 3 ਮਹੀਨਿਆਂ ਦੌਰਾਨ ਸਰਕਾਰ ਨੇ 67.56 ਕਰੋੜ ਰੁਪਏ ਦੀ ਰਕਮ ਹਜ਼ਾਰਾਂ ਲੋਕਾਂ ਨੂੰ ਮੁਹੱਈਆ ਕਰਵਾਈ ਹੈ। ਪੰਜਾਬ 'ਚ ਇਕ ਹਜ਼ਾਰ ਤੋਂ ਵੱਧ ਲੋਕ ਰੋਜ਼ਾਨਾ ਇਸ ਸਿਹਤ ਬੀਮਾ ਯੋਜਨਾ ਦਾ ਲਾਭ ਉਠਾ ਰਹੇ ਹਨ।

ਇਕ ਪ੍ਰੈੱਸ ਬਿਆਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਪੰਜਾਬ ਅਧੀਨ ਵੱਧ ਤੋਂ ਵੱਧ ਲਾਭਕਾਰੀਆਂ ਨੂੰ ਇਸ ਯੋਜਨਾ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਪ੍ਰਾਈਵੇਟ ਹਸਪਤਾਲਾਂ ਵਲੋਂ ਕਾਰਡਧਾਰਕਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਿਹਤ ਵਿਭਾਗ ਨੇ ਸਭ ਮਾਨਤਾ ਪ੍ਰਾਪਤ ਹਸਪਤਾਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਵਿਭਾਗ ਨੂੰ ਵੀ ਕਿਹਾ ਗਿਆ ਹੈ ਕਿ ਉਹ ਸਮੇਂ-ਸਮੇਂ 'ਤੇ ਸਰਬੱਤ ਸਿਹਤ ਬੀਮਾ ਯੋਜਨਾ ਦੀ ਸਮੀਖਿਆ ਕਰੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਏ ਕਿ ਗਰੀਬ ਵਰਗ ਦੇ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਏ। ਸੀ. ਐੱਮ. ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਵਿਚ ਵਧੇਰੇ ਗਰੀਬ ਲੋਕਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਇਨ੍ਹਾਂ ਵਰਗਾਂ ਨੂੰ ਹੁਣ ਹਸਪਤਾਲਾਂ ਵਿਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਏਗਾ। ਸਿਹਤ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਣਗੀਆਂ।