ਸਿਹਤ ਮੰਤਰੀ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ
Tuesday, Mar 17, 2020 - 05:54 PM (IST)
ਚੰਡੀਗੜ੍ਹ : ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿਚ ਮਰੀਜ਼ਾਂ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਤਬਦੀਲ ਕਰੇਗੀ। ਇਨ੍ਹਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਕਮਿਊਨਿਟੀ ਸਿਹਤ ਅਫਸਰ (ਸੀਐਚਓ) ਦੇ ਨਾਲ-ਨਾਲ ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਦੀ ਟੀਮ ਦੁਆਰਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿਚ 1582 ਸੀ.ਐੱਚ.ਓਜ ਹਨ ਜੋ ਸਬ ਕੇਂਦਰਾਂ/ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਕੰਮ ਕਰ ਰਹੇ ਹਨ, ਜਦਕਿ ਸੂਬੇ ਭਰ ਵਿਚ ਕੁੱਲ 1365 ਤੰਦਰੁਸਤ ਪੰਜਾਬ ਸਿਹਤ ਕੇਂਦਰ ਪਹਿਲਾਂ ਹੀ ਕਾਰਜਸ਼ੀਲ ਹਨ। 925 ਸੀ. ਐੱਚ. ਓਜ਼. ਨੂੰ 6 ਮਹੀਨਿਆਂ ਦੀ ਵਿਸ਼ੇਸ਼ ਸਿਖਲਾਈ ਦੇ ਕੇ ਇਨ੍ਹਾਂ ਕੇਂਦਰਾਂ ਵਿਚ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੈਪਟਨ ਦੇ ਐਲਾਨ ਤੋਂ ਬਾਅਦ ਘਰੇਲੂ ਖਪਤਕਾਰਾਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ ਉਪਲਬਧ ਕਰਵਾਏ ਜਾ ਰਹੇ ਹਨ। ਲੋਕਾਂ ਨੂੰ ਘਰ-ਘਰ ਮਿਆਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ।