ਨਿੱਜੀ ਤੇ ਸਰਕਾਰੀ ਹਸਪਤਾਲਾਂ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਅਹਿਮ ਐਲਾਨ

Monday, Jan 23, 2023 - 01:23 PM (IST)

ਨਿੱਜੀ ਤੇ ਸਰਕਾਰੀ ਹਸਪਤਾਲਾਂ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਅਹਿਮ ਐਲਾਨ

ਨਵਾਂਸ਼ਹਿਰ (ਤ੍ਰਿਪਾਠੀ, ਪੂਜਾ, ਮੂੰਗਾ,ਚਮਨ ਲਾਲ, ਰਾਕੇਸ਼) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਜਲਦੀ ਹੀ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਦੇ ਤਾਲਮੇਲ ’ਤੇ ਆਧਾਰਿਤ ਐਮਰਜੈਂਸੀ ਰਿਸਪਾਂਸ ਸਿਸਟਮ ਸ਼ੁਰੂ ਕਰੇਗਾ ਤਾਂ ਜੋ ਗੰਭੀਰ ਲੋਡ਼ਾਂ ਵਾਲੇ ਮਰੀਜ਼ਾਂ ਨੂੰ ਤੁਰੰਤ ਇਲਾਜ ਮਿਲ ਸਕੇ। ਨਵਾਂਸ਼ਹਿਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਰਜੀਹੀ ਏਜੰਡੇ ਅਨੁਸਾਰ ਪੰਜਾਬ ’ਚ ਸਿਹਤ ਢਾਂਚੇ ਦੀ ਕਾਇਆ ਕਲਪ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ 500 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਮੁਫ਼ਤ ਜਾਂਚ ਅਤੇ ਇਲਾਜ ਤੋਂ ਇਲਾਵਾ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੇ।

ਸਰਕਾਰੀ ਖੇਤਰ ’ਚ ਮਾਹਿਰਾਂ ਦੀ ਭਰਤੀ ’ਚ ਪੰਜਾਬ ਦੇ ਉੱਤਰ ਭਾਰਤ ’ਚ ਪਹਿਲੇ ਸਥਾਨ ਦੀ ਉਦਾਹਰਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਦੇਸ਼ ਭਰ ’ਚ ਪ੍ਰਾਇਮਰੀ ਹੈਲਥ ਕੇਅਰ ਸੇਵਾਵਾਂ ’ਚ ਪਹਿਲਾ ਸਥਾਨ ਹੋਣਾ ਦੋਹਰੀ ਖੁਸ਼ੀ ਦੀ ਗੱਲ ਹੈ। ਸੂਬੇ ’ਚ ਸਿਹਤ ਢਾਂਚੇ ਦੀ ਕਾਇਆ ਕਲਪ ਕਰਨ ਲਈ ਆਪਣੀਆਂ ਪਹਿਲਕਦਮੀਆਂ ਗਿਣਵਾਉਂਦਿਆਂ ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਸਭ ਤੋਂ ਵੱਧ ਤਰਜ਼ੀਹ ਦਿੱਤੀ ਜਾਵੇਗੀ, ਜਿਸ ’ਚ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਦੀਆਂ 1400 ਤੋਂ ਵੱਧ ਐਂਬੂਲੈਂਸਾਂ ਦਾ ਮਜ਼ਬੂਤ ਨੈੱਟਵਰਕ ਸਥਾਪਤ ਕਰਨਾ, ਰਾਜ ’ਚ ਹਾਈਵੇਅ ’ਤੇ ਸਥਿਤ ਸਾਰੇ ਸਰਕਾਰੀ ਹਸਪਤਾਲਾਂ ’ਚ ਐਡਵਾਂਸ ਲਾਈਫ ਸਪੋਰਟ ਐਂਬੂਲੈਂਸਾਂ ਦੀ ਤਾਇਨਾਤੀ ਅਤੇ ਖੂਨਦਾਨੀਆਂ ਦੀ ਡਾਇਰੈਕਟਰੀ ਆਦਿ ਸ਼ਾਮਲ ਹੈ।

ਇਹ ਵੀ ਪੜ੍ਹੋ :  ਜਲੰਧਰ 'ਚ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ

PunjabKesari

ਫਰਿਸ਼ਤੇ ਸਕੀਮ ਨੂੰ ‘ਗੋਲਡਨ ਆਵਰਜ਼’ (ਮੁੱਢਲੇ ਸਮੇਂ) ’ਚ ਦੁਰਘਟਨਾ ਪੀਡ਼ਤਾਂ ਦੀਆਂ ਜਾਨਾਂ ਬਚਾਉਣ ਵੱਲ ਇਕ ਹੋਰ ਅਗਾਂਹਵਧੂ ਕਦਮ ਕਰਾਰ ਦਿੰਦਿਆਂ, ਉਨ੍ਹਾਂ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ’ਚ ਫਸਟ ਏਡ ਕਿੱਟਾਂ ਰੱਖਣ ਦੇ ਨਾਲ-ਨਾਲ ਪੀਡ਼ਤ ਨੂੰ ਨਜ਼ਦੀਕੀ ਹਸਪਤਾਲ ’ਚ ਪਹੁੰਚਾਉਣ। ਉਨ੍ਹਾਂ ਕਿਹਾ ਕਿ ਵਿਭਾਗ ਇਕ ਸਿਹਤ ਸੰਸਥਾ ’ਚ ਤਾਇਨਾਤ ਇਕ ਤੋਂ ਵੱਧ ਮਾਹਿਰ ਡਾਕਟਰਾਂ ਦੀ ਮੁਡ਼ ਡਿਊਟੀ ਵੰਡ ਕਰਕੇ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਤਰਕਸੰਗਤ ਬਣਾਉਣ ਬਾਰੇ ਵਿਚਾਰ ਕਰ ਰਿਹਾ ਹੈ ਤਾਂ ਜੋ ਸਾਰੇ ਪੰਜਾਬ ਵਾਸੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ’ਚ ਗਾਇਨੀਕੋਲੋਜਿਸਟਸ (ਮਹਿਲਾ ਰੋਗਾਂ ਦੇ ਮਾਹਿਰ) ਦੀ ਘਾਟ ਨੂੰ ਪੂਰਾ ਕਰਨ ਲਈ, ਵਿਭਾਗ ਜਲਦੀ ਹੀ ਸਰਜਰੀ ਦੀਆਂ ਲੋਡ਼ਾਂ ਲਈ ਸਥਾਨਕ ਪੱਧਰ ’ਤੇ ਕੰਮ ਕਰਨ ਵਾਲੇ ਪ੍ਰਾਈਵੇਟ ਗਾਇਨੀਕੋਲੋਜਿਸਟਾਂ ਦੀਆਂ ਸੇਵਾਵਾਂ ਲੈਣ ਲਈ ਇਕ ਨੀਤੀ ਲਿਆਂਦੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਖਰਾਬ ਅਤੇ ਗੈਰ-ਕਾਰਜਸ਼ੀਲ ਬੁਨਿਆਦੀ ਢਾਂਚੇ ਨੂੰ ਬਿਹਤਰ ਸਥਿਤੀ ’ਚ ਬਦਲਣ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ, ਲੋਕਾਂ ਨੂੰ ਸਸਤਾ ਇਲਾਜ ਮੁਹੱਈਆ ਕਰਵਾਉਣ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਚੈਪਟਰ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਲਹਿਰ ’ਚ ਉਨ੍ਹਾਂ ਦੀ ਭਾਈਵਾਲੀ ਦੀ ਮੰਗ ਵੀ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ’ਚ ਸਾਰਿਆਂ ਨੂੰ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਰਾਜ ਆਪਣੇ ਨਵੀਂ ਸਰਕਾਰ ਦੇ ਸ਼ਾਸਨ ਦੇ ਪਹਿਲੇ ਸਾਲ ’ਚ ਹੀ ਸਰਕਾਰੀ ਖੇਤਰ ’ਚ ਨੌਕਰੀਆਂ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੇਸ਼ ਦੀ ਜੰਗ-ਏ-ਆਜ਼ਾਦੀ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋਡ਼ਾ, ਡੀ. ਸੀ. ਐੱਨ. ਪੀ. ਐੱਸ. ਰੰਧਾਵਾ, ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਣਾ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਸਰਦਾਰ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ, ਸਿਵਲ ਸਰਜਨ ਡਾ. ਦਵਿੰਦਰ ਢਾਂਡਾ, ‘ਆਪ’ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ, ਨਗਰ ਸੁਧਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਹਾ, ਬਲਬੀਰ ਸਿੰਘ ਕਰਨਾਣਾ, ਗਗਨ ਅਗਨੀਹੋਤਰੀ ਤੋਂ ਇਲਾਵਾ ਆਈ ਐਮ ਏ ਦੇ ਨਵੇਂ ਬਣੇ ਪ੍ਰਧਾਨ ਡਾ. ਭਗਵੰਤ ਸਿੰਘ ਤੇ ਅਹੁਦਾ ਛੱਡ ਰਹੇ ਪ੍ਰਧਾਨ ਡਾ. ਪਰਮਜੀਤ ਮਾਨ ਹਾਜ਼ਰ ਸਨ।

ਇਹ ਵੀ ਪੜ੍ਹੋ : ਜਲੰਧਰ ਨਾਲ ਹੈ ਨਵੇਂ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਪੁਰਾਣਾ ਨਾਤਾ, ਕਈ ਗੈਂਗਸਟਰਾਂ ਦਾ ਕਰ ਚੁੱਕੇ ਨੇ ਐਨਕਾਊਂਟਰ  

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News