ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 IEC ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Friday, Nov 27, 2020 - 11:29 PM (IST)

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 IEC ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਿਸ਼ਨ ਫਤਿਹ ਤਹਿਤ 22 ਆਈ. ਈ. ਸੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਵੈਨਾਂ ਪੰਜਾਬ ਦੇ ਸ਼ਹਿਰੀ ਅਤੇ ਉਚ ਜ਼ੋਖਮ ਵਾਲੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਅਤੇ ਹੋਰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਗੀਆਂ। ਇਸ ਮੁਹਿੰਮ ਦੌਰਾਨ ਕੋਵਿਡ-19 ਦੇ ਟੈਸਟ ਵੀ ਕੀਤੇ ਜਾਣਗੇ। ਇਹ ਵੈਨਾਂ ਪ੍ਰਿੰਟ ਅਤੇ ਆਡੀਓ-ਵਿਜ਼ੂਅਲ ਸਮੱਗਰੀ ਨਾਲ ਲੈਸ ਹਨ।
ਸ. ਸਿੱਧੂ ਨੇ ਦੱਸਿਆ ਕਿ ਇੱਥੇ ਹਰੇਕ ਜ਼ਿਲ੍ਹੇ ਪਿੱਛੇ 1 ਵੈਨ ਹੋਵੇਗੀ ਅਤੇ ਇਸ ਲਈ ਇਕ ਮਾਈਕਰੋ ਪਲਾਨ ਤਿਆਰ ਕੀਤਾ ਗਿਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ 31 ਲੱਖ ਤੋਂ ਵੱਧ ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 149278 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਵੇਲੇ ਪੰਜਾਬ ਵਿਚ ਲਗਭਗ 7479 ਐਕਟਿਵ ਕੇਸ ਸਾਹਮਣੇ ਹਨ। ਪੰਜਾਬ ਵਿੱਚ ਮਰੀਜ਼ਾਂ ਦੇ ਪਾਜ਼ੇਟਿਵ ਪਾਏ ਜਾਣ ਦੀ ਦਰ 4.9 ਪ੍ਰਤੀਸ਼ਤ ਜਦਕਿ ਕੌਮੀ ਪਾਜ਼ੇਟਿਵਿਟੀ ਦਰ 6.9 ਪ੍ਰਤੀਸ਼ਤ ਹੈ। ਪੰਜਾਬ ਵਿੱਚ 7 ਲੈਬਾਟਰੀਆਂ ਵੱਲੋਂ ਕੋਰੋਨਾ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਕਰੋਨਾ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 1500 ਆਈਸੀਯੂ ਬਿਸਤਰਿਆਂ, 855 ਵੈਂਟੀਲੇਟਰਾਂ ਅਤੇ 8000 ਤੋਂ ਵੱਧ ਆਕਸੀਜਨ ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਰੋਜ਼ਾਨਾ 25000 ਤੋਂ 30000 ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 75 ਫੀਸਦੀ ਆਰਟੀ-ਪੀਸੀਆਰ ਟੈਸਟ ਕੀਤੇ ਜਾਂਦੇ ਹਨ। ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨੂੰ ਕੋਰੋਨਾ ਫਤਿਹ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਿੱਟਾਂ ਵਿੱਚ ਥਰਮਾਮੀਟਰ, ਪਲਸ ਆਕਸੀਮੀਟਰ, ਸਟੀਮਰ, ਜ਼ਰੂਰੀ ਦਵਾਈਆਂ ਅਤੇ ਜਾਗਰੂਕਤਾ ਸਮੱਗਰੀ ਸ਼ਾਮਲ ਹੈ। ਇਸੇ ਤਰ੍ਹਾਂ ਹਸਪਤਾਲਾਂ ਵਿੱਚ ਸਿਹਤਯਾਬ ਹੋਏ ਮਰੀਜ਼ਾਂ ਨੂੰ ਪੋਸਟ ਕੋਵਿਡ-19 ਕੇਅਰ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।

ਕੋਰੋਨਾਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੱਖ ਵੱਖ ਫੈਸਲੇ ਵੀ ਲਏ ਹਨ ਅਤੇ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਲੋਕਾਂ  ਨੂੰ ਮਾਸਕ ਪਾਉਣ, ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਅਤੇ ਹੱਥ ਧੋਣ ਜਿਹੇ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਮਲੇ ਨੇ ਵਾਇਰਸ 'ਤੇ ਕਾਬੂ ਪਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਸਿਹਤ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ 50 ਲੱਖ ਰੁਪਏ ਦੇ ਜੀਵਨ ਬੀਮੇ ਦੀ ਸਹੂਲਤ ਦਿੱਤੀ ਗਈ ਹੈ।ਫਰੰਟ ਲਾਈਨ ਕਰਮਚਾਰੀਆਂ ਨੂੰ ਤਕਰੀਬਨ 185 ਕਰੋੜ ਰੁਪਏ ਦੀ ਲਾਗਤ ਨਾਲ ਪੀਪੀਈ ਕਿੱਟਾਂ, ਮਾਸਕ ਅਤੇ ਹੋਰ ਚੀਜ਼ਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ 5.5 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ ਹਨ।

ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ, ਸਿਹਤ ਮੰਤਰੀ ਦੇ ਓ.ਐਸ.ਡੀ  ਡਾ. ਬਲਵਿੰਦਰ ਸਿੰਘ, ਡਾਇਰੈਕਟਰ ਐਨ.ਐਚ.ਐਮ. ਡਾ. ਪਰਵਿੰਦਰਪਾਲ ਸਿੰਘ ਸਿੱਧੂ, ਸਟੇਟ ਨੋਡਲ ਅਫ਼ਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫ਼ਸਰ ਆਈ.ਈ.ਸੀ./ਬੀ.ਸੀ.ਸੀ ਸ੍ਰੀ ਸ਼ਵਿੰਦਰ ਸਹਿਦੇਵ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।  


author

Deepak Kumar

Content Editor

Related News