ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਸਿਹਤ ਮੰਤਰੀ ਜੌੜਾਮਾਜਰਾ ਨੇ ਕੀਤਾ ਅਹਿਮ ਐਲਾਨ

08/12/2022 3:32:50 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਦੀ ਪਹਿਲਕਦਮੀ ਨੂੰ ਅੱਗੇ ਵਧਾਉਂਦਿਆਂ ਪਹਿਲੇ ਪੜਾਅ ਲਈ ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਪ੍ਰਮੁੱਖ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

ਇਹ ਖ਼ਬਰ ਵੀ ਪੜ੍ਹੋ : ਗੁਜਰਾਤ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕਰਨ ’ਤੇ ਰਾਜਾ ਵੜਿੰਗ ਨੇ ਘੇਰੇ ਕੇਜਰੀਵਾਲ

ਮੰਤਰੀ ਨੇ ਦੱਸਿਆ ਕਿ ਅਾਜ਼ਾਦੀ ਦਿਹਾੜੇ ਦੇ ‘ਅੰਮ੍ਰਿਤ ਮਹਾਉਤਸਵ’ ਤਹਿਤ ਭਵਿੱਖ ’ਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ ’ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ’ਚ ਭੀੜ ਨੂੰ ਘਟਾਉਣ ’ਚ ਵੀ ਸਹਾਈ ਸਿੱਧ ਹੋਣਗੇ। ਜੌੜਾਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਇਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ’ਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਕਲੀਨਿਕ ਇਸ ਗੱਲ ਨੂੰ ਧਿਆਨ ’ਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ। ਮੰਤਰੀ ਨੇ ਕਿਹਾ ਕਿ ਹੁਣ ਛੋਟੀਆਂ ਬੀਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ’ਚ ਜਾਣ ਦੀ ਲੋੜ ਨਹੀਂ ਪਵੇਗੀ।

ਇਹ ਖ਼ਬਰ ਵੀ ਪੜ੍ਹੋ : ਹੁਣ ਸਸਤੀ ਮਿਲੇਗੀ ਰੇਤ-ਬੱਜਰੀ ! ਪੰਜਾਬ ਕੈਬਨਿਟ ਨੇ ਮਾਈਨਿੰਗ ਨੀਤੀ ’ਚ ਕੀਤੀ ਸੋਧ


Manoj

Content Editor

Related News