ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਸਿਹਤ ਮੰਤਰੀ ਨੇ ਦਿੱਤਾ ਅਹਿਮ ਬਿਆਨ
Tuesday, May 16, 2023 - 02:01 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਸਿਹਤ ਕਰਮਚਾਰੀ ਯੂਨੀਅਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਲਦ ਹੀ ਨੀਤੀ ਲੈ ਕੇ ਆਵੇਗੀ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਪਨਸਪ ਦੇ ਮੁਲਾਜ਼ਮ, ਦਿੱਤਾ ਵੱਡਾ ਤੋਹਫ਼ਾ
ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਆਯੁਸ਼ਮਾਨ ਯੋਜਨਾ ਅਧੀਨ ਜਲਦ ਹੀ ਠੇਕੇ ’ਤੇ ਰੱਖੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਵਾਏਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਮਾਂਬੱਧ ਢੰਗ ਨਾਲ ਰੂਪ-ਰੇਖਾ ਤਿਆਰ ਕਰਨ ਲਈ ਪਹਿਲਾਂ ਹੀ ਸੂਬੇ ਦੀ ਸਿਹਤ ਏਜੰਸੀ ਨੂੰ ਹਦਾਇਤ ਕਰ ਦਿੱਤੀ ਹੈ। ਉਨ੍ਹਾ ਕਿਹਾ ਕਿ ਸਿਹਤ ਬੀਮੇ ਦਾ ਪ੍ਰੀਮੀਅਮ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ’ਚ ਜਾਣੋ ‘ਆਮ ਆਦਮੀ ਪਾਰਟੀ’ ਦੀ ਜਿੱਤ ਦੇ 10 ਵੱਡੇ ਕਾਰਨ
ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਹਿਤੈਸ਼ੀ ਨੀਤੀਆਂ ਵਿਚ ਵਿਸ਼ਵਾਸ ਰੱਖਦੀ ਹੈ, ਜਿਸ ਦੇ ਚਲਦਿਆਂ ਯੂਨੀਅਨ ਆਗੂਆਂ ਨੂੰ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੇ ਬੁਲਾਇਆ ਗਿਆ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੰਦੋਲਨਾਂ ਦਾ ਸਹਾਰਾ ਨਹੀਂ ਲੈਣਾ ਪਵੇਗਾ। ਉਨ੍ਹਾਂ ਨੇ ਸੂਬੇ ਦੇ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮ ਲਈ ਸਿਹਤ ਵਿਭਾਗ ਦੇ ਸਟਾਫ਼ ਦੀ ਵੀ ਸ਼ਲਾਘਾ ਕੀਤੀ।
ਇਹ ਖ਼ਬਰ ਵੀ ਪੜ੍ਹੋ : ਮੋਟਰਸਾਈਕਲ ਤੇ ਕਾਰ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਸਿਹਤ ਮੁਲਾਜ਼ਮਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕੀਤਾ ਹੈ।
ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।
ਮੁਲਾਜ਼ਮਾਂ ਨੂੰ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਤੁਸੀਂ ਆਪਣੀ ਡਿਊਟੀ ਲਗਨ ਅਤੇ ਤਨਦੇਹੀ ਨਾਲ ਨਿਭਾਓਗੇ ਤਾਂ ਸਫ਼ਲਤਾ ਵੀ ਤੁਹਾਡੇ ਪੈਰ ਚੁੰਮੇਗੀ। ਮੀਟਿੰਗ ਉਪਰੰਤ ਯੂਨੀਅਨ ਆਗੂਆਂ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਮੰਤਰੀ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਐੱਮ. ਡੀ. ਨੈਸ਼ਨਲ ਹੈਲਥ ਮਿਸ਼ਨ, ਐੱਨ. ਐੱਚ. ਐੱਮ. ਕਰਮਚਾਰੀ ਯੂਨੀਅਨ ਪੰਜਾਬ, ਐੱਨ. ਆਰ. ਐੱਚ. ਐੱਮ. ਕਰਮਚਾਰੀ ਸੰਘ ਦਰਜਾ-4 ਕਰਮਚਾਰੀ ਯੂਨੀਅਨਾਂ, ਡਰਾਈਵਰ ਐਸੋਸੀਏਸ਼ਨ ਪੰਜਾਬ, ਫਾਰਮੇਸੀ ਅਫ਼ਸਰ ਐਸੋਸੀਏਸ਼ਨ, ਸੀ. ਐੱਚ. ਓ. ਐਸੋਸੀਏਸ਼ਨ, ਕੰਟਰੈਕਟ ਐੱਮ. ਪੀ. ਐੱਚ. ਡਬਲਿਊ. ਫੀਮੇਲ ਯੂਨੀਅਨ, 2211 ਕੰਟਰੈਕਟ ਐੱਮ.ਪੀ.ਐੱਚ.ਡਬਲਯੂ. ਫੀਮੇਲ ਐਸੋਸੀਏਸ਼ਨ, ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ, ਏਡਜ਼ ਕੰਟਰੋਲ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਅਤੇ ਕੋਰੋਨਾ ਵਾਰੀਅਰਜ਼ ਯੂਨੀਅਨ ਮੌਜੂਦ ਸਨ।