ਪੰਜਾਬ ਵਾਸੀਆਂ ਨੂੰ ਸਿਹਤ ਮੰਤਰੀ ਦੀ ਖ਼ਾਸ ਅਪੀਲ, ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਨਿਰਦੇਸ਼

Thursday, Jun 20, 2024 - 04:11 PM (IST)

ਚੰਡੀਗੜ੍ਹ (ਅੰਕੁਰ) : ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ 'ਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਦੱਸਣਯੋਗ ਹੈ ਕਿ ਵੈਕਟਰ-ਬੋਰਨ ਬਿਮਾਰੀਆਂ 'ਚ ਡੇਂਗੂ, ਚਿਕਨਗੁਨੀਆ, ਮਲੇਰੀਆ, ਲਿੰਫੈਟਿਕ ਫਾਲਰਾਇਸਿਸ, ਜਾਪਾਨੀ ਐਨਸੇਫਲਾਈਟਿਸ ਅਤੇ ਕਲਾ ਅਜ਼ਰ ਸ਼ਾਮਲ ਹੈ। ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਅਤੇ ਵਾਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਇਨ੍ਹਾਂ ਬਿਮਾਰੀਆਂ ਦੇ ਪਹਿਲਾਂ ਪਛਾਣੇ ਗਏ ਹੌਟਸਪਾਟਾਂ ‘ਤੇ ਨਜ਼ਰ ਰੱਖਣ ਅਤੇ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਬਾਰੇ ਜਾਣੂੰ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੁਣ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ ਕੀਤੀ ਗਈ ਸੁਰੱਖਿਆ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦਫ਼ਤਰਾਂ ਜਾਂ ਅਜਿਹੀਆਂ ਥਾਵਾਂ ਜਿੱਥੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹੈ, ਉਨ੍ਹਾਂ 'ਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਆਦਿ ਸਮੇਤ ਸਾਰੇ ਸੰਵੇਦਨਸ਼ੀਲ ਥਾਵਾਂ ‘ਤੇ ਨਜ਼ਰ ਰੱਖਣ ਅਤੇ ਸਾਫ਼ ਰੱਖਣ। ਉਨ੍ਹਾਂ ਕਿਹਾ ਕਿ ਮੱਛਰ ਦੇ ਪ੍ਰਜਨਣ ਚੱਕਰ ਨੂੰ ਤੋੜਨਾ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਦਾ ਇੱਕੋ-ਇਕ ਹੱਲ ਹੈ। ਮੱਛਰ ਨੂੰ ਅੰਡੇ ਤੋਂ ਲੈ ਕੇ ਬਾਲਗ ਬਣਨ ਵਿੱਚ ਸਿਰਫ ਇਕ ਹਫ਼ਤੇ ਦਾ ਸਮਾ ਲੱਗਦਾ ਹੈ। ਸਿਹਤ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਅਤੇ ਐੱਨ. ਜੀ. ਓਜ਼ ਨਾਲ ਮੀਟਿੰਗਾਂ ਕਰਨ ਤਾਂ ਜੋ ਉਨ੍ਹਾਂ ਨੂੰ ਮੱਛਰਾਂ ਦੇ ਲਾਰਵੇ ਬਾਰੇ ਜਾਗਰੂਕ ਕਰਕੇ ਅਜਿਹੀਆਂ ਬਿਮਾਰੀਆਂ ਖ਼ਿਲਾਫ਼ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਸਰਕਾਰੀ ਸਕੀਮਾਂ ਨਾਲ ਜੁੜੀ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ

ਸਬੰਧਿਤ ਮੁਲਾਜ਼ਮਾਂ ਨੂੰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਫੌਗਿੰਗ ਵਧਾਉਣ ਲਈ ਵੀ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਸਿੱਖਿਆ ਵਿਭਾਗ ਨੂੰ ਇਸ 'ਚ ਸ਼ਾਮਲ ਕਰਨ ਅਤੇ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਵਿਦਿਆਰਥੀ ਆਪਣੇ ਘਰਾਂ ਜਾਂ ਆਸ-ਪਾਸ ਇਕੱਠਾ ਹੋਏ ਪਾਣੀ ‘ਤੇ ਨਜ਼ਰ ਰੱਖਣ 'ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਡਾ. ਬਲਬੀਰ ਸਿੰਘ ਨੇ 829 ਆਮ ਆਦਮੀ ਕਲੀਨਿਕਾਂ ਦੀ ਵਰਤੋਂ ਕਰਨ ਦੀ ਤਜਵੀਜ਼ ਵੀ ਰੱਖੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ 'ਚ ਰੋਜ਼ਾਨਾ 50000 ਤੋਂ ਵੱਧ ਲੋਕ ਆਉਂਦੇ ਹਨ।

ਉਨ੍ਹਾਂ ਕਿਹਾ ਕਿ ਕਲੀਨਿਕ ਦੇ ਸਟਾਫ਼ ਨੂੰ ਡੇਂਗੂ ਤੋਂ ਬਚਾਉਣ ਸਬੰਧੀ ਸਿਖਲਾਈ ਦੇ ਕੇ ਜਾਂ ਕਲੀਨਿਕਾਂ 'ਚ ਆਉਣ ਵਾਲੇ ਲੋਕਾਂ ਨੂੰ ਪੈਂਫਲਿਟ ਦੇ ਕੇ ਇਨ੍ਹਾਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਸਕਦਾ ਹੈ। ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ, ਫਰਿਸ਼ਤੇ ਸਕੀਮ ਅਤੇ ਸਿਹਤ ਵਿਭਾਗ ਦੇ ਚੱਲ ਰਹੇ ਹੋਰ ਪ੍ਰਾਜੈਕਟਾਂ ਦੇ ਕੰਮਕਾਜ ਦਾ ਵੀ ਜਾਇਜ਼ਾ ਲਿਆ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਜੋਏ ਸ਼ਰਮਾ, ਐਮਡੀ ਨੈਸ਼ਨਲ ਹੈਲਥ ਮਿਸ਼ਨ ਡਾ: ਅਭਿਨਵ ਤ੍ਰਿਖਾ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਧੀਕ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਰਾਹੁਲ ਗੁਪਤਾ ਅਤੇ ਹੋਰ ਪ੍ਰੋਗਰਾਮ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News