ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Thursday, Feb 13, 2025 - 06:20 PM (IST)
![ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ](https://static.jagbani.com/multimedia/2025_2image_18_20_140432847arrested.jpg)
ਚੰਡੀਗੜ੍ਹ/ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਕਰਮਚਾਰੀ ਨੇ ਉਸ ਦੇ ਮੈਡੀਕਲ ਦੀ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਤੋਂ 3000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।