ਕੋਟਕਪੂਰਾ ਗੋਲੀਕਾਂਡ : ਸਾਬਕਾ DGP ਸੁਮੇਧ ਸੈਣੀ ਦੀ ਅਰਜ਼ੀ ਦੀ ਸੁਣਵਾਈ 19 ਤੱਕ ਮੁਲਤਵੀ
Friday, Feb 19, 2021 - 03:46 AM (IST)
ਫਰੀਦਕੋਟ, (ਜਗਦੀਸ਼)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਖਿਲਾਫ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕਰ ਕੇ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਸੀ, ਜਿਸ ਕਰ ਕੇ ਚਲਾਨ ਪੇਸ਼ ਹੋਣ ਨਾਲ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ, ਜਿਸ ’ਤੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਅੱਜ ਲਈ ਮੁਲਤਵੀ ਕਰਦਿਆਂ ਸਾਬਕਾ ਡੀ.ਜੀ.ਪੀ. ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਉਹ ਅਦਾਲਤ ਸਾਹਮਣੇ ਪੇਸ਼ ਨਹੀ ਹੋਏ । ਸੁਮੇਧ ਸੈਣੀ ਦੇ ਵਕੀਲ ਵੱਲੋਂ ਚਲਾਨ ਦੀਆਂ ਨਕਲਾਂ ਲੈਣ ਲਈ ਇਕ ਦਰਖਾਸਤ ਦਿੱਤੀ ਗਈ ਸੀ ਜਿਸ ’ਤੇ ਅੱਜ ਦੋਵਾਂ ਧਿਰਾਂ ਵੱਲੋਂ ਬਹਿਸ ਕੀਤੀ ਗਈ ਅਤੇ ਅਗਲੀ ਤਾਰੀਖ 19 ਫ਼ਰਵਰੀ ਲਈ ਮੁਲਤਵੀ ਕਰ ਦਿੱਤੀ ਗਈ।
ਇਸ ਤੋਂ ਪਹਿਲਾਂ ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ਵਿਚ ਮੁਅੱਤਲੀ ਅਧੀਨ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਐੱਸ.ਪੀ. ਬਲਜੀਤ ਸਿੰਘ ਸਿੱਧੂ, ਡੀ. ਐੱਸ. ਪੀ. ਪਰਮਜੀਤ ਸਿੰਘ ਪੰਨੂ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਖਿਲਾਫ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ । ਹੁਕਮ ਮੁਤਾਬਕ ਸੈਣੀ ਦਾ ਅਦਾਲਤ ਵਿਚ ਪੇਸ਼ ਹੋਣਾ ਲਾਜ਼ਮੀ ਹੈ ।