ਹਰ ਹਫ਼ਤੇ ਹੋਵੇਗੀ ਸ਼ਹੀਦਾਂ ਦੇ ਪਰਿਵਾਰਾਂ ਦੀ ਸੁਣਵਾਈ : ਅਪਨੀਤ ਰਿਆਤ
Monday, Sep 28, 2020 - 11:12 PM (IST)
ਹੁਸ਼ਿਆਰਪੁਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਵੱਖਰੀ ਪਹਿਲ ਕਰਦਿਆਂ ਫੈਸਲਾ ਕੀਤਾ ਕਿ ਕੰਮਕਾਜ਼ ਵਾਲੇ ਦਿਨਾਂ ਵਿੱਚੋਂ ਇਕ ਦਿਨ ਵਿਸ਼ੇਸ਼ ਤੌਰ ’ਤੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਸੁਨਣ ਲਈ ਮੁਕਰਰ ਕੀਤਾ ਜਾਵੇਗਾ ਅਤੇ ਇਨ੍ਹਾਂ ਮਸਲਿਆਂ ਦਾ ਨਬੇੜਾ ਤਰਜ਼ੀਹ ’ਤੇ ਘੱਟੋ-ਘੱਟ ਸਮੇਂ ਵਿੱਚ ਕੀਤਾ ਜਾਵੇਗਾ। ਇਨ੍ਹਾਂ ਪਰਿਵਾਰਾਂ ਦੀ ਸਹੂਲਤ ਲਈ ਐਸ.ਡੀ.ਐਮਜ਼ ਆਉਂਦੇ ਮਹੀਨੇ ਇਸ ਕੰਮ ਦੀ ਸ਼ੁਰੂਆਤ ਕਰਨਗੇ।
ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਕਦਮ ਤਹਿਤ ਸਾਰੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਦਫ਼ਤਰਾਂ ਵਿੱਚ ਦਿਨ ਅਤੇ ਸਮਾਂ ਨਿਸ਼ਚਿਤ ਕਰਨ ਤਾਂ ਜੋ ਇਨ੍ਹਾਂ ਪਰਿਵਾਰਾਂ ਨਾਲ ਸਬੰਧਤ ਮਸਲਿਆਂ ਨੂੰ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ ਐਸ.ਡੀ.ਐਮਜ਼ ਕੰਮਕਾਜ਼ ਵਾਲੇ ਦਿਨਾਂ ਵਿੱਚੋਂ ਇਕ ਦਿਨ ਇਨ੍ਹਾਂ ਪਰਿਵਾਰਾਂ, ਜਿਨ੍ਹਾਂ ਵਿੱਚ ਪੁਲਿਸ ਦੇ ਸ਼ਹੀਦਾਂ ਅਤੇ ਸੈਨਾਵਾਂ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰ ਸ਼ਾਮਲ ਹਨ, ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਸੁਨਣ ਉਪਰੰਤ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਮਸਲਿਆਂ ਦਾ ਢੁਕਵਾਂ ਹੱਲ ਯਕੀਨੀ ਬਣਾਉਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦਾਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ ਅਤੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦਾ ਸਰਗਰਮ ਭਾਈਵਾਲ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਇਨ੍ਹਾਂ ਪਰਿਵਾਰਾਂ ਦਾ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਆਉਣ ਉਪਰੰਤ ਉਸ ਨੂੰ ਸਮਾਂਬੱਧ ਢੰਗ ਨਾਲ ਨਬੇੜਨਗੇ ਅਤੇ ਅਜਿਹੇ ਮਸਲਿਆਂ ਬਾਬਤ ਮਹੀਨਾਵਾਰ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਜ਼ਿਲ੍ਹਾ ਪੱਧਰੀ ਸਮੀਖਿਆ ਲਈ ਹਰ ਮਹੀਨੇ ਦੀ 20 ਤਾਰੀਕ ਨੂੰ ਪੁੱਜਦੀ ਕਰਨਗੇ।
ਅਪਨੀਤ ਰਿਆਤ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਜਾਂ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੀ ਸ਼ਿਕਾਇਤ ਸਬੰਧਤ ਐਸ.ਡੀ.ਐਮਜ਼ ਕੋਲ ਤੁਰੰਤ ਨਬੇੜੇ ਲਈ ਦੇ ਸਕਦੇ ਹਨ।
ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ ਹੁਸ਼ਿਆਰਪੁਰ ਅਜਿਹਾ ਜ਼ਿਲ੍ਹਾ ਹੈ ਜਿਥੋਂ ਦੇ ਲੋਕ ਵਧੇਰੇ ਗਿਣਤੀ ਵਿੱਚ ਹਥਿਆਰਬੰਦ ਸੈਨਾਵਾਂ ਵਿੱਚ ਸੇਵਾਵਾਂ ਦੇ ਰਹੇ ਹਨ ਅਤੇ ਇਸ ਜ਼ਿਲ੍ਹੇ ਦੇ ਬਹੁਗਿਣਤੀ ਜਵਾਨਾਂ ਨੇ ਦੇਸ਼ ਦੀ ਰੱਖਿਆ ਖਾਤਰ ਕੁਰਬਾਨੀਆਂ ਦਿੱਤੀਆਂ ਹਨ।