ਹੀਟ ਵੇਵ-2022 ਐਡਵਾਈਜ਼ਰੀ ਦੇ ਮੱਦੇਨਜ਼ਰ DC ਵੱਲੋਂ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ
Saturday, Apr 23, 2022 - 04:53 PM (IST)
 
            
            ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) : ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2022 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵੱਲੋਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ ਤਿਆਰ ਕਰਨ ਅਤੇ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਮੇਂ ਸਿਰ ਜਮ੍ਹਾਂ ਕਰਵਾਉਣ। ਇਹ ਪਲਾਨ ਆਉਣ ਵਾਲੇ ਮਹੀਨਿਆਂ ’ਚ ਗਰਮੀ ਦੀ ਸੰਭਾਵਿਤ ਲਹਿਰ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸ਼ੁਰੂਆਤੀ ਯੋਜਨਾਬੰਦੀ ਢੁੱਕਵੇਂ ਉਪਾਅ ਕਰਨ ’ਚ ਸਹਿਯੋਗ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਗਰਮੀ ਦੀ ਲਹਿਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਖ਼ੁਦ ਨੂੰ ਤਿਆਰ ਕਰਨ ਦੇ ਯੋਗ ਬਣਾਉਣ ਲਈ ਐਕਸ਼ਨ ਪਲਾਨ ਤੁਰੰਤ ਤਿਆਰ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਦਫ਼ਤਰ ਵਿਖੇ ਦੂਰ-ਦੁਰਾਡੇ ਤੋਂ ਵੀ ਲੋਕ ਆਪਣਾ ਕੰਮ ਕਰਵਾਉਣ ਲਈ ਆਉਂਦੇ ਹਨ। ਲੋਕਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਹਵਾਦਾਰ-ਛਾਂਦਾਰ ਬੈਠਣ ਦਾ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਹੀਟ ਵੇਵ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਉਪਰਾਲੇ ਕਰਨ ਤਾਂ ਜੋ ਲੋਕਾਂ ਨੂੰ ਗਰਮੀ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਜਾਰੀ ਐਡਵਾਈਜ਼ਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ 2022 ’ਚ ਹੀਟ ਵੇਵ ਦੇ ਅਸਰ ਨੂੰ ਘਟਾਉਣ ਤੇ ਪ੍ਰਬੰਧਨ ਲਈ ਢੁੱਕਵੀਂ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹੇ ’ਚ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਅਸਥਾਈ ਪਨਾਹਗਾਹਾਂ ਤੇ ਸ਼ੈੱਡਾਂ, ਬਾਹਰੀ ਲੇਬਰ ਲਈ ਕੰਮ ਕਰਨ ਦੇ ਸਮੇਂ ਦਾ ਸਮਾਂ ਨਿਰਧਾਰਿਤ ਕਰਨਾ ਤੇ ਪਾਰਕਾਂ ਦੀ ਵਰਤੋਂ, ਬਿਹਤਰ ਐਮਰਜੈਂਸੀ ਡਾਕਟਰੀ ਸੇਵਾਵਾਂ, ਜਨਤਕ ਸਿਹਤ, ਬਿਜਲੀ ਦਾ ਢੁੱਕਵਾਂ ਪ੍ਰਬੰਧ ਮੁਹੱਈਆ ਕਰਵਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਨੂੰ ਯਕੀਨੀ ਬਣਾਇਆ ਜਾਵੇ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            