ਪੰਜਾਬ ''ਚ ਆਉਣ ਵਾਲੇ 3 ਦਿਨ ਭਾਰੀ ਮੀਂਹ ਦੀ ਚਿਤਾਵਨੀ, ਕਿਸਾਨ ਪਰੇਸ਼ਾਨ

09/22/2018 5:34:11 PM

ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਆਉਣ ਵਾਲੇ 3 ਦਿਨਾਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਅੱਜ ਸਵੇਰ ਤੋਂ ਹੋ ਰਹੀ ਤੇਜ਼ ਬਾਰਸ਼ ਕਾਰਨ ਜ਼ੀਰਕਪੁਰ ਦੀਆਂ ਗਲੀਆਂ 'ਚ ਅਤੇ ਘਰਾਂ 'ਚ ਪਾਣੀ ਭਰ ਗਿਆ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਸਥਿਤ ਕੇਂਦਰ ਤੋਂ ਮਿਲੀ ਸੂਚਨਾ ਮੁਤਾਬਕ 22 ਸਤੰਬਰ ਤੋਂ 24 ਸਤੰਬਰ ਤੱਕ ਸੂਬੇ ਦੇ ਮਾਝਾ, ਮਾਲਵਾ ਤੇ ਦੋਆਬਾ ਇਲਾਕਿਆਂ 'ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਬੁਲਾਰੇ ਮੁਤਾਬਕ ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਐੱਸ. ਬੀ. ਐੱਸ. ਨਗਰ, ਲੁਧਿਆਣਾ, ਮੋਹਾਲੀ ਤੇ ਰੂਪਨਗਰ 'ਚ ਭਾਰੀ ਮੀਂਹ ਪੈ ਸਕਦਾ ਹੈ। ਬੁਲਾਰੇ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਲੋੜ ਮੁਤਾਬਕ ਉਚਿਤ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਖੇਤੀਬਾੜੀ ਵਿਭਾਗ ਵਲੋਂ ਚਿਤਾਵਨੀ
ਪੰਜਾਬ ਖੇਤੀਬਾੜੀ ਵਿਭਾਗ ਨੇ ਕੇਂਦਰੀ ਭੂ ਵਿਗਿਆਨ ਮੰਤਰਾਲੇ ਵਲੋਂ ਜਾਰੀ ਸੂਚਨਾ ਦੇ ਆਧਾਰ 'ਤੇ ਚਿਤਾਵਨੀ ਦਿੱਤੀ ਹੈ। ਇਸ ਚਿਤਾਵਨੀ ਦੇ ਸੱਚ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਝੋਨੇ ਦੀ ਫਸਲ ਦੀ ਵਾਢੀ ਸ਼ੁਰੂ ਹੋਣ ਵਾਲੀ ਹੈ ਅਤੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਵੀ ਸ਼ੁਰੂ ਹੋਣ ਵਾਲੀ ਹੈ।