ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ: ਮੰਗਲਵਾਰ ਨੂੰ ਇਸ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਆਂਗਣਵਾੜੀ ਕੇਂਦਰ ਰਹਿਣਗੇ ਬੰਦ
Monday, Jul 20, 2026 - 10:27 PM (IST)
ਅੰਮ੍ਰਿਤਸਰ : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਸੂਬੇ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਭਾਰੀ ਮੀਂਹ ਦੀ ਚਿਤਾਵਨੀ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਅੰਮ੍ਰਿਤਸਰ ਦੇ ਸਾਰੇ ਸਕੂਲ ਅਤੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਲੋਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਮੌਸਮ ਦੀ ਤਾਜ਼ਾ ਸਥਿਤੀ ਦੇਖ ਕੇ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ।
ਮੌਸਮ ਵਿਭਾਗ ਨੇ ਸੂਬੇ ਦੇ ਅੱਠ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ 'ਔਰੇਂਜ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ, ਜਿਸ ਨਾਲ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਦੱਖਣ-ਪੱਛਮੀ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ ਹੈ।
ਇਹ ਮਾਨਸੂਨੀ ਬਾਰਿਸ਼ ਖੇਤੀਬਾੜੀ ਖਾਸ ਕਰਕੇ ਝੋਨੇ, ਮੱਕੀ ਅਤੇ ਸਾਉਣੀ ਦੀਆਂ ਹੋਰ ਫਸਲਾਂ ਲਈ ਬਹੁਤ ਲਾਹੇਵੰਦ ਮੰਨੀ ਜਾ ਰਹੀ ਹੈ। ਮਾਹਿਰਾਂ ਅਨੁਸਾਰ ਇਸ ਨਾਲ ਖੇਤਾਂ ਵਿੱਚ ਨਮੀ ਬਣੀ ਰਹੇਗੀ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਦੀ ਘੱਟ ਲੋੜ ਪਵੇਗੀ। ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।
