ਕੋਵਿਡ-19 : ਹੈਲਪਲਾਈਨ ਰਾਹੀਂ 24 ਘੰਟੇ ਬੈੱਡਾਂ ਦੀ ਮੌਜੂਦਾ ਸਥਿਤੀ ਬਾਰੇ ਹਾਸਲ ਹੋਵੇਗੀ ਜਾਣਕਾਰੀ

Friday, Apr 23, 2021 - 01:29 AM (IST)

ਕੋਵਿਡ-19 : ਹੈਲਪਲਾਈਨ ਰਾਹੀਂ 24 ਘੰਟੇ ਬੈੱਡਾਂ ਦੀ ਮੌਜੂਦਾ ਸਥਿਤੀ ਬਾਰੇ ਹਾਸਲ ਹੋਵੇਗੀ ਜਾਣਕਾਰੀ

ਚੰਡੀਗੜ੍ਹ,(ਅਸ਼ਵਨੀ)- ਸੂਬਾ ਸਰਕਾਰ ਦੀ 104 ਹੈਲਪਲਾਈਨ ਨੰਬਰ ਰਾਹੀਂ ਹਸਪਤਾਲਾਂ ਵਿਚ ਮੌਜੂਦਾ ਬੈੱਡਾਂ ਬਾਰੇ 24 ਘੰਟੇ ਫੌਰੀ ਜਾਣਕਾਰੀ ਹਾਸਲ ਹੋਵੇਗੀ। ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਮੌਜੂਦਾ ਸਥਿਤੀ ਬਾਰੇ ਜਾਇਜ਼ਾ ਲੈਣ ਲਈ ਹੋਈ ਉਚ ਪੱਧਰੀ ਮੀਟਿੰਗ ਦੌਰਾਨ ਫੈਸਲਾ ਲਿਆ।

ਮੁਲਕ ਦੇ ਵੱਖ-ਵੱਖ ਹਿੱਸਿਆਂ ਵਿਚ ਕੋਵਿਡ ਮਰੀਜ਼ਾਂ ਲਈ ਬੈੱਡਾਂ ਦੀ ਘਾਟ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਵਿਚ ਬੈੱਡਾਂ ਦੀ ਮੌਜੂਦਗੀ ਦੇ ਸਬੰਧ ਵਿਚ ਵਰਤਮਾਨ ਸਥਿਤੀ ਦੇ ਮੁਕਾਬਲੇ ਪੰਜਾਬ ਵਿਚ ਸਥਿਤੀ ਠੀਕ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 5456 ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਦੀ ਹੋਈ ਮੌਤ

ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕੋਵਿਡ ਸੰਭਾਲ ਲਈ ਐਲ-2 ਅਤੇ ਐਲ-3 ਸੁਵਿਧਾਵਾਂ ਵਿਚ 75 ਫੀਸਦੀ ਬੈੱਡ ਰਾਖਵੇਂ ਰੱਖਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਚੋਣਵੀਆਂ ਸਰਜਰੀਆਂ ’ਤੇ ਮੁਕੰਮਲ ਪਾਬੰਦੀ ਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਢਿੱਲ ਲਈ ਕੋਈ ਥਾਂ ਨਹੀਂ ਅਤੇ ਸੂਬੇ ਨੂੰ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਪੁਲਸ ਵਿਭਾਗ ਨੂੰ ਕਿਹਾ ਕਿ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਸੂਬੇ ਵਿਚ ਆਕਸੀਜਨ ਦੀ ਉਪਲੱਬਧਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੂੰ ਪੱਤਰ ਲਿਖ ਕੇ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਨਿੱਜੀ ਦਖਲ ਦੇਣ ਦੀ ਮੰਗ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਸੰਕਟ ’ਤੇ ਕਾਬੂ ਪਾਉਣ ਲਈ 136 ਐੱਮ.ਟੀ. ਅਲਾਟ ਕੀਤੀ ਗਈ ਹੈ, ਜਿਸ ਵਿਚ ਸੂਬੇ ਵਿਚ ਨਿਰਮਾਣ ਕੀਤੀ ਜਾਂਦੀ 32 ਐੱਮ.ਟੀ. ਵੀ ਸ਼ਾਮਲ ਹੈ। ਉਨ੍ਹਾਂ ਉਦਯੋਗ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਕਸੀਜਨ ਸਪਲਾਈ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਆਕਸੀਜਨ ਦੀ ਜਮ੍ਹਾਖੋਰੀ ਨੂੰ ਰੋਕਣ ਦੀ ਲੋੜ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ- ਕੋਰੋਨਾ ਦੀ ਦੂਜੀ ਡੋਜ਼ ਤੋਂ ਬਾਅਦ ਬੀਬੀ ਦੀ ਹਾਲਤ ਗੰਭੀਰ, PGI 'ਚ ਦਾਖ਼ਲ

ਮੁੱਖ ਸਕੱਤਰ ਵਿੰਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਉਦਯੋਗ ਵਿਭਾਗ ਵਲੋਂ ਪਹਿਲਾਂ ਹੀ ਏ.ਐਸ.ਯੂ. ਰੀਫਿਲਿੰਗ ਯੂਨਿਟਾਂ ਵਿਖੇ ਸਪਲਾਈ ਅਤੇ ਮੰਗ ਦੇ 24X7 ਨਿਗਰਾਨੀ ਲਈ ਟੀਮਾਂ ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੈਰ-ਕੋਵਿਡ ਮਾਮਲਿਆਂ ਲਈ ਆਕਸੀਜਨ ਦਾ ਇਸਤੇਮਾਲ ਨਾ ਹੋਵੇ।


author

Bharat Thapa

Content Editor

Related News