ਖੇਤੀ ਕਾਨੂੰਨਾਂ ਨੂੰ ਹੇਮਾ ਮਾਲਿਨੀ ਨੇ ਕਿਸਾਨਾਂ ਲਈ ਦੱਸਿਆ ਲਾਹੇਵੰਦ, ਲੋਕਾਂ ਨੂੰ ਕੀਤੀ ਇਹ ਅਪੀਲ

12/29/2020 9:28:48 AM

ਮੁੰਬਈ (ਬਿਊਰੋ) : ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਲੋਕਸਭਾ ਮੈਂਬਰ ਅਤੇ ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਨੇ ਸੋਮਵਾਰ ਇਕ ਵੀਡੀਓ ਕਲਿੱਪ ਜਾਰੀ ਕਰਦਿਆਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਭਕਾਰੀ ਦੱਸਦਿਆਂ ਅੰਦੋਲਨਕਾਰੀ ਕਿਸਾਨਾਂ ਨੂੰ ਧਰਨਾ ਪ੍ਰਦਰਸ਼ਨ ਸਮਾਪਤ ਕਰਨ ਦੀ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ। ਹੇਮਾ ਮਾਲਿਨੀ ਨੇ, 'ਜੈ ਜਵਾਨ-ਜੈ ਕਿਸਾਨ ਨਾਲ ਆਪਣਾ ਸੰਦੇਸ਼ ਸੁਰੂ ਕਰਦਿਆਂ ਕਿਹਾ ਜਿਵੇਂ ਜਵਾਨ ਇਸ ਦੇਸ਼ ਦੀ ਰੱਖਿਆ ਕਰਦਾ ਹੈ, ਉਵੇਂ ਹੀ ਕਿਸਾਨ ਸਾਨੂੰ ਅੰਨ੍ਹ ਦਿੰਦਾ ਹੈ। ਸਾਡੀ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਅਗਵਾਈ 'ਚ ਬੀਤੇ ਛੇ ਸਾਲਾਂ ਦੌਰਾਨ ਦੇਸ਼ ਦੇ ਕਿਸਾਨਾਂ ਨੂੰ ਖੁਸ਼ਹਾਲੀ ਵੱਲ ਲਿਜਾਣ ਲਈ ਅਨੇਕਾਂ ਕਦਮ ਚੁੱਕੇ ਹਨ।'

ਹੇਮਾ ਮਾਲਿਨੀ ਨੇ ਮੋਦੀ ਦਾ ਧੰਨਵਾਦ ਕੀਤਾ
ਹੇਮਾ ਮਾਲਿਨੀ ਨੇ ਦਾਅਵਾ ਕੀਤਾ ਕਿ ਖੇਤੀ ਸੁਧਾਰ ਕਾਨੂੰਨਾਂ ਨੇ ਹੀ ਕਿਸਾਨਾਂ ਨੂੰ ਬਿਹਤਰ ਵਿਕਲਪ ਦਿੱਤੇ ਹਨ। ਜਿੱਥੇ ਸਹੀ ਭਾਅ ਮਿਲੇ ਕਿਸਾਨ ਉੱਥੇ ਆਪਣੀ ਫ਼ਸਲ ਵੇਚ ਸਕਦੇ ਹਨ। ਉਨ੍ਹਾਂ ਕਿਹਾ ਦੇਸ਼ ਦੇ ਕਿਸਾਨਾਂ ਨੂੰ ਅੱਜ ਖੇਤੀ ਸੁਧਾਰ ਜ਼ਰੀਏ ਜ਼ਿਆਦਾ ਅਧਿਕਾਰ ਮਿਲ ਰਹੇ ਹਨ। ਇਸ ਲਈ ਪ੍ਰਧਾਨ ਮੰਤਰੀ ਦੇ ਸ਼ੁਕਰਗੁਜ਼ਾਰ ਹਾਂ। ਨਵੇਂ ਖੇਤੀ ਕਾਨੂੰਨ ਜਿੱਥੇ ਖੇਤੀ ਖ਼ੇਤਰ ਦਾ ਕਾਇਆ ਕਲਪ ਕਰਨਗੇ ਉੱਥੇ ਕਿਸਾਨਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣਗੇ।

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਉਥੇ ਹੀ ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ।

ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਕਿਸਾਨਾਂ ਨੇ ਕੱਢਿਆ ਨਵਾਂ ਤਰੀਕਾ 
ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।


sunita

Content Editor

Related News