ਖਟਕੜ ਕਲਾਂ ’ਚ ਬਣੇਗੀ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਹੈਰੀਟੇਜ ਸਟ੍ਰੀਟ, ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ

Wednesday, Mar 26, 2025 - 01:53 AM (IST)

ਖਟਕੜ ਕਲਾਂ ’ਚ ਬਣੇਗੀ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਹੈਰੀਟੇਜ ਸਟ੍ਰੀਟ, ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ (ਅੰਕੁਰ) : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ’ਚ ਹੈਰੀਟੇਜ ਸਟ੍ਰੀਟ ਬਣਾਉਣ ਲਈ ਕੇਂਦਰ ਸਰਕਾਰ ਨੇ 53 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਧੰਨਵਾਦ ਕੀਤਾ। ਡਾ. ਸੁਭਾਸ਼ ਸ਼ਰਮਾ ਇਸ ਪ੍ਰੋਜੈਕਟ ਲਈ ਕਾਫ਼ੀ ਸਮੇਂ ਤੋਂ ਯਤਨਸ਼ੀਲ ਸਨ ਅਤੇ ਇਸ ਸੰਬੰਧੀ ਉਹ ਕਈ ਵਾਰ ਕੇਂਦਰੀ ਮੰਤਰੀ ਸ਼ੇਖਾਵਤ ਨੂੰ ਮਿਲ ਚੁੱਕੇ ਸਨ। ਲੋਕ ਸਭਾ ਚੋਣਾਂ ਦੌਰਾਨ ਸ਼ੇਖਾਵਤ ਨੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਸਰਕਾਰ ਨੇ ਪੂਰਾ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਹੈਰੀਟੇਜ ਸਟ੍ਰੀਟ ਨਾ ਸਿਰਫ਼ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸੰਭਾਲੇਗੀ ਸਗੋਂ ਇਹ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀ ਸ਼ਹਾਦਤ ਅਤੇ ਆਜ਼ਾਦੀ ਸੰਘਰਸ਼ ਵਿੱਚ ਉਨ੍ਹਾਂ ਦੀ ਭੂਮਿਕਾ ਤੋਂ ਪ੍ਰੇਰਿਤ ਵੀ ਕਰੇਗੀ। ਇਸ ਪ੍ਰੋਜੈਕਟ ਅਧੀਨ ਭਗਤ ਸਿੰਘ ਦੀ ਜ਼ਿੰਦਗੀ ਨਾਲ ਜੁੜੇ ਮਹੱਤਵਪੂਰਨ ਇਤਿਹਾਸਕ ਪਲਾਂ ਨੂੰ ਦਰਸਾਉਣ ਲਈ ਵਿਸ਼ੇਸ਼ ਕੰਧ ਚਿੱਤਰ, ਅਜਾਇਬਘਰ, ਡਿਜੀਟਲ ਡਿਸਪਲੇ ਅਤੇ ਇੰਟਰਐਕਟਿਵ ਗੈਲਰੀਆਂ ਤਿਆਰ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਸ ਹੈਰੀਟੇਜ ਸਟ੍ਰੀਟ ਨੂੰ ਸੈਰ-ਸਪਾਟੇ ਦੀ ਦ੍ਰਿਸ਼ਟੀ ਨਾਲ ਵੀ ਵਿਕਸਤ ਕੀਤਾ ਜਾਵੇਗਾ, ਜਿਸ ਨਾਲ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ ਸਗੋਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਸ਼ਾਨਦਾਰ ਇਤਿਹਾਸ ਬਾਰੇ ਜਾਣਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਖਟਕੜ ਕਲਾਂ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਕਾਰਨ ਮਸ਼ਹੂਰ ਹੈ ਅਤੇ ਇਹ ਪ੍ਰੋਜੈਕਟ ਇਸ ਨੂੰ ਇੱਕ ਮਹੱਤਵਪੂਰਨ ਇਤਿਹਾਸਕ ਅਤੇ ਸਭਿਆਚਾਰਕ ਕੇਂਦਰ ਵਜੋਂ ਸਥਾਪਤ ਕਰਨ ’ਚ ਮਦਦ ਕਰੇਗਾ। ਇਹ ਪਹਿਲ ਦੇਸ਼-ਭਗਤੀ ਅਤੇ ਆਜ਼ਾਦੀ ਸੰਘਰਸ਼ ਪ੍ਰਤੀ ਜਾਗਰੂਕਤਾ ਵਧਾਉਣ ਦਾ ਪ੍ਰਭਾਵਸ਼ਾਲੀ ਸਾਧਨ ਬਣੇਗੀ। ਸਰਕਾਰ ਦੇ ਇਸ ਕਦਮ ਨਾਲ ਨੌਜਵਾਨਾਂ ’ਚ ਦੇਸ਼-ਭਗਤੀ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ ਤੇ ਉਹ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਹੋਣਗੇ।


author

Inder Prajapati

Content Editor

Related News